- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਅਹਿਮ ਮੀਟਿੰਗ ਨੇਚਰ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ, ਅਵਾਰਾ ਕੁੱਤਿਆਂ ਦੇ ਵਧਦੇ ਖ਼ਤਰੇ, ਟੁੱਟੀਆਂ ਸੜਕਾਂ ਅਤੇ ਨਗਰ ਨਿਗਮ ਮੋਗਾ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਿਨੋਂ-ਦਿਨ ਗੰਭੀਰ ਹੁੰਦੀਆਂ ਜਾ ਰਹੀਆਂ ਹਨ ਪਰ ਸੰਬੰਧਤ ਵਿਭਾਗ ਵੱਲੋਂ ਇਨ੍ਹਾਂ ਦੇ ਹੱਲ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਜਾ ਰਹੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਵਾਰਾ ਅਤੇ ਖੂੰਖਾਰ ਕੁੱਤਿਆਂ ਦਾ ਮਸਲਾ ਹੁਣ ਆਮ ਲੋਕਾਂ ਦੀ ਜਾਨ ਲਈ ਵੱਡਾ ਖ਼ਤਰਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪਿੰਡ ਪੱਬੀਆਂ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਦੀ ਖੂੰਖਾਰ ਕੁੱਤਿਆਂ ਦੇ ਹਮਲੇ ਕਾਰਨ ਮੌਤ ਹੋ ਗਈ, ਜਦਕਿ ਇਸ ਤੋਂ ਪਹਿਲਾਂ ਪਿੰਡ ਕਪੂਰੇ ਦੇ ਇਕ ਕਰੀਬ 50 ਸਾਲਾ ਵਿਅਕਤੀ ਦੀ ਵੀ ਕੁੱਤਿਆਂ ਦੇ ਹਮਲੇ ਵਿਚ ਜਾਨ ਚਲੀ ਗਈ ਸੀ। ਇਸ ਤੋਂ ਇਲਾਵਾ ਵੀ ਕਈ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜੋ ਜਨਤਕ ਤੌਰ 'ਤੇ ਸਾਹਮਣੇ ਨਹੀਂ ਆਈਆਂ। ਐਸੋਸੀਏਸ਼ਨ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ, ਗਲੀਆਂ, ਮੁਹੱਲਿਆਂ ਅਤੇ ਚੌਰਾਹਿਆਂ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਅਵਾਰਾ ਕੁੱਤੇ ਘੁੰਮਦੇ ਰਹਿੰਦੇ ਹਨ। ਇਸ ਕਾਰਨ ਬਜ਼ੁਰਗਾਂ, ਬੱਚਿਆਂ, ਔਰਤਾਂ ਅਤੇ ਸਵੇਰੇ-ਸ਼ਾਮ ਸੈਰ ਕਰਨ ਵਾਲੇ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਮੀਟਿੰਗ ਵਿਚ ਇਹ ਵੀ ਕਿਹਾ ਗਿਆ ਕਿ ਮਨੁੱਖੀ ਜੀਵਨ ਸਭ ਤੋਂ ਕੀਮਤੀ ਹੈ ਅਤੇ ਸਰਕਾਰ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਅਤੇ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਹੋਰ ਕੋਈ ਬੇਕਸੂਰ ਵਿਅਕਤੀ ਆਪਣੀ ਜਾਨ ਨਾ ਗੁਆਏ। ਮੀਟਿੰਗ ਵਿਚ ਮੋਗਾ ਸ਼ਹਿਰ ਦੀ ਸਫ਼ਾਈ ਪ੍ਰਣਾਲੀ 'ਤੇ ਵੀ ਤਿੱਖੇ ਸਵਾਲ ਚੁੱਕੇ ਗਏ। ਮੈਂਬਰਾਂ ਨੇ ਦੋਸ਼ ਲਾਇਆ ਕਿ ਨਗਰ ਨਿਗਮ ਬਣਨ ਤੋਂ ਬਾਅਦ ਵੀ ਸ਼ਹਿਰ ਦੀ ਸਫ਼ਾਈ ਵਿਚ ਕੋਈ ਸੁਧਾਰ ਨਹੀਂ ਆਇਆ। ਐਸੋਸੀਏਸ਼ਨ ਨੇ ਮੋਗਾ ਬਾਈਪਾਸ ਤੋਂ ਚੜਿੱਕ ਰੋਡ ਟਾਵਰ ਰਾਹੀਂ ਪੱਤੀ ਮੁਹੱਬਤ ਤੱਕ ਬਣੀ ਸੜਕ ਦੀ ਮਾੜੀ ਹਾਲਤ ਦਾ ਵੀ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਸੀਵਰੇਜ ਪਾਉਣ ਤੋਂ ਬਾਅਦ ਸੜਕ ਦੀ ਮੁਰੰਮਤ ਸਹੀ ਢੰਗ ਨਾਲ ਨਹੀਂ ਕੀਤੀ ਗਈ। ਸੜਕ ਦੇ ਵਿਚਕਾਰ ਬਣੇ ਗਟਰ ਉੱਚੇ ਹਨ ਜਦਕਿ ਸੜਕ ਹੇਠਾਂ ਧੱਸ ਚੁੱਕੀ ਹੈ। ਇਸ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਦੇ ਕਮਿਸ਼ਨਰ ਖੁਦ ਮੌਕੇ ਦਾ ਦੌਰਾ ਕਰਕੇ ਸੜਕ ਦੀ ਜਾਂਚ ਕਰਨ ਅਤੇ ਜੇਕਰ ਕਿਸੇ ਠੇਕੇਦਾਰ ਜਾਂ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੇ ਅੰਤ ਵਿਚ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਮੋਗਾ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਸਫ਼ਾਈ, ਅਵਾਰਾ ਕੁੱਤਿਆਂ ਦੀ ਸਮੱਸਿਆ ਅਤੇ ਖ਼ਰਾਬ ਸੜਕਾਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪ੍ਰਭਾਵ ਨਾਲ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਜਨਤਕ ਪੱਧਰ 'ਤੇ ਸੰਘਰਸ਼ ਕਰਨ ਲਈ ਵੀ ਮਜ਼ਬੂਰ ਹੋਣਾ ਪਵੇਗਾ।