ਮੋਗਾ ਬੱਸ ਅੱਡੇ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਰੋਸ ਪ੍ਰਦਰਸ਼ਨ, ਬਜਟ ਦੀਆਂ ਸਾੜੀਆਂ ਕਾਪੀਆਂ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ
Publish Date: Tue, 10 Mar 2026 05:37 PM (IST)
Updated Date: Wed, 11 Mar 2026 04:06 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤਾਜ਼ਾ ਬਜਟ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕਿਸੇ ਵੀ ਤਰ੍ਹਾਂ ਦੀ ਰਾਹਤ ਜਾਂ ਨਵੀਂ ਘੋਸ਼ਣਾ ਨਾ ਕਰਨ ਦੇ ਵਿਰੋਧ ਵਿਚ ਅੱਜ ਮੋਗਾ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਪਸਸਫ) 1680, ਸੈਕਟਰ 22ਬੀ ਵੱਲੋਂ ਮੋਗਾ ਦੇ ਬੱਸ ਅੱਡੇ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਆਪਣਾ ਗੁੱਸਾ ਜਤਾਇਆ ਗਿਆ। ਇਸ ਮੌਕੇ ਬੋਲਦੇ ਹੋਏ ਪੰਜਾਬ ਪੈਨਸ਼ਨਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਕਿਸੇ ਵੀ ਸਰਕਾਰ ਦਾ ਫਰਜ਼ ਹੁੰਦਾ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੇ ਅਤੇ ਉਨ੍ਹਾਂ ਦਾ ਹੱਲ ਕਰੇ ਪਰ ਮੌਜੂਦਾ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਉੱਤੇ ਜ਼ੁਲਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕਿਸਾਨਾਂ, ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਨਾ ਹੀ ਅਧਿਆਪਕਾਂ ਜਾਂ ਹੋਰ ਵਰਗਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਕਰ ਰਹੀ ਹੈ। ਚਾਹਲ ਨੇ ਕਿਹਾ ਕਿ ਸਰਕਾਰ ਸਿਰਫ਼ ਵਾਅਦੇ ਅਤੇ ਲਾਰਿਆਂ ਨਾਲ ਹੀ ਸਮਾਂ ਕੱਟ ਰਹੀ ਹੈ ਜਦਕਿ ਜ਼ਮੀਨੀ ਪੱਧਰ ’ਤੇ ਕਿਸੇ ਵੀ ਵਰਗ ਲਈ ਕੋਈ ਢੰਗ ਦਾ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਅਜੇ ਤੱਕ ਸਰਕਾਰ ਵੱਲੋਂ ਨਵੀਆਂ ਭਰਤੀਆਂ ਸ਼ੁਰੂ ਨਹੀਂ ਕੀਤੀਆਂ ਗਈਆਂ ਅਤੇ ਨਾ ਹੀ ਲੰਬੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਸਰਕਾਰੀ ਸੰਪਤੀਆਂ ਨੂੰ ਵੇਚ ਕੇ ਸਰਕਾਰ ਸਿਰਫ਼ ਆਪਣਾ ਟਾਈਮ ਪਾਸ ਕਰ ਰਹੀ ਹੈ, ਜਿਸ ਨਾਲ ਲੋਕਾਂ ਵਿਚ ਨਾਰਾਜ਼ਗੀ ਵੱਧ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀਆਂ ਘਟਨਾਵਾਂ ਦੀ ਉਹ ਤਿੱਖੀ ਨਿਖੇਧੀ ਕਰਦੇ ਹਨ ਅਤੇ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਰਿੰਦਰ ਸਿੰਘ ਬਰਾੜ, ਹਰੀ ਬਹਾਦਰ ਬਿੱਟੂ, ਗੁਰਜੰਟ ਸਿੰਘ ਕੋਕਰੀ, ਗੁਰਪ੍ਰੀਤ ਸਿੰਘ, ਜਸਪਾਲ ਪਾਲੀ, ਭੁਪਿੰਦਰ ਸਿੰਘ ਸੇਖੋਂ, ਧਰਮਜੀਤ ਸਿੰਘ, ਰਾਜਬੀਰ ਸਿੰਘ ਸਮੇਤ ਕਈ ਹੋਰ ਆਗੂ ਅਤੇ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ।