- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਗੈਂਗਸ ਟਰਾਂ,

ਆਈਜੀ ਨੀਲਾਂਬਰੀ ਜਗਦਲੇ ਨੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨਾਲ ਪੁਲਿਸ ਨਾਕਿਆਂ, ਥਾਣਿਆਂ ਤੇ ਪੀਸੀਆਰ ਟੀਮਾਂ ਦਾ ਲਿਆ ਜਾਇਜ਼ਾ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਵਿਚ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ ਅਤੇ ਹੋਰ ਅਪਰਾਧਿਕ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਰੀਦਕੋਟ ਰੇਂਜ ਦੀ ਆਈ.ਜੀ.ਪੀ. ਨੀਲਾਂਬਰੀ ਜਗਦਲੇ ਵਿਜੇ ਨੇ ਦੇਰ ਰਾਤ ਮੋਗਾ ਵਿਖੇ ਪਹੁੰਚ ਕੇ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੋਗਾ ਦੇ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਦੋਵਾਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਥਾਣਿਆਂ, ਵਿਸ਼ੇਸ਼ ਨਾਕਿਆਂ ਅਤੇ ਰਾਤ ਸਮੇਂ ਡਿਊਟੀ ’ਤੇ ਤਾਇਨਾਤ ਪੀ.ਸੀ.ਆਰ. ਮੁਲਾਜ਼ਮਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਵਿਸ਼ੇਸ਼ ਚੈਕਿੰਗ ਦਾ ਮੁੱਖ ਮਕਸਦ ਰਾਤ ਸਮੇਂ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਉਣਾ, ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ, ਅਪਰਾਧਿਕ ਵਾਰਦਾਤਾਂ ਨੂੰ ਰੋਕਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਨਾਕਿਆਂ ’ਤੇ ਤਾਇਨਾਤ ਕਰਮਚਾਰੀਆਂ ਦੀ ਡਿਊਟੀ, ਸੁਰੱਖਿਆ ਪ੍ਰਬੰਧਾਂ, ਹਥਿਆਰਾਂ ਦੀ ਉਪਲਬਧਤਾ, ਨਾਕਿਆਂ ’ਤੇ ਰੌਸ਼ਨੀ ਅਤੇ ਰਾਤ ਸਮੇਂ ਗਸ਼ਤ ਕਰਨ ਵਾਲੀਆਂ ਟੀਮਾਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਫਰੀਦਕੋਟ ਰੇਂਜ ਦੀ ਆਈ.ਜੀ.ਪੀ. ਨੀਲਾਂਬਰੀ ਜਗਦਲੇ ਵਿਜੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੱਖ-ਵੱਖ ਸਮੇਂ ’ਤੇ ਵਿਸ਼ੇਸ਼ ਆਪ੍ਰੇਸ਼ਨ ਕੀਤੇ ਜਾ ਰਹੇ ਹਨ, ਤਾਂ ਜੋ ਅਪਰਾਧਿਕ ਨੈੱਟਵਰਕ ਨੂੰ ਤੋੜਿਆ ਜਾ ਸਕੇ ਅਤੇ ਅਜਿਹੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਿਰਫ਼ ਗੈਂਗਸਟਰਾਂ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਹਿਯੋਗ ਦੇਣ ਵਾਲੇ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਦਾ ਉਦੇਸ਼ ਅਪਰਾਧਿਕ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚ ਕੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣਾ ਹੈ।
ਹੌਟਸਪੌਟ ਇਲਾਕਿਆਂ ’ਚ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ ਦੇ ਨਿਰਦੇਸ਼
ਆਈਜੀਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਹਿਰ ਅਤੇ ਜ਼ਿਲ੍ਹੇ ਦੇ ਅਹਿਮ ਹੌਟਸਪੌਟ ਇਲਾਕਿਆਂ ਦੀ ਪਛਾਣ ਕਰਕੇ ਉੱਥੇ ਪੀ.ਸੀ.ਆਰ. ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਨ੍ਹਾਂ ਥਾਵਾਂ ’ਤੇ ਲੋਕਾਂ ਦੀ ਆਵਾਜਾਈ ਵਧੇਰੇ ਰਹਿੰਦੀ ਹੈ, ਇਸ ਲਈ ਇੱਥੇ ਪੁਲਿਸ ਦੀ ਲਗਾਤਾਰ ਮੌਜੂਦਗੀ ਜ਼ਰੂਰੀ ਹੈ। ਹਰ ਪੁਲਿਸ ਕਰਮਚਾਰੀ ਨੂੰ ਇੱਕ ਨਿਸ਼ਚਿਤ ਬੀਟ ਅਤੇ ਇਲਾਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿੱਥੇ ਉਸ ਵੱਲੋਂ ਨਿਯਮਤ ਗਸ਼ਤ ਅਤੇ ਨਿਗਰਾਨੀ ਕਰਨੀ ਲਾਜ਼ਮੀ ਹੈ। ਚੈਕਿੰਗ ਦੌਰਾਨ ਆਈਜੀਪੀ ਵੱਲੋਂ ਥਾਣਾ ਸਿਟੀ ਮੋਗਾ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਮੋਗਾ ਪੁਲਿਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਅਤੇ ਨਾਕਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੰਤ ਵਿੱਚ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਪੁਲਿਸ ਹੈਲਪਲਾਈਨ ਨੰਬਰ 112 ’ਤੇ ਸੰਪਰਕ ਕਰ ਸਕਦੇ ਹਨ।