ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਦਾ ਫੰਡ ਮਨਜ਼ੂਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ
Publish Date: Mon, 31 Aug 2026 04:08 PM (IST)
Updated Date: Mon, 31 Aug 2026 04:10 PM (IST)
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਨੇ ਕੀਤਾ ਵਿਸ਼ੇਸ਼ ਦੌਰਾ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਲਗਭਗ 800 ਮੀਟਿੰਗਾਂ ਵਪਾਰੀਆਂ ਦੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਯੋਜਿਤ ਕਰਵਾਈਆਂ ਹਨ ਜਿੰਨ੍ਹਾਂ ਵਿਚ 8000 ਦੇ ਕਰੀਬ ਸ਼ਿਕਾਇਤਾਂ ਜਾਂ ਸਮੱਸਿਆਵਾਂ ਆਈਆਂ ਸਨ, ਇੰਨ੍ਹਾਂ ਵਿਚੋਂ 7000 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਮੋਗਾ ਦਾ ਵਿਸ਼ੇਸ਼ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਮੋਗਾ ਵਿਖੇ ਪੁੱਜ ਕੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਪੂਰਨ ਵਚਨਬੱਧ ਹੈ। ਇਸ ਮੀਟਿੰਗ ਵਿਚ ਉਨ੍ਹਾਂ ਨਾਲ ਡੀਸੀ ਮੋਗਾ ਸਾਗਰ ਸੇਤੀਆ ਵੀ ਮੌਜੂਦ ਸਨ। ਅਨਿਲ ਠਾਕੁਰ ਨੇ ਕਿਹਾ ਕਿ 40 ਕਰੋੜ ਦੇ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।