ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 20-20 ਲੱਖ ਮੁਆਵਜ਼ਾ ਦਿੱਤੀ ਜਾਵੇ : ਨਰੇਗਾ ਯੂਨੀਅਨ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ
Publish Date: Tue, 20 Oct 2026 04:17 PM (IST)
Updated Date: Wed, 21 Oct 2026 04:01 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪਿੰਡ ਅਲੀਸ਼ੇਰ (ਲਹਿਰਾਗਾਗਾ) ਵਿਖੇ ਨਰੇਗਾ/ਗ੍ਰਾਂਮ ਜੀ ਤਹਿਤ ਸੜਕ ’ਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਵਾਪਰੇ ਦਰਦਨਾਕ ਹਾਦਸੇ ਸਬੰਧੀ ਵੱਖ-ਵੱਖ ਪਿੰਡਾਂ ਅੰਦਰ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜੂ ਮਹੇਸ਼ਰੀ ਅਤੇ ਸਰਬਜੀਤ ਕੌਰ ਖੋਸਾ ਨੇ ਸੰਬੋਧਨ ਕਰਦਿਆਂ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਰੋਜ਼ੀ-ਰੋਟੀ ਕਮਾਉਣ ਲਈ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਜਾਨਾਂ ਚਲਦੀ ਕਾਰ ਦੀ ਲਪੇਟ ਵਿਚ ਆਉਣ ਕਾਰਨ ਚਲੀਆਂ ਜਾਣਾ ਬੇਹੱਦ ਦੁਖਦਾਈ ਹੈ। ਇਹ ਘਟਨਾ ਮਜ਼ਦੂਰਾਂ ਦੀ ਕੰਮਕਾਜੀ ਥਾਵਾਂ ’ਤੇ ਸੁਰੱਖਿਆ ਦੇ ਪ੍ਰਬੰਧਾਂ ਦੀ ਘਾਟ ਨੂੰ ਉਜਾਗਰ ਕਰਦੀ ਹੈ। ਸਰਕਾਰ ਨੂੰ ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਹਾਦਸੇ ਵਿਚ ਮਾਰੇ ਗਏ ਹਰੇਕ ਮਜ਼ਦੂਰ ਦੇ ਪਰਿਵਾਰ ਨੂੰ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਹਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਹਾਦਸੇ ਵਿਚ ਜ਼ਖ਼ਮੀ ਹੋਏ ਮਜ਼ਦੂਰਾਂ ਦੇ ਇਲਾਜ ਦਾ ਪੂਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਵੇ ਅਤੇ ਉਨ੍ਹਾਂ ਨੂੰ ਢੁੱਕਵੀਂ ਆਰਥਿਕ ਸਹਾਇਤਾ ਵੀ ਦਿੱਤੀ ਜਾਵੇ। ਇਸ ਦੇ ਨਾਲ ਹੀ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਆਗੂਆਂ ਨੇ ਕਿਹਾ ਕਿ ਨਰੇਗਾ ਮਜ਼ਦੂਰ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਤੇ ਅਸੁਰੱਖਿਅਤ ਹਾਲਤਾਂ ਵਿੱਚ ਕੰਮ ਕਰਨਾ ਪੈਂਦਾ ਹੈ। ਮਜ਼ਦੂਰਾਂ ਦੀ ਜਾਨ ਦੀ ਸੁਰੱਖਿਆ ਨੂੰ ਪਹਿਲ ਦੇਣਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਕੰਮ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਵੇ। ਅੰਤ ਵਿਚ ਆਗੂਆਂ ਨੇ ਕਿਹਾ ਕਿ ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਜੇਕਰ ਕੋਈ ਐਕਸ਼ਨ ਕਮੇਟੀ ਸੰਘਰਸ਼ ਦਾ ਪ੍ਰੋਗਰਾਮ ਉਲੀਕਦੀ ਹੈ ਤਾਂ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਉਸ ਵਿਚ ਪੂਰੀ ਸਰਗਰਮੀ ਨਾਲ ਸ਼ਮੂਲੀਅਤ ਕਰੇਗੀ।