26 ਨੂੰ ਨਿਹਾਲ ਸਿੰਘ ਵਾਲਾ ਤੇ ਬੱਧਨੀ ਕਲਾਂ ’ਚ ਰੈਲੀਆਂ : ਸੰਧੂ ਪੰਜਾਬ ਵਿਚ ਵਧ ਰਹੇ ਨਸ਼ਿਆਂ,
Publish Date: Tue, 22 Sep 2026 04:16 PM (IST)
Updated Date: Wed, 23 Sep 2026 04:00 AM (IST)
25 ਨੂੰ ਪਹੁੰਚੇਗੀ ਨਸ਼ਾ ਮੁਕਤ ਪੰਜਾਬ ਅਭਿਆਨ ਯਾਤਰਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪੰਜਾਬ ਵਿਚ ਵਧ ਰਹੇ ਨਸ਼ਿਆਂ, ਅਪਰਾਧ, ਭ੍ਰਿਸ਼ਟਾਚਾਰ ਦੇ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਅਭਿਆਨ’ ਯਾਤਰਾ 25 ਸਤੰਬਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਹੁੰਚੇਗੀ। ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਲਕੇ ਵਿਚ ਯਾਤਰਾ ਦਾ ਭਰਵਾਂ ਸਵਾਗਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੀਆਂ ਫਲੈਗਸ਼ਿਪ ਸਕੀਮਾਂ ਅਤੇ ਉਪਲਬਧੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਜੀਵਨ ਵਿਚ ਨਸ਼ਾ, ਅਪਰਾਧ, ਭ੍ਰਿਸ਼ਟਾਚਾਰ ਅਤੇ ਰੰਗਦਾਰੀ ਵਰਗੇ ਮੁੱਦੇ ਵੱਡੀ ਚਿੰਤਾ ਦਾ ਕਾਰਨ ਬਣੇ ਹੋਏ ਹਨ। ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਦੱਸਿਆ ਕਿ 26 ਸਤੰਬਰ ਨੂੰ ਯਾਤਰਾ ਵੱਖ-ਵੱਖ ਪਿੰਡਾਂ ’ਚੋਂ ਹੁੰਦੀ ਹੋਈ ਬੱਧਨੀ ਕਲਾਂ ਅਤੇ ਨਿਹਾਲ ਸਿੰਘ ਵਾਲਾ ਦੇ ’ਚ ਪਹੁੰਚੇ ਕੀ ਜਿੱਥੇ ਇੰਨ੍ਹਾਂ ਸ਼ਹਿਰਾਂ ਦੇ ਵਿਚ ਰੈਲੀਆਂ ਵੀ ਕੀਤੀਆਂ ਜਾਣਗੀਆਂ।। ਉਨ੍ਹਾਂ ਅਨੁਸਾਰ ਇਸ ਰੈਲੀ ਨੂੰ ਭਾਜਪਾ ਦੇ ਕੌਮੀ ਆਗੂ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਨਸ਼ਿਆਂ ਨੂੰ ਲੈ ਕੇ ਚਿੰਤਤ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਉਣ ਲਈ ਸੱਦਾ ਦਿੱਤਾ ਜਾ ਰਿਹਾ ਹੈ ਮੁਖਤਿਆਰ ਸਿੰਘ ਸੰਧੂ ਨੇ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਚਿੱਟੇ ਦੀ ਵਿਕਰੀ ਸਬੰਧੀ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਰਹਿੰਦਾ ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਨਸ਼ਿਆਂ ਕਾਰਨ ਪਰਿਵਾਰਾਂ ਨੂੰ ਆਰਥਿਕ, ਸਮਾਜਿਕ ਅਤੇ ਮਾਨਸਿਕ ਪੱਧਰ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ 25 ਸਤੰਬਰ ਨੂੰ ਇਹ ਯਾਤਰਾ ਸ਼ਾਮ ਸਮੇਂ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਹੁੰਚੇਗੀ। ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਕੀਤਾ ਜਾਵੇਗਾ ਅਤੇ ਭਾਜਪਾ ਵਰਕਰਾਂ ਤੋਂ ਇਲਾਵਾ ਆਮ ਲੋਕਾਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਉਣ ਲਈ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਬੱਧਨੀ ਕਲਾਂ ਪਹੁੰਚੇਗੀ, ਜਿੱਥੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ।