ਰਾਜ ਸਭਾ ਮੈਂਬਰ ਸੰਧੂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚਰਚਾ
ਪੰਜਾਬ ਤੋਂ ਰਾਜ ਸਭਾ ਮੈਂਬਰ ਸਤਨਾਮ
Publish Date: Thu, 26 Mar 2026 04:04 PM (IST)
Updated Date: Fri, 27 Mar 2026 03:59 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਪੰਜਾਬ ਤੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸੰਧੂ ਨੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਜਿਵੇਂ ਕਿ ਲਾਅ ਐਂਡ ਆਰਡਰ ਦੀ ਸਥਿਤੀ, ਪਾਣੀ ਸੰਕਟ, ਵਧਦਾ ਪ੍ਰਦੂਸ਼ਣ ਅਤੇ ਬੇਰੁਜ਼ਗਾਰੀ ਦੇ ਮਸਲਿਆਂ ’ਤੇ ਗੰਭੀਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਅਤੇ ਰਾਜ ਸਰਕਾਰ ਨੂੰ ਮਿਲ ਕੇ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਇਲਾਵਾ ਪਾਣੀ ਦੇ ਘਟਦੇ ਪੱਧਰ ਅਤੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ’ਤੇ ਪੈ ਰਹੇ ਅਸਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਲੰਬੇ ਸਮੇਂ ਦੀ ਯੋਜਨਾ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸੰਧੂ ਨੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਵੀ ਗੰਭੀਰ ਦੱਸਦਿਆਂ ਨੌਜਵਾਨਾਂ ਲਈ ਨਵੀਆਂ ਰੁਜ਼ਗਾਰ ਮੌਕਿਆਂ ਦੀ ਸਿਰਜਣਾ ਲਈ ਨੀਤੀਆਂ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸੰਧੂ ਨੇ ਮੈਨੇਜਰ ਵੇਅਰਹਾਊਸ ਕਾਰਪੋਰੇਸ਼ਨ ਦੇ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ’ਤੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨਾਲ ਪਰਿਵਾਰ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਕੋਲ ਮੰਗ ਰੱਖੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਸੰਧੂ ਨੇ ਵਿਸ਼ਵਾਸ ਜਤਾਇਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਜਲਦੀ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਪੱਧਰ ’ਤੇ ਯਤਨ ਜਾਰੀ ਰਹਿਣੇ ਚਾਹੀਦੇ ਹਨ।