
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਲਾਕੇ ਦੀ ਪ੍ਰਸਿੱਧ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਜੋ ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਾਂਝ ਨਾਲ ਭਰਪੂਰ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਦੌਰਾਨ ਰੱਖੜੀ ਦੇ ਤਿਉਹਾਰ ਨਾਲ ਸਬੰਧਤ ਭਾਸ਼ਣਾਂ, ਕਵਿਤਾਵਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਰੱਖੜੀ ਬਣਾਉਣ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਸੁੰਦਰ ਅਤੇ ਮਨਮੋਹਕ ਰੱਖੜੀਆਂ ਤਿਆਰ ਕੀਤੀਆਂ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਲੜਕਿਆਂ ਨੇ ਆਪਣੀਆਂ ਸਹਿਪਾਠੀ ਭੈਣਾਂ ਤੋਂ ਰੱਖੜੀ ਬੰਨ੍ਹਵਾਈ ਅਤੇ ਉਨ੍ਹਾਂ ਨੂੰ ਪਿਆਰ ਦੇ ਪ੍ਰਤੀਕ ਵਜੋਂ ਸੁੰਦਰ ਤੋਹਫ਼ੇ ਵੀ ਭੇਟ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਭੈਣ-ਭਰਾ ਦੇ ਰਿਸ਼ਤੇ ਦੀ ਪਵਿੱਤਰਤਾ, ਪਿਆਰ ਅਤੇ ਇੱਕ-ਦੂਜੇ ਦੀ ਸੁਰੱਖਿਆ ਪ੍ਰਤੀ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸੁਰੱਖਿਆ ਦੇ ਅਟੁੱਟ ਬੰਧਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ ਅਤੇ ਸਲਾਮਤੀ ਦੀ ਕਾਮਨਾ ਕਰਦੀਆਂ ਹਨ, ਜਦਕਿ ਭਰਾ ਆਪਣੀਆਂ ਭੈਣਾਂ ਦੀ ਹਰ ਮੁਸ਼ਕਲ ਵਿੱਚ ਰੱਖਿਆ ਕਰਨ ਦਾ ਵਚਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਜਿਹੇ ਤਿਉਹਾਰ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਤਿਕਾਰ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਵੀ ਹੈ। ਇਸ ਮੌਕੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ’ਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰੇ ਸਕੂਲ ਵਚ ਰੱਖੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਦਾ ਮਾਹੌਲ ਬਣਿਆ ਰਿਹਾ।