- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਤਾਵਰਣ ਦੀ ਸੰਭਾਲ ਅਤੇ ਹਵਾ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਵਾਤਾਵਰਣ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਥਾਣਾ ਚੜਿੱਕ ਦੇ ਮੁੱਖ ਅਫ਼ਸਰ ਐੱਸਆਈ ਪੂਰਨ ਸਿੰਘ ਵੱਲੋਂ ਪਿੰਡ ਮੱਲ੍ਹੀਆਂ ਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਖ਼ੁਦ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਐੱਸਆਈ ਪੂਰਨ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਗੰਭੀਰ ਰੂਪ ਵਿਚ ਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਵਧਦੀਆਂ ਹਨ ਅਤੇ ਧੂੰਏਂ ਕਾਰਨ ਸੜਕੀ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਤੱਤ ਸੜ ਕੇ ਖ਼ਤਮ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਮਾਨਯੋਗ ਸੁਪਰੀਮ ਕੋਰਟ ਅਤੇ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟੋ ਵੱਲੋਂ ਜਾਰੀ ਹਦਾਇਤਾਂ ਬਾਰੇ ਸੁਚੇਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਗਸ਼ਤ ਅਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਗੂ ਕਾਨੂੰਨੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।