- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰਜਕਾਰੀ ਸਿਵਲ ਸਰਜਨ ਡਾ.

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਕਾਰਜਕਾਰੀ ਸਿਵਲ ਸਰਜਨ ਡਾ. ਉਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਸੁਮੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰੈਲੀ ਵਿੱਚ ਨਰਸਿੰਗ ਵਿਦਿਆਰਥਣਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਟਾਇਰਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਿਤ ਸਫ਼ਾਈ ਕੀਤੀ ਜਾਵੇ। ਕਾਰਜਕਾਰੀ ਜ਼ਿਲ੍ਹਾ ਮੀਡੀਆ ਅਫ਼ਸਰ ਹਰਜਿੰਦਰ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਹਫ਼ਤੇ ‘ਡਰਾਈ ਡੇ’ ਮਨਾਉਂਦੇ ਹੋਏ ਘਰਾਂ ਵਿਚ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾਵੇ ਅਤੇ ਖੜ੍ਹੇ ਪਾਣੀ ਨੂੰ ਤੁਰੰਤ ਖਾਲੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਰੈਲੀ ਦੌਰਾਨ ਵਿਦਿਆਰਥਣਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ, ਮੱਛਰਾਂ ਦੀ ਪੈਦਾਇਸ਼ ਰੋਕਣ ਅਤੇ ਸਾਫ਼ ਸਫ਼ਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ, ਚੀਫ਼ ਫਾਰਮੇਸੀ ਅਫ਼ਸਰ, ਅਮਨਜੋਤ ਕੌਰ, ਪਰਮਜੀਤ ਸਿੰਘ ਮਲੇਰੀਆ ਬ੍ਰਾਂਚ, ਸੁਖਬੀਰ ਸਿੰਘ ਅਤੇ ਬਲਜੀਤ ਸਿੰਘ, ਪੀਐੱਨਡੀਟੀ ਸ਼ਾਖਾ ਤੋਂ ਇਲਾਵਾ ਨਰਸਿੰਗ ਵਿਦਿਆਰਥਣਾਂ ਹਾਜ਼ਰ ਸਨ।