ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੀ ਕੀਤੀ ਸਖ਼ਤ ਨਿਖੇਧੀ
ਪੰਜਾਬ ਗੌਰਮਿੰਟ ਪੈਨਸ਼ਨਰਜ਼
Publish Date: Fri, 13 Mar 2026 03:56 PM (IST)
Updated Date: Sat, 14 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਸਰਕਾਰ ਦੁਆਰਾ ਆਪਣੀਆਂ ਹੱਕੀ, ਜਾਇਜ਼ ਅਤੇ ਸੰਵਿਧਾਨਿਕ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਪੈਨਸ਼ਨਰਾਂ ਅਧਿਆਪਕਾਂ ਅਤੇ ਹੋਰ ਮੁਲਾਜ਼ਮ ਤਬਕਿਆਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ ਅਤੇ ਇਸ ਸੰਘਰਸ਼ ਵਿਚ ਫੱਟੜ ਹੋ ਗਏ ਸਾਥੀਆਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਭਜਨ ਸਿੰਘ ਗਿੱਲ ਸੂਬਾ ਪ੍ਰਧਾਨ ਨੇ ਸਭਨਾਂ ਸੰਘਰਸ਼ਸ਼ੀਲ ਤਬਕਿਆਂ ਦੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਆਗੂਆਂ ਅਤੇ ਸਮੂਹ ਲੋਕਾਂ ਦੀ ਭਰਵੀਂ ਹਮਾਇਤ ਕਰਦਿਆਂ ਪੰਜਾਬ ਸਰਕਾਰ ਦੇ ਰਵੱਈਏ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਮਹਿੰਗਾਈ ਭੱਤਾ ਜੋ ਮਹਿੰਗਾਈ ਵਧਣ ਕਾਰਨ ਕੇਂਦਰ ਸਰਕਾਰ ਵੱਲੋਂ ਹਰ ਛੇ ਮਹੀਨੇ ਬਾਅਦ ਦਿੱਤਾ ਜਾਂਦਾ ਹੈ, ਉਹ ਪੰਜਾਬ ਦੇ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਦੇਣ ਲਈ ਮੀਟਿੰਗਾਂ ਕਰਨ ਦੀ ਭਲਾ ਕੀ ਲੋੜ ਹੈ ਜਦੋਂ ਕਿ ਪੰਜਾਬ ਵਿਚ ਕੰਮ ਕਰ ਰਹੀ ਅਫ਼ਸਰਸ਼ਾਹੀ ਮੁੱਖ ਸਕੱਤਰ ਸਮੇਤ ਹੋਰ ਵੱਡੇ ਆਹੁਦਿਆਂ ’ਤੇ ਬੈਠੇ ਅਧਿਕਾਰੀ ਮੋਟੀਆਂ ਤਨਖਾਹਾਂ ਅਤੇ ਹੋਰ ਭੱਤੇ ਲੈ ਰਹੇ ਹਨ ਅਤੇ ਮਹਿੰਗਾਈ ਭੱਤੇ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਮੰਗਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਅਤੇ ਬਾਕੀ ਪਾਲਿਸੀ ਮਸਲਿਆ ਤੇ ਮੁਲਾਜ਼ਮ ਪੈਨਸ਼ਨਰ ਜੱਥੇਬੰਦੀਆਂ ਨਾਲ ਮੀਟਿੰਗ ਕਰਕੇ ਫੈਸਲੇ ਲਾਗੂ ਕੀਤੇ ਜਾਣ। ਇਸ ਮੌਕੇ ਸੁਖਮੰਦਰ ਸਿੰਘ, ਜੈ ਦੇਵ ਸੁਰਮਾਂ, ਗੁਰਪ੍ਰਤਾਪ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ, ਆਤਮ ਤੇਜ ਸ਼ਰਮਾ , ਸੁੱਚਾ ਸਿੰਘ, ਨਰਿੰਦਰ ਸਿੰਘ ਗੋਲੀ, ਸੱਤ ਪ੍ਰਕਾਸ਼, ਦਰਸ਼ਨ ਸਿੰਘ ਬਰਾੜ, ਦਰਸ਼ਨ ਸਿੰਘ ਉਟਾਲ, ਹਰਜੀਤ ਸਿੰਘ, ਕੁਲਵੰਤ ਸਿੰਘ, ਸੂਬਾ ਵਿੱਤ ਸਕੱਤਰ ਸ਼ੁਬੇਗ ਸਿੰਘ, ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਨਵੀਂ ਕੈਸ਼ਲੈੱਸ ਹੈਲਥ ਸਕੀਮ ਨੂੰ ਅਧੂਰੀ ਸਕੀਮ ਕਰਾਰ ਦਿੰਦਿਆਂ ਇਸ ਨੂੰ ਮੁਲਾਜ਼ਮਾਂ ਪੈਨਸ਼ਨਰਾਂ ਲਈ ਬਿਮਾਰੀਆਂ ’ ਤੇ ਹੋਏ ਖ਼ਰਚਿਆਂ ਦੀ ਪ੍ਰਤੀ ਪੂਰਤੀ ਲਈ ਸਪਸ਼ਟ ਕਰਦਿਆਂ ਅਲੱਗ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਕਿ ਬਿਮਾਰੀ ’ਤੇ ਹੋਏ ਸਾਰੇ ਖ਼ਰਚੇ ਦੀ ਭਰਪਾਈ ਕਰਨ ਤੋਂ ਹਸਪਤਾਲ ਨਾਂਹ ਨੁੱਕਰ ਨਾ ਕਰ ਸਕਣ। ਅੰਤ ਵਿਚ ਭਜਨ ਸਿੰਘ ਹਗਿੱਲ ਨੇ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਾਂਝਾ ਫ਼ਰੰਟ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਮੋਹਾਲੀ ਵਿਖੇ ਲਾਏ ਗਏ ਧਰਨਿਆਂ ਵਿਚ ਭਰਵੀਂ ਸ਼ਮੂਲੀਅਤ ਕਰਕੇ ਸਰਕਾਰ ਨੂੰ ਦਿਖਾ ਦਿੱਤਾ ਕਿ ਆਪਣੀ ਹੱਕੀ ਮੰਗਾਂ ਲਈ ਸਾਰੇ ਇੱਕਜੁੱਟ ਹਾਂ। ਉਨ੍ਹਾਂ ਕਿਹਾ ਮੰਗਾਂ ਦੀ ਪ੍ਰਾਪਤੀ ਤੱਕ ਭਵਿੱਖ ਵਿਚ ਸੰਘਰਸ ਜਾਰੀ ਰਹੇਗਾ।