- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ

ਤੁਰੰਤ ਅਸਤੀਫ਼ੇ ਤੇ ਐੱਫਆਈਆਰ ਦਰਜ ਕਰਨ ਦੀ ਕੀਤੀ ਮੰਗ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਦੋਖੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਤਣਾਅ ਹੋਰ ਵੱਧ ਗਿਆ ਹੈ। ਇਸ ਮਾਮਲੇ ਨਾਲ ਜੁੜੀ ਇਕ ਵੀਡੀਓ ਦੀ ਮਾਨਤਾ-ਪ੍ਰਾਪਤ ਫ਼ੋਰੈਂਸਿਕ ਲੈਬ ਵੱਲੋਂ ਤਸਦੀਕ ਹੋਣ ਦੇ ਦਾਅਵਿਆਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਤਿੱਖੀਆਂ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸੇ ਸਬੰਧ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਕਰਵਾਰ ਧਰਮਕੋਟ ਵਿਖੇ ਯੂਥ ਕਾਂਗਰਸ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਮੋਗਾ ਦੇ ਸੋਹਣਾ ਖੇਲਾ, ਗੁਰਬੀਰ ਸਿੰਘ ਗੋਗਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀ ਸਰਵਉਚ ਧਾਰਮਿਕ ਸੰਸਥਾ ਵੱਲੋਂ ਕਿਸੇ ਵਿਅਕਤੀ ਨੂੰ ਪੰਥ ਦੋਖੀ ਕਰਾਰ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰਦੇ ਹੋਏ ਤੁਰੰਤ ਆਪਣੇ ਅਹੁਦੇ ਤੋਂ ਹਟ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਭਗਵੰਤ ਮਾਨ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਨਵੇਂ ਬੇਅਦਬੀ ਕਾਨੂੰਨ ਤਹਿਤ ਉਨ੍ਹਾਂ ਖ਼ਿਲਾਫ਼ ਤੁਰੰਤ ਐੱਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਯੂਥ ਕਾਂਗਰਸ ਆਗੂਆਂ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਧਾਰਮਿਕ ਮਰਿਆਦਾਵਾਂ ਅਤੇ ਸੰਸਥਾਵਾਂ ਦਾ ਸਤਿਕਾਰ ਸਭ ਤੋਂ ਉੱਪਰ ਮੰਨਿਆ ਜਾਂਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਾਰਨ ਜਨਤਾ ’ਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ’ਤੇ ਵੱਡੇ ਪੱਧਰ ਦੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਧਾਰਮਿਕ ਅਪਮਾਨ ਨੂੰ ਕਦੇ ਵੀ ਸਹਿਣ ਨਹੀਂ ਕਰਨਗੇ। ਇਸ ਮੌਕੇ ਨਿਰਮਲ ਸਿੰਘ ਪ੍ਰਧਾਨ ਧਰਮਕੋਟ, ਸੰਦੀਪ ਸਿੰਘ ਸੰਧੂ, ਸੁਖਦੇਵ ਸਿੰਘ ਸ਼ੇਰਾ ਐੱਮਸੀ, ਗੁਰਬੰਤ ਸਿੰਘ ਕੋਟ ਸਦਰ, ਸਚਿਨ ਐੱਮਸੀ, ਰੁਪਿੰਦਰ ਸਿੰਘ ਤਲਵੰਡੀ, ਬਲਵਿੰਦਰ ਸਿੰਘ ਰੇੜਵਾ, ਭੁਪਿੰਦਰ ਸਿੰਘ ਰੇੜਵਾ, ਬਲਵਿੰਦਰ ਸਿੰਘ ਮਾਲੀ (ਬਲਾਕ ਸੰਮਤੀ ਮੈਂਬਰ), ਡਾ. ਰਣਜੀਤ ਸਿੰਘ ਕੈਲਾ, ਕੁਲਦੀਪ ਚੁੱਘਾ, ਅਰਸ਼ਜੋਤ ਗਗੜਾ, ਗੁਰਲਾਲ ਮਹਿਲ, ਬਚਿੱਤਰ ਸਿੰਘ ਮਹਿਲ, ਸਤਵੀਰ ਮਹਿਲ, ਹਰਜੀਤ ਟੋਨਾ ਲੌਗੀਵਿੰਡ ਸਮੇਤ ਵੱਡੀ ਗਿਣਤੀ ’ਚ ਯੂਥ ਕਾਂਗਰਸ ਦੇ ਆਗੂ ਅਤੇ ਵਰਕਰ ਮੌਜੂਦ ਸਨ।