ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਮੀਟਿੰਗ ਹੋਈ
ਅਕਾਲੀ ਦਲ 'ਵਾਰਿਸ ਪੰਜਾਬ ਦੇ' ਆਗੂਆਂ
Publish Date: Fri, 24 Apr 2026 03:58 PM (IST)
Updated Date: Sat, 25 Apr 2026 04:01 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ : ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਅੱਜ ਇੱਥੇ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਉੱਚ ਅਹੁਦੇਦਾਰਾਂ ਅਤੇ ਗੱਠਜੋੜ ਲਈ ਬਣਾਈ ਗਈ ਤਾਲਮੇਲ ਕਮੇਟੀ ਦੇ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨਾਲ ਗਠਜੋੜ ਸਬੰਧੀ ਹੋਈ ਗੱਲਬਾਤ ਉੱਪਰ ਗੰਭੀਰਤਾ ਨਾਲ ਚਰਚਾ ਕੀਤੀ ਗਈ ਅਤੇ ਇਸ ਗਠਜੋੜ ਸਬੰਧੀ ਤੈਅ ਕੀਤੀ ਜਾਣ ਵਾਲੀ ਰਣਨੀਤੀ ਉੱਪਰ ਵਿਚਾਰ ਕੀਤਾ ਗਿਆ। ਮੀਟਿੰਗ ਵਿਚ ਕਿਹਾ ਗਿਆ ਕਿ ਸ੍ਰੋਮਣੀ ਅਕਾਲੀ ਦਲ ਪੁਨਰ-ਸਰਜੀਤ ਨਾਲ ਪੰਥਕ ਏਜੰਡਿਆਂ ਅਤੇ ਪੰਜਾਬ ਦੇ ਭਵਿੱਖ ਸਬੰਧੀ ਰਣਨੀਤੀ ਤੈਅ ਕਰਨ ਲਈ ਜਲਦੀ ਹੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਥਕ ਏਜੰਡਿਆਂ ਉੱਪਰ ਹੀ ਚੋਣ ਗਠਜੋੜ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਮੀਟਿੰਗ ਵਿਚ ਵਿਸਾਖੀ ਵਾਲੇ ਦਿਨ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਾਰਟੀ ਵੱਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਮੀਖਿਆ ਕੀਤੀ ਗਈ ਅਤੇ ਇਸ ਵਿਚ ਪੰਜਾਬ ਦੇ ਲੋਕਾਂ ਵੱਲੋਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਆਗਾਮੀ ਦਿਨਾਂ ਵਿਚ ਪੰਜਾਬ ਵਿਚ ਬਲਾਕ ਪੱਧਰ ਉੱਪਰ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਦੀ ਕਵਾਇਦ ਤੇਜ਼ ਕੀਤੀ ਜਾਵੇਗੀ ਅਤੇ ਇਸ ਕੰਮ ਨੂੰ ਜਲਦੀ ਹੀ ਨੇ ਮੁਕੰਮਲ ਕੀਤਾ ਜਾਵੇਗਾ।