ਮੋਗਾ ਪਹੁੰਚੇ ਰੇਲ ਮੰਤਰੀ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ, ਰੋਹ ‘ਚ ਆਈ ਬੀਜੇਪੀ ਫਿਰੋਜ਼ਪੁਰ ਰਾਸ਼ਟਰੀ ਮਾਰਗ ਸਥਿਤ
Publish Date: Thu, 09 Jul 2026 05:38 PM (IST)
Updated Date: Thu, 09 Jul 2026 05:39 PM (IST)
ਲੋਕਲ ਲੀਡਰਸ਼ਿਪ ਨਾਲ ਸੜਕ ’ਤੇ ਲਗਾਇਆ ਧਰਨਾ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਮੋਗਾ-ਫਿਰੋਜ਼ਪੁਰ ਰਾਸ਼ਟਰੀ ਮਾਰਗ ਸਥਿਤ ਸਦਰ ਥਾਣੇ ’ਤੇ ਹੋਏ ਕਥਿਤ ਗ੍ਰਨੇਡ ਹਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਇਸ ਘਟਨਾ ਦੇ ਮੱਦੇਨਜ਼ਰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੋਗਾ ਵਿਖੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਦੋਸ਼ ਲਗਾਇਆ ਕਿ ਸੂਬੇ ਵਿਚ ਅਪਰਾਧੀਆਂ ਦੇ ਹੌਂਸਲੇ ਲਗਾਤਾਰ ਵਧ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਸਪੱਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤੱਥ ਨੂੰ ਲੁਕਾਇਆ ਨਹੀਂ ਜਾ ਰਿਹਾ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਦੋਂ ਪੁਲਿਸ ਥਾਣੇ ਹੀ ਹਮਲਿਆਂ ਦਾ ਨਿਸ਼ਾਨਾ ਬਣਨ ਲੱਗ ਜਾਣ ਤਾਂ ਇਹ ਸੂਬੇ ਦੀ ਸੁਰੱਖਿਆ ਪ੍ਰਣਾਲੀ ਲਈ ਬਹੁਤ ਹੀ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਮੁਲਾਜ਼ਮ ਆਪਣੇ ਹੀ ਥਾਣਿਆਂ ਵਿਚ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਕਾਨੂੰਨ-ਵਿਵਸਥਾ ਨੂੰ ਸੰਭਾਲਣ ਵਿਚ ਅਸਫ਼ਲ ਰਹੀ ਹੈ ਅਤੇ ਇਸ ਦਾ ਸਿੱਧਾ ਅਸਰ ਪੰਜਾਬ ਦੇ ਅਮਨ-ਚੈਨ ’ਤੇ ਪੈ ਰਿਹਾ ਹੈ। ਕੇਂਦਰੀ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਘਟਨਾ ਸਥਾਨ ’ਤੇ ਪਹੁੰਚੇ ਤਾਂ ਉੱਥੇ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਕਈ ਥਾਣਿਆਂ ਦੇ ਐੱਸਐੱਚਓ, ਡੀਐੱਸਪੀ, ਐੱਸਪੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ ’ਤੇ ਮੌਜੂਦ ਸਨ। ਉਨ੍ਹਾਂ ਸਵਾਲ ਕੀਤਾ ਕਿ ਜੇ ਇੰਨਾ ਵੱਡਾ ਪੁਲਿਸ ਪ੍ਰਬੰਧ ਕਿਸੇ ਸਿਆਸੀ ਆਗੂ ਦੇ ਦੌਰੇ ਲਈ ਕੀਤਾ ਜਾ ਸਕਦਾ ਹੈ ਤਾਂ ਫਿਰ ਅਪਰਾਧੀਆਂ ਨੂੰ ਰੋਕਣ ਅਤੇ ਥਾਣਿਆਂ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਇਹੀ ਸਖ਼ਤੀ ਪਹਿਲਾਂ ਕਿਉਂ ਨਹੀਂ ਦਿਖਾਈ ਗਈ। ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ, ਗੈਂਗਸਟਰਵਾਦ ਅਤੇ ਸਰਹੱਦ ਪਾਰ ਤੋਂ ਹੋ ਰਹੀਆਂ ਸਾਜ਼ਿਸ਼ਾਂ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਮਰਥਿਤ ਅਨਸਰ ਅਤੇ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨੀ ਸਮਰਥਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਸਮੇਂ ਦੌਰਾਨ ਵੀ ਕਈ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਪਰ ਕਈ ਮਾਮਲਿਆਂ ’ਚ ਅਜੇ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਚ ਕਾਬਲ ਅਤੇ ਬਹਾਦਰ ਅਧਿਕਾਰੀਆਂ ਦੀ ਕੋਈ ਕਮੀ ਨਹੀਂ ਪਰ ਪੁਲਿਸ ਨੂੰ ਰਾਜਨੀਤਿਕ ਦਬਾਅ ਤੋਂ ਮੁਕਤ ਕਰਕੇ ਪੂਰੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਬਿਨ੍ਹਾਂ ਕਿਸੇ ਦਬਾਅ ਦੇ ਕਾਰਵਾਈ ਕਰ ਸਕੇ। ਉਨ੍ਹਾਂ ਕਿਹਾ ਕਿ ਜੇ ਪੁਲਿਸ ਦਾ ਮਨੋਬਲ ਉੱਚਾ ਹੋਵੇ ਤਾਂ ਕਾਨੂੰਨ-ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕਦਾ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਨੂੰਨ-ਵਿਵਸਥਾ ਕਿਸੇ ਇਕ ਸਿਆਸੀ ਪਾਰਟੀ ਦਾ ਨਹੀਂ, ਸਗੋਂ ਪੂਰੇ ਪੰਜਾਬ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ ਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਲੋੜ ਪਵੇ ਤਾਂ ਕੇਂਦਰ ਸਰਕਾਰ ਅਤੇ ਅਰਧ-ਸੈਨਿਕ ਬਲਾਂ ਦੀ ਮਦਦ ਵੀ ਲਈ ਜਾਵੇ ਤਾਂ ਜੋ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਈ ਸੂਬੇ ਦੀ ਕਾਨੂੰਨ-ਵਿਵਸਥਾ ਲਈ ਉਹ ਸਿੱਧੇ ਤੌਰ ਤੇ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਥਾਣਿਆਂ ਤੱਕ ਹਮਲੇ ਹੋਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ ਅਤੇ ਮੁੱਖ ਮੰਤਰੀ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਬਿੱਟੂ ਨੇ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਕਿਹਾ ਕਿ ਮੀਡੀਆ ਨੂੰ ਬਿਨ੍ਹਾਂ ਕਿਸੇ ਦਬਾਅ ਦੇ ਲੋਕਾਂ ਸਾਹਮਣੇ ਸੱਚਾਈ ਰੱਖਣੀ ਚਾਹੀਦੀ ਹੈ ਤਾਂ ਜੋ ਜਨਤਾ ਤੱਕ ਹਰ ਘਟਨਾ ਦੀ ਸਹੀ ਅਤੇ ਨਿਰਪੱਖ ਜਾਣਕਾਰੀ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਕਾਨੂੰਨ-ਵਿਵਸਥਾ ਨਾਲ ਜੁੜੇ ਹਰ ਮੁੱਦੇ ਤੇ ਸਰਕਾਰ ਤੋਂ ਜਵਾਬ ਮੰਗਦੀ ਰਹੇਗੀ। ਇਸ ਦੌਰਾਨ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਕਿਸੇ ਵੀ ਤੱਥ ਨੂੰ ਲੁਕਾ ਨਹੀਂ ਰਹੀ ਅਤੇ ਮਾਮਲੇ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ ਐੱਫਐੱਸਐੱਲ ਦੀਆਂ ਟੀਮਾਂ ਤੁਰੰਤ ਮੌਕੇ ਤੇ ਪਹੁੰਚ ਗਈਆਂ ਅਤੇ ਵਿਗਿਆਨਕ ਢੰਗ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਐੱਸਐੱਸਪੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਘਟਨਾ ਵਿਚ ਕਿਸ ਤਰ੍ਹਾਂ ਦੇ ਵਿਸਫੋਟਕ ਪਦਾਰਥ ਦੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਮਲਾ ਜਾਂਚ ਅਧੀਨ ਹੋਣ ਕਾਰਨ ਇਸ ਪੜਾਅ ਤੇ ਵਧੇਰੇ ਜਾਣਕਾਰੀ ਸਾਂਝੀ ਕਰਨਾ ਜਾਂਚ ਦੇ ਹਿੱਤ ਵਿਚ ਨਹੀਂ ਹੋਵੇਗਾ ਕਿਉਂਕਿ ਇਸ ਨਾਲ ਦੋਸ਼ੀਆਂ ਨੂੰ ਫਾਇਦਾ ਮਿਲ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਬੂਤਾਂ ਦੇ ਆਧਾਰ ਤੇ ਜਾਂਚ ਨੂੰ ਜਲਦ ਸਿਰੇ ਚੜ੍ਹਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿਚ ਲਿਆਂਦਾ ਜਾਵੇਗਾ। ਸੋਸ਼ਲ ਮੀਡੀਆ ਤੇ ਕਿਸੇ ਸੰਗਠਨ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਐੱਸਐੱਸਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਬਾਰੇ ਅਜੇ ਕੋਈ ਅਧਿਕਾਰਕ ਜਾਣਕਾਰੀ ਨਹੀਂ ਹੈ ਅਤੇ ਜਾਂਚ ਸਿਰਫ਼ ਤੱਥਾਂ ਅਤੇ ਸਬੂਤਾਂ ਦੇ ਆਧਾਰ ਤੇ ਹੀ ਅੱਗੇ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਤਵਾਦ ਦੇ ਦੌਰ ਤੋਂ ਲੈ ਕੇ ਅੱਜ ਤੱਕ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕੀਤਾ ਹੈ ਅਤੇ ਇਸ ਮਾਮਲੇ ਨੂੰ ਵੀ ਜਲਦ ਸੁਲਝਾ ਲਿਆ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮੀਡੀਆ ਅਤੇ ਆਮ ਲੋਕਾਂ ਨੂੰ ਕੁੱਝ ਸਮੇਂ ਲਈ ਘਟਨਾ ਸਥਾਨ ਤੋਂ ਦੂਰ ਰੱਖਣ ਦਾ ਮਕਸਦ ਸਿਰਫ਼ ਫੋਰੈਂਸਿਕ ਸਬੂਤਾਂ ਨੂੰ ਸੁਰੱਖਿਅਤ ਰੱਖਣਾ ਸੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਪੁਲਿਸ ਹਰ ਲੋੜੀਂਦੀ ਜਾਣਕਾਰੀ ਜਨਤਕ ਕਰੇਗੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਵੱਖ-ਵੱਖ ਥਾਂਵਾਂ ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਜਦਕਿ ਜਾਂਚ ਟੀਮਾਂ ਹਰ ਪੱਖ ਤੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀਆਂ ਹਨ। ਇਸ ਘਟਨਾ ਨੇ ਇਕ ਵਾਰ ਫਿਰ ਪੰਜਾਬ ਵਿਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਿਆਸੀ ਬਹਿਸ ਨੂੰ ਤੇਜ਼ ਕਰ ਦਿੱਤਾ ਹੈ।