- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਵੱਕਾਰੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਿਖੇ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਕੁਇਜ਼ ਮੁਕਾਬਲੇ ਕਰਵਾਏ ਗਏ। ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਇੰਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇੰਨ੍ਹਾਂ ਮੁਕਾਬਲਿਆਂ ਵਿਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਮੁਖ ਮਹਿਮਾਨ ਵਜੋਂ ਪਹੁੰਚੇ ਭਾਈ ਰਣਜੀਤ ਸਿੰਘ ਨੇ ਪ੍ਰਿੰਸੀਪਲ ਅਤੇ ਸਟਾਫ਼ ਦੇ ਸਹਿਯੋਗ ਨਾਲ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਮੁੱਖ ਮਹਿਮਾਨ ਭਾਈ ਰਣਜੀਤ ਸਿੰਘ ਨੇ ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਗੁਰਮਤਿ ਅਤੇ ਗੁਰਬਾਣੀ ਨਾਲ ਜੋੜਣ ਲਈ ਕੀਤੇ ਜਾ ਰਹੇ ਨਿੱਗਰ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਇਤਿਹਾਸ ਨਾਲ ਜੋੜਣ ਲਈ ਅਜਿਹੇ ਮੁਕਾਬਲਿਆਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਬੱਚਿਆਂ ਨੂੰ ਚੰਗੀ ਸਿੱਖਿਆ ਤੇ ਸੰਸਕਾਰ ਦੇਣ ਦੇ ਨਾਲੋ ਨਾਲ ਧਾਰਮਿਕ ਸਿੱਖਿਆ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਅੰਦਰ ਨੈਤਿਕ ਅਤੇ ਮਾਨਵੀ ਕਦਰਾਂ ਕੀਮਤਾਂ ਦਾ ਸੰਚਾਰ ਕਰਕੇ ਉਨ੍ਹਾਂ ਦੀ ਸੁਚਿਆਰੇ ਮਨੁੱਖਾਂ ਵਜੋਂ ਘਾੜਤ ਘੜੀ ਜਾ ਸਕੇ। ਬੱਚਿਆਂ ਦਾ ਸਰਵਪੱਖੀ ਵਿਕਾਸ ਇਸ ਅਦਾਰੇ ਦਾ ਮਿਸ਼ਨ ਤੇ ਵਿਜ਼ਨ ਹੈ। ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰਬਾਣੀ ਸਾਨੂੰ ਸੁਚੱਜਾ ਜੀਵਨ ਜਿਉਣ ਦੀ ਜਾਚ ਸਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਦੇ ਧਾਰਨੀ ਬਣ ਕੇ ਵਿਦਿਆਰਥੀ ਚੰਗੇ ਇਨਸਾਨ ਬਣਨ ਦੇ ਸਮਰੱਥ ਬਣਦੇ ਹਨ। ਇੰਨ੍ਹਾਂ ਮੁਕਾਬਲਿਆਂ ਦੀ ਸਫ਼ਲਤਾ ਲਈ ਸਮੁੱਚੇ ਸਟਾਫ਼ ਨੇ ਭਰਵਾਂ ਸਹਿਯੋਗ ਦਿੱਤਾ।