ਮਾਨ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ : ਡਾ. ਅਰੋੜਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
Publish Date: Fri, 27 Mar 2026 03:47 PM (IST)
Updated Date: Sat, 28 Mar 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਮੇਂ-ਸਮੇਂ ’ਤੇ ਪੂਰਾ ਕਰ ਰਹੀ ਹੈ ਅਤੇ ਭਗਵੰਤ ਮਾਨ ਪ੍ਰਸ਼ਾਸਨ ਜਨਤਾ ਦੀਆਂ ਉਮੀਦਾਂ ’ਤੇ ਖਰਾ ਉੱਤਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕ ਸਮਾਗਮ ਦੌਰਾਨ ਆਪਣੇ ਹਲਕੇ ਦੇ ਪਿੰਡ ਨਾਹਲ ਅਤੇ ਖੋਟੇ ਵਿਖੇ ਸੰਬੋਧਨ ਕਰਦਿਆਂ ਪ੍ਰਗਟ ਕੀਤੀਆਂ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡਾਂ ਦੇ ਵਸਨੀਕਾਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਦਾ ਮੌਕਾ ਲਿਆ। ਉਨ੍ਹਾਂ ਅੱਗੇ ਕਿਹਾ ਕਿ 4 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਹਲਕੇ ਲਈ ਨਵੀਂ ਅਨਾਜ ਮੰਡੀ ਮੋਗਾ ਵਿਖੇ ਸਮਾਗਮ ਨੂੰ ਸੰਬੋਧਨ ਕਰਨਗੇ, ਜਿੱਥੇ ਉਹ ਸੂਬੇ ਲਈ ਆਮ ਆਦਮੀ ਪਾਰਟੀ ਦੇ ਦ੍ਰਿਸ਼ਟੀਕੋਣ ਤੋਂ ਜਨਤਾ ਨੂੰ ਜਾਣੂੰ ਕਰਵਾਉਣਗੇ। ਆਮ ਆਦਮੀ ਪਾਰਟੀ (ਆਪ) ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕਰਦੇ ਹੋਏ, ਉਨ੍ਹਾਂ ਨੂੰ ਪਾਰਟੀ ਦੀਆਂ ਯੋਜਨਾਵਾਂ ਪ੍ਰਤੀ ਜਨਤਕ ਜਾਗਰੂਕਤਾ ਪੈਦਾ ਕਰਨ ਅਤੇ 4 ਅਪ੍ਰੈਲ ਨੂੰ ਹੋਣ ਵਾਲੀ ਰੈਲੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ’ਤੇ 'ਆਪ' ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਸੰਯੁਕਤ ਸਕੱਤਰ ਕਪਿਲ ਸੂਦ ਅਤੇ ਡਾ. ਰਾਕੇਸ਼ ਅਰੋੜਾ ਤੇ ਨਾਹਲ ਅਤੇ ਖੋਟੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।