- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਨੇ ਹਰ ਪਾਸਿਓਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਕੇਂਦਰ ਸਰਕਾਰ ਨੇ ਹਰ ਪਾਸਿਓਂ ਪੰਜਾਬ ਦੇ ਪੈਸੇ ਰੋਕ ਰੱਖੇ ਹਨ, ਪੰਜਾਬ ਦੀ ਕਿਸਾਨੀ ਨੂੰ ਕੋਈ ਸਹੂਲਤ ਨਹੀਂ ਦਿੱਤੀ। ਪੰਜਾਬ ਵਿਚ ਪਿਛਲੇ ਵਰ੍ਹੇ ਹੜ੍ਹ ਮਾਰੇ ਇਲਾਕਿਆਂ ਵਿਚ ਵੀ ਕੇਂਦਰ ਸਰਕਾਰ ਵੱਲੋਂ ਕੋਈ ਪੈਸਾ ਨਹੀਂ ਆਇਆ, ਪਰ ਪੰਜਾਬ ਸਰਕਾਰ ਨੇ ਆਪਣੇ ਬਲਬੂਤੇ ’ਤੇ ਪੰਜਾਬ ਨੂੰ ਵਿਕਾਸ ਕਾਰਜਾਂ ਜ਼ਰੀਏ ਸਭ ਤੋਂ ਮੂਹਰੀ ਸੂਬਾ ਬਣਾ ਲਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ। ਉਹ ਵੀਰਵਾਰ ਨੂੰ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਵਿਚ ਨਹਿਰੀ ਪਾਣੀ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 18 -18 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਗੈਂਗਸਟਰ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਬਹਾਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਸਰਕਾਰ ਨੇ ਜੋ ਕਿਹਾ ਉਹ ਕੰਮ ਕੀਤਾ, ਪੰਜਾਬ ਸਰਕਾਰ ਹਰ ਵਰਗ ਦੀ ਸੋਚ ਰੱਖਦੀ ਹੈ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਇਤਿਹਾਸਕ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਭਰ ਵਿਚ ਨਹਿਰਾਂ, ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਖੇਤੀਯੋਗ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਸਕੇ ਅਤੇ ਕਿਸਾਨਾਂ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟਾਈ ਜਾ ਸਕੇ। ਇਸੇ ਕੜੀ ਤਹਿਤ ਪੂਰੇ ਪੰਜਾਬ ਸਮੇਤ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿਚ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ ਦੀ ਉਸਾਰੀ ਅਤੇ ਪਾਈਪਲਾਈਨ ਵਿਛਾਉਣ ਦੇ ਕੰਮ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਵਿਚ ਨਹਿਰੀ ਪਾਣੀ ਦੇ 83.64 ਕਰੋੜ ਦੀ ਲਾਗਤ ਵਾਲੇ ਪ੍ਰਜੋਕੈਟਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 56 ਪਿੰਡਾਂ ਦੀਆਂ ਖੇਤੀਯੋਗ ਜ਼ਮੀਨਾਂ ਨੂੰ ਸਿੱਧਾ ਨਹਿਰੀ ਪਾਣੀ ਮੁਹੱਈਆ ਹੋਵੇਗਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਨਹਿਰੀ ਸਿੰਚਾਈ ਹੇਠ ਆਉਣ ਵਾਲਾ ਰਕਬਾ ਕਰੀਬ 25872 ਏਕੜ ਵਧੇਗਾ। ਇਸ ਨਾਲ ਕਿਸਾਨਾਂ ਨੂੰ ਸਸਤੀ, ਭਰੋਸੇਯੋਗ ਅਤੇ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ, ਜਦਕਿ ਧਰਤੀ ਹੇਠਲੇ ਪਾਣੀ ਦੀ ਬੇਲੋੜੀ ਵਰਤੋਂ ਵਿਚ ਵੀ ਕਮੀ ਆਵੇਗੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਸੰਭਵ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ, ਟਿਕਾਊ ਅਤੇ ਵਾਤਾਵਰਣ ਪੱਖੋਂ ਅਨੁਕੂਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਪੂਰੀ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਦੇ ਵਿਸਥਾਰ ਨਾਲ ਕਿਸਾਨਾਂ ਦੇ ਸਿੰਚਾਈ ਖਰਚੇ ਘਟਣਗੇ, ਬਿਜਲੀ ਦੀ ਬਚਤ ਹੋਵੇਗੀ ਅਤੇ ਭੂ-ਜਲ ਪੱਧਰ ਨੂੰ ਸੰਭਾਲਣ ਵਿਚ ਵੀ ਮਹੱਤਵਪੂਰਨ ਮਦਦ ਮਿਲੇਗੀ। ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਲੋਕ-ਹਿੱਤ ਪ੍ਰੋਜੈਕਟਾਂ ਨੂੰ ਤਰਜੀਹ ਦਿੰਦੀ ਰਹੇਗੀ ਤਾਂ ਜੋ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਬਰਿੰਦਰ ਕੁਮਾਰ ਮਧੇਕੇ ਚੇਅਰਮੈਨ ਪਲੈਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਮੋਗਾ, ਅੰਮ੍ਰਿਤਪਾਲ ਸਿੰਘ ਖ਼ਾਲਸਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ ਬੱਧਨੀਂ ਕਲਾਂ, ਹਰਜਿੰਦਰ ਸਿੰਘ ਸਿੱਧੂ ਚੇਅਰਮੈਨ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ, ਵਾਇਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਜਸਦੀਪ ਸਿੰਘ ਗੈਰੀ, ਸੰਗਠਨ ਇੰਚਾਰਜ਼ ਦਵਿੰਦਰ ਸਿੰਘ ਤਖਤੂਪੁਰਾ, ਮਨਦੀਪ ਸਿੰਘ ਮਾਣੂੰਕੇ ਗਿੱਲ ਪ੍ਰਧਾਨ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ, ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ, ਪ੍ਰਧਾਨ ਟਰੱਕ ਯੂਨੀਅਨ ਅਜੀਤਵਾਲ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਅਤੇ ਗਗਨਦੀਪ ਐੱਸਡੀਐੱਮ ਨਿਹਾਲ ਸਿੰਘ ਵਾਲਾ ਆਦਿ ਹਾਜ਼ਰ ਸਨ।