ਪੰਜਾਬ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ : ਬਰਿੰਦਰ ਮਧੇਕੇ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ
Publish Date: Mon, 09 Mar 2026 04:07 PM (IST)
Updated Date: Tue, 10 Mar 2026 04:01 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਕਦਮ ਉਠਾ ਕੇ ਮਹਿਲਾਵਾਂ ਲਈ ਨਕਦ ਰਾਸ਼ੀ ਦਾ ਐਲਾਨ ਕਰਕੇ ਆਪਣੀ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਜਿਲ੍ਹਾ ਮੋਗਾ ਦੇ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਸਾਡੇ ਪ੍ਰਤੀਨਿਧੀ ਨਾਲ ਗੱਲਬਾਤ ਦੌਰਾਨ ਕੀਤਾ। ਚੇਅਰਮੈਨ ਮਧੇਕੇ ਨੇ ਦੱਸਿਆ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਯੋਗ ਰਹਿਨੁਮਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਜੋ-ਜੋ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਵਾਰੀ-ਵਾਰੀ ਪੂਰਾ ਕਰਦਿਆਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਦਿਆਂ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐੱਸਸੀ ਵਰਗ ਦੀਆਂ ਬੀਬੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਦਿਆਂ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ। ਅੱਜ ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਮੌਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ 18 ਸਾਲ ਤੋਂ ਉੱਪਰ ਦੀਆਂ ਸਾਰੀਆਂ ਮਹਿਲਾਵਾਂ ਨੂੰ ਇਹ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਸਕੀਮ ਵਾਸਤੇ 26-27 ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ । ਇਸ ਸਕੀਮ ਰਾਹੀਂ ਪੰਜਾਬ ਸਰਕਾਰ ਨੇ ਮਾਵਾਂ-ਭੈਣਾਂ ਦਾ ਮਾਣ ਵਧਾਇਆ ਹੈ ਜਿਸ ਨਾਲ ਪੰਜਾਬ ਦੀਆਂ ਔਰਤਾਂ ਸਵੈ-ਨਿਰਭਰ ਹੋਣਗੀਆਂ, ਉੱਥੇ ਹੀ ਪਰਿਵਾਰ ਵੀ ਖੁਸ਼ਹਾਲ ਹੋਣਗੇ। ਪੰਜਾਬ ਦੀਆਂ ਤਕਰੀਬਨ 40 ਲੱਖ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਚੇਅਰਮੈਨ ਮਧੇਕੇ ਨੇ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਪਰ ਇਨ੍ਹਾਂ ਗਰੰਟੀਆਂ ਤੋਂ ਇਲਾਵਾ ਵੀ ਸੜਕ ਸੁਰੱਖਿਆ ਫੋਰਸ, ਪੰਜਾਬ ਦੇ 19 ਟੋਲ ਪਲਾਜ਼ੇ ਬੰਦ ਕਰਨੇ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਹਰ ਪਰਿਵਾਰ ਨੂੰ 10 ਲੱਖ ਰੁਪਏ ਦੇ ਇਲਾਜ ਦੀ ਗਰੰਟੀ ਦੇਣ ਵਰਗੇ ਵੱਡੇ ਕੰਮ ਵੀ ਪੰਜਾਬ ਦੇ ਲੋਕਾਂ ਦੀ ਝੋਲੀ ਪਾਏ ਹਨ। ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿਚ ਇਹ ਸਾਰੇ ਕੰਮ ਸਿਰਫ਼ ਮਾਨ ਸਰਕਾਰ ਵੇਲੇ ਹੀ ਸੰਭਵ ਹੋਏ ਹਨ ਕਿਉਂਕਿ ਮੁੱਖ ਮੰਤਰੀ ਮਾਨ ਸਾਹਿਬ ਆਮ ਲੋਕਾਂ ਦੇ ਦੁੱਖਾਂ ਦਰਦਾਂ ਨੂੰ ਨੇੜੇ ਤੋਂ ਜਾਣਦੇ ਹਨ। ਅਖ਼ੀਰ ਵਿਚ ਚੇਅਰਮੈਨ ਬਰਿੰਦਰ ਮਧੇਕੇ ਨੇ ਜਿੱਥੇ ਪੰਜਾਬ ਦੀਆਂ ਮਹਿਲਾਵਾਂ ਨੂੰ ਇਸ ਸਕੀਮ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।