- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈੱਲਫੇਅਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਰਜਿ: ਮੋਗਾ ਵੱਲੋਂ ਆਪਣੀਆਂ ਮੰਗਾਂ ਅਤੇ ਰਿਟਾਇਰਡ ਮੁਲਾਜ਼ਮਾਂ ਨੂੰ ਰਿਵਾਇਜ਼ਡ ਪੈਨਸ਼ਨ ਦੇ ਬਕਾਏ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੰਬੇ ਸਮੇਂ ਤੋਂ ਲਟਕ ਰਹੇ ਬਕਾਏ ਅਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਤੁਰੰਤ ਕਰਨ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਦੱਸਿਆ ਕਿ 1 ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਦੀ ਰਿਵਾਇਜਡ ਪੈਨਸ਼ਨ ਦੇ ਬਕਾਏ ਸਬੰਧੀ ਸਰਕਾਰ ਵੱਲੋਂ ਪੱਤਰ ਨੰਬਰ 03-01-21-ਆਈਐੱਫ਼ਪੀ12 ਮਿਤੀ 18 ਫਰਵਰੀ 2025 ਰਾਹੀਂ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਹੁਕਮਾਂ ਅਨੁਸਾਰ 1 ਅਪ੍ਰੈਲ 2026 ਤੋਂ ਬਕਾਇਆ ਰਕਮ ਬਰਾਬਰ ਕਿਸ਼ਤਾਂ ਵਿੱਚ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਣੀ ਸੀ। ਐਸੋਸੀਏਸ਼ਨ ਅਨੁਸਾਰ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਪੇ-ਸਕੇਲ ਦੇ ਬਕਾਏ ਦੀ ਰਕਮ ਦੇ ਬਿੱਲ ਤਿਆਰ ਕਰਕੇ ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਣੀ ਸੀ, ਪਰ ਇਸ ਸਬੰਧੀ ਕਾਰਵਾਈ ਸਮੇਂ ਸਿਰ ਨਹੀਂ ਕੀਤੀ ਗਈ। ਐਸੋਸੀਏਸ਼ਨ ਆਗੂਆਂ ਨੇ ਦੋਸ਼ ਲਗਾਇਆ ਕਿ ਸਬੰਧਤ ਤਹਿਸੀਲਦਾਰਾਂ ਅਤੇ ਬਿੱਲ ਕਲਰਕਾਂ ਵੱਲੋਂ ਅਪ੍ਰੈਲ ਤੋਂ ਅਗਸਤ ਤੱਕ ਬਕਾਏ ਦੇ ਬਿੱਲ ਤਿਆਰ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਅਧਿਕਾਰੀਆਂ ਨੂੰ ਵਾਰ-ਵਾਰ ਜਾਣੂੰ ਕਰਵਾਇਆ ਗਿਆ ਅਤੇ ਪਹਿਲਾਂ 17 ਅਗਸਤ ਫਿਰ 7 ਸਤੰਬਰ ਅਤੇ ਆਖ਼ਰਕਾਰ 21 ਸਤੰਬਰ ਨੂੰ ਲਿਖਤੀ ਤੌਰ ’ਤੇ ਬਕਾਏ ਦੇ ਬਿੱਲ ਤਿਆਰ ਕਰਨ ਦੀ ਮੰਗ ਕੀਤੀ ਗਈ ਸੀ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ 28 ਸਤੰਬਰ ਤੱਕ ਬਿੱਲ ਤਿਆਰ ਕਰਕੇ ਰਕਮ ਖਾਤਿਆਂ ਵਿੱਚ ਨਾ ਪਾਈ ਗਈ ਤਾਂ 30 ਸਤੰਬਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਭੁਪਿੰਦਰ ਸਿੰਘ ਦੌਲਤਪੁਰਾ, ਲਖਵੀਰ ਸਿੰਘ ਸੰਧੂ, ਹਰਿਨੇਕ ਸਿੰਘ, ਹਰਜੀਤ ਸਿੰਘ ਮਨਾਵਾ, ਗੁਰਮੀਤ ਸਿੰਘ ਸੰਧੂ, ਸਾਬਕਾ ਸਰਪੰਚ ਮਲਕੀਤ ਸਿੰਘ ਸੰਧੂਆ ਵਾਲਾ, ਗੁਰਨਾਮ ਸਿੰਘ ਜੈਤੋ ਅਤੇ ਅਜੀਤ ਸਿੰਘ ਧਰਮਕੋਟ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।