ਬਿਜਲੀ ਮੁਲਾਜ਼ਮਾਂ ਦੀ ਦੋ ਰੋਜ਼ਾ ਸਮੂਹਿਕ ਛੁੱਟੀ ਨਾਲ ਪੰਜਾਬ ਭਰ ’ਚ ਗੂੰਜਿਆ ਰੋਸ ਪੰਜਾਬ ਸਰਕਾਰ ਅਤੇ ਪਾਵਰਕਾਮ
Publish Date: Tue, 21 Jul 2026 06:51 PM (IST)
Updated Date: Wed, 22 Jul 2026 04:08 AM (IST)
ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ ਅੱਜ ਪੈਨਸ਼ਨਰ ਕਰਨਗੇ ਜ਼ਿਲ੍ਹਾ ਹੈੱਡਕੁਆਰਟਰਾਂ ਅੱਗੇ ਜੇਲ੍ਹ ਭਰੋ ਅੰਦੋਲਨ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਨ ਵੱਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨ ਅਤੇ ਵਾਰ-ਵਾਰ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਸੋਮਵਾਰ ਨੂੰ ਸਮੁੱਚੇ ਪੰਜਾਬ ਵਿਚ ਬਿਜਲੀ ਮੁਲਾਜ਼ਮਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਗਏ। ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਾਂਝੇ ਸੱਦੇ ’ਤੇ ਦੋ ਰੋਜ਼ਾ ਸਮੂਹਿਕ ਛੁੱਟੀ ਕੀਤੀ ਗਈ ਹੈ। ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ, ਡਵੀਜ਼ਨ ਤੇ ਸਬ-ਡਵੀਜ਼ਨ ਪੱਧਰ ਤੇ ਬਿਜਲੀ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਉਠਾਈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਐੱਸਈਬੀ ਇੰਪਲਾਈਜ਼ ਫੈੱਡਰੇਸ਼ਨ (ਏਟਕ) ਸਰਕਲ ਫ਼ਰੀਦਕੋਟ ਦੇ ਪ੍ਰਧਾਨ ਪਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਦੀ ਅੜੀਅਲ ਨੀਤੀ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰੀ ਤਨਖ਼ਾਹ ਸਕੇਲਾਂ ਦੀ ਥਾਂ ਪੰਜਾਬ ਦੇ ਤਨਖ਼ਾਹ ਸਕੇਲ ਦਿੱਤੇ ਜਾਣ, ਬਕਾਇਆ 18 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਸੋਲੇਸ਼ੀਅਮ ਨੀਤੀ ਅਧੀਨ 12 ਫ਼ੀਸਦੀ ਵਿਆਜ ਨਾਲ ਰਿਕਵਰੀ ਦੀ ਸ਼ਰਤ ਨੂੰ ਰੱਦ ਕੀਤਾ ਜਾਵੇ ਅਤੇ ਵਿਭਾਗ ਵਿਚ ਪਈਆਂ ਖਾਲੀ ਅਸਾਮੀਆਂ ਨੂੰ ਨਿਯਮਤ ਭਰਤੀ ਰਾਹੀਂ ਜਲਦ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੋਰ ਵੀ ਕਈ ਲੰਬਿਤ ਮੰਗਾਂ ਹਨ, ਜਿਨ੍ਹਾਂ ਸਬੰਧੀ ਕਈ ਵਾਰ ਸਰਕਾਰ ਅਤੇ ਪ੍ਰਬੰਧਨ ਨਾਲ ਮੀਟਿੰਗਾਂ ਹੋਈਆਂ ਪਰ ਅੱਜ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਹੈ। ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ) ਦੇ ਸਕੱਤਰ ਗੁਰਮੇਲ ਸਿੰਘ ਨਾਹਰ ਨੇ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 22 ਜੁਲਾਈ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ਅੱਗੇ ਵੱਡੇ ਪੱਧਰ ਤੇ ‘ਜੇਲ੍ਹ ਭਰੋ ਅੰਦੋਲਨ’ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਜਦੋਂ ਤੱਕ ਸਰਕਾਰ ਠੋਸ ਫ਼ੈਸਲਾ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਡਵੀਜ਼ਨ ਪ੍ਰਧਾਨ, ਬੂਟਾ ਸਿੰਘ ਮੀਤ ਪ੍ਰਧਾਨ, ਜਗਤਾਰ ਸਿੰਘ ਸੇਖਵਾਂ ਡਵੀਜ਼ਨ ਪ੍ਰਧਾਨ, ਓ ਐਂਡ ਐੱਮ ਮੰਡਲ ਕੋਟਕਪੂਰਾ, ਨਿਰਮਲ ਸਿੰਘ ਮਾਹਲਾ ਆਈਟੀਆਈ ਐਸੋਸੀਏਸ਼ਨ, ਸੇਵਕ ਸਿੰਘ ਸਟੇਟ ਆਗੂ ਟੈਕਨੀਕਲ ਸਰਵਿਸਿਜ਼ ਯੂਨੀਅਨ, ਮਨਜੋਤ ਸਿੰਘ ਬਰਾੜ ਸਿਟੀ ਡਵੀਜ਼ਨ ਪ੍ਰਧਾਨ ਅਤੇ ਬਲਵਿੰਦਰ ਸਿੰਘ ਉੱਬੀ ਜ਼ੋਨ ਸਕੱਤਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੋਰ ਅਣਗੌਲਿਆ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੋਪਾਲ ਸਿੰਘ, ਪ੍ਰਦੀਪ ਕੁਮਾਰ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਰਹੇ।