ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਸੰਘਰਸ਼ ਦਾ ਐਲਾਨ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ
Publish Date: Tue, 09 Jun 2026 03:29 PM (IST)
Updated Date: Wed, 10 Jun 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ,ਪੰਜਾਬੀ ਜਾਗਰਣ ਮੋਗਾ: ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ ਲੁਧਿਆਣਾ ਦੇ ਈਸੜੂ ਭਵਨ ’ਚ ਫਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਲਈ ਜਾਰੀ ਕਰਦਿਆਂ ਧਨੋਆ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਪੰਜਾਬ ਦੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਲਗਾਤਾਰ ਆਪਣੇ ਮੰਗ ਪੱਤਰ ਭੇਜ ਕੇ ਮੁੱਖ ਮੰਤਰੀ, ਵਿੱਤ ਮੰਤਰੀ, ਵਿਤ ਸਕੱਤਰ ਅਤੇ ਮੁੱਖ ਸਕੱਤਰ ਤੋਂ ਮੰਗਾਂ ਪੂਰੀਆਂ ਕਰਨ ਲਈ ਮੀਟਿੰਗਾਂ ਲਈ ਸਮਾਂ ਮੰਗਿਆ ਜਾ ਰਿਹਾ ਹੈ ਤਾਂ ਕਿ ਪੈਨਸ਼ਨਰਾਂ ਦੀਆਂ ਜਾਇਜ਼ ਅਤੇ ਸੰਵਿਧਾਨਿਕ ਮੰਗਾਂ ਦਾ ਨਿਪਟਾਰਾ ਹੋ ਸਕੇ। ਮੀਟਿੰਗ ਵਿਚ ਸ਼ਾਮਲ ਵੱਖ ਵੱਖ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆ ਭਜਨ ਸਿੰਘ ਗਿੱਲ, ਸੁਰਿੰਦਰ ਰਾਮ ਕੁੱਸਾ ਅਵਿਨਾਸ਼ ਸ਼ਰਮਾ, ਰਾਕੇਸ਼ ਸ਼ਰਮਾ , ਦੇਵ ਰਾਜ , ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਸੁਖਵਿੰਦਰ ਸਿੰਘ ਸੈਣੀ, ਪ੍ਰੇਮ ਚੰਦ ਸ਼ਰਮਾ, ਨਾਹਰ ਸਿੰਘ, ਬਿੱਕਰ ਸਿੰਘ ਮਾਛੀਕੇ, ਸਰਬਜੀਤ ਸਿੰਘ ਦੌਧਰ ਨੇ ਆਪਣੇ ਵਿਚਾਰ ਪਰਗਟ ਕਰਦਿਆਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਮੁਤਾਬਿਕ ਮਹਿੰਗਾਈ ਭੱਤਾ 60 ਫ਼ੀਸਦੀ ਕਰਨ, ਇਸ ਮਹਿੰਗਾਈ ਭੱਤ ਦਾ 165 ਮਹੀਨੇ ਦਾ ਬਣਦਾ ਬਕਾਇਆ ਜਾਰੀ ਕਰਨ ਅਤੇ ਛੇਵੇਂ ਪੇ ਕਮਿਸ਼ਨ ਦੇ ਬਕਾਏ ਦੀਆਂ ਕਿਸ਼ਤਾਂ ਇਕ ਮੁਸ਼ਤ ਜਾਰੀ ਕਰਨ ਦੇ ਫ਼ੈਸਲੇ ਨੂੰ 30 ਜੂਨ ਤੱਕ ਲਾਗੂ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਬਨਿਟ ਸਬ ਕਮੇਟੀ ਵੱਲੋਂ ਇਕ ਸੀਲ ਬੰਦ ਲਿਫ਼ਾਫ਼ੇ ਵਿਚ ਅਜਿਹਾ ਜ਼ਹਿਰੀਲਾ ਸੱਪ ਭੇਜਿਆ ਗਿਆ ਹੈ, ਜੋ ਡੀਏ ਅਤੇ ਪਿਛਲੇ ਸਮੇਂ ਵਿਚ ਸੰਘਰਸ਼ਾਂ ਰਾਹੀਂ ਪ੍ਰਾਪਤ ਗਰੇਡਾਂ ਨੂੰ ਆਪਣੇ ਜਹਿਰੀਲੇ ਡੰਗ ਨਾਲ ਖਤਮ ਕਰ ਦੇਵੇਗਾ। ਛੇਵੇਂ ਪੇ ਕਮਿਸ਼ਨ ਦੁਆਰਾ ਸਿਫਾਰਸ਼ ਕੀਤੇ 2.59 ਦੇ ਗੁਣਕ ਅਤੇ ਨੈਸ਼ਨਲ ਸੋਧ ਵਿਧੀ ਰਾਹੀਂ 1 ਜਨਵਰੀ 2016 ਤੋਂ ਪਹਿਲੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਸੋਧਣ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਬਜਾਏ ਇਨ੍ਹਾਂ ਸ਼ਿਫਾਰਸ਼ਾਂ ਦਾ ਭੋਗ ਪਾਇਆ ਜਾ ਰਿਹਾ ਹੈ। ਜਿਸ ਕਰਕੇ ਪੰਜਾਬ ਦੇ ਸਾਢੇ ਤਿੰਨ ਲੱਖ ਪੈਨਸ਼ਨਰਾਂ ’ਚ ਭਾਰੀ ਰੋਸ ਅਤੇ ਗੁੱਸਾ ਪਣਪ ਰਿਹਾ ਹੈ ਜੋ ਕਿ ਕਿਸੇ ਸਮੇਂ ਭਾਂਬੜ ਬਣ ਸਕਦਾ ਹੈ , ਮੈਡੀਕਲ ਭੱਤਾ ਦਵਾਈਆਂ ਦੇ ਰੇਟ ਵਧਣ ਦੇ ਬਾਵਜੂਦ ਪਿਛਲੇ ਕਈ ਸਾਲਾਂ ਤੋਂ ਕੇਵਲ 1000 ਰੁਪਏ ਦਿੱਤਾ ਜਾ ਰਿਹਾ ਹੈ ਅਤੇ ਕਰੋਨਿਕ ਅਤੇ ਹੋਰ ਜਾਨਲੇਵਾ ਬਿਮਾਰੀਆਂ ਦੇ ਮੈਡੀਕਲ ਬਿੱਲਾਂ ਦੀ ਪ੍ਰਤੀ ਪੂਰਤੀ ਲਈ ਨਾ ਬੱਜਟ ਸਮੇਂ ਸਿਰ ਜਾਰੀ ਕੀਤਾ ਜਾਂਦਾ ਹੈ ਅਤੇ ਨਾ ਹੀ ਇਨ੍ਹਾਂ ਨੂੰ ਪਾਸ ਕਰਨ ਲਈ ਕੋਈ ਸਮਾਂ ਸੀਮਾਂ ਅਤੇ ਮਾਪ ਦੰਡ ਹੀ ਬਣਾਏ ਜਾ ਰਹੇ ਹਨ ਨਾ ਹੀ ਇਲਾਜ ਲਈ ਕੋਈ ਲਾਹੇਬੰਦ ਕੈਸ਼ ਲੈੱਸ ਹੈਲਥ ਸਕੀਮ ਲਿਆਂਦੀ ਜਾ ਰਹੀ ਹੈ। ਜਿਸ ਕਰਕੇ ਪਿਛਲੇ 10 ਸਾਲਾਂ ’ਚ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੋਏ, ਲੱਗਭੱਗ 40 ਹਜ਼ਾਰ ਪੈਨਸ਼ਨਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਇਸ ਸਾਰੀ ਗੰਭੀਰ ਸਥਿਤੀ ਨੂੰ ਵਾਚਦੇ ਹੋਏ ਪੈਨਸ਼ਨਰਜ਼ ਫਰੰਟ ਨੇ ਪੈਨਸ਼ਨਰਾਂ ਦੇ ਦਰਦ ਦੁੱਖ ਨੂੰ ਮਹਿਸੂਸ ਕਰਦੇ ਹੋਏ, ਸੰਘਰਸ਼ ਦੇ ਮੈਦਾਨ ਵਿਚ ਨਿੱਤਰਣ ਦਾ ਫੈਸਲਾ ਕੀਤਾ ਹੈ ਜਿਸ ਦੀ ਸ਼ੁਰੂਆਤ ਦੇਸ਼ ਭਗਤ ਯਾਦਗਰ ਹਾਲ ਤੋਂ 17 ਜੂਨ 2026 ਨੂੰ ਇਕ ਵਿਸ਼ਾਲ ਕਨਵੈਨਸ਼ਨ ਕਰਕੇ ਸ਼ੁਰੂ ਕੀਤੀ ਜਾਵੇਗੀ ਅਤੇ ਕਨਵੈਨਸ਼ਨ ਦੀ ਸਟੇਜ ਤੋਂ ਜੁਆਇੰਟ ਫਰੰਟ ਦੇ ਸਮੂਹ ਆਗੂ ਇਕ ਆਵਾਜ਼ ਵਿਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰਨਗੇ । ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀਪੀਆਰਓ ਨੇ ਪੰਜਾਬ ਦੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਹੱਕੀ ਅਤੇ ਜਾਇਜ਼ ਸੰਵਿਧਾਨਿਕ ਮੰਗਾਂ ਮਨਵਾਉਣ ਲਈ 17 ਜੂਨ 2026 ਦੀ ਜਲੰਧਰ ਵਿਖੇ ਹੋਣ ਜਾ ਰਹੀ ਕਨਵੈਨਸ਼ਨ ਵਿਚ ਸ਼ਮੂਲੀਅਤ ਕਰਨ।