ਦਸ ਸਾਲ ਤੋਂ ਟੁੱਟੀ ਪੁਲੀ ਦਾ ਮੁੜ ਨਿਰਮਾਣ, ਅਜੀਤਵਾਲ ਵਾਸੀਆਂ ਨੂੰ ਮਿਲੀ ਵੱਡੀ ਰਾਹਤ ਪਿਛਲੇ ਕਰੀਬ ਦਸ ਸਾਲਾਂ ਤੋਂ ਟੁੱਟੀ
Publish Date: Tue, 22 Sep 2026 05:20 PM (IST)
Updated Date: Wed, 23 Sep 2026 04:03 AM (IST)
ਗ੍ਰਾਂਮ ਪੰਚਾਇਤ ਅਜੀਤਵਾਲ ਅਤੇ ਮੈਂਬਰ ਜਸਵੀਰ ਸਿੰਘ ਦੇ ਉਪਰਾਲੇ ਸਦਕਾ ਪੁਲੀ ਬਣ ਕੇ ਤਿਆਰ ਅਵਤਾਰ ਸਿੰਘ, ਪੱਤਰ ਪ੍ਰੇਰਕ ਪੰਜਾਬੀ ਜਾਗਰਣ ਅਜੀਤਵਾਲ : ਪਿਛਲੇ ਕਰੀਬ ਦਸ ਸਾਲਾਂ ਤੋਂ ਟੁੱਟੀ ਪਈ ਪੁਲੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਇਲਾਕਾ ਵਾਸੀਆਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ, ਜਦੋਂ ਗ੍ਰਾਮ ਪੰਚਾਇਤ ਅਜੀਤਵਾਲ ਅਤੇ ਪੰਚਾਇਤ ਮੈਂਬਰ ਜਸਵੀਰ ਸਿੰਘ ਦੇ ਉਪਰਾਲੇ ਸਦਕਾ ਇਹ ਰਸਤਾ ਮੇਨ ਬਜ਼ਾਰ ਤੋ ਸੰਧੂ ਪੱਤੀ ਹੁੰਦਾ ਹੋਇਆ ਪੂਰੇ ਪਿੰਡ ਨੂੰ ਪਾਰ ਕਰਕੇ ਅੱਗੇ ਲਿੰਕ ਰੋੜ ਨੂੰ ਮਿਲਦਾ ਹੈ, ਦਾ ਵਿਚਕਾਰ ਪਿੰਡ ਟੁੱਟੀ ਪੁਲੀ ਦਾ ਮੁੜ ਨਿਰਮਾਣ ਕੁੱਝ ਦਿਨੀਂ ਪਹਿਲਾਂ ਕਰਵਾ ਦਿੱਤਾ ਗਿਆ। ਲੰਮੇ ਸਮੇਂ ਤੋਂ ਪੁਲੀ ਦੀ ਹਾਲਤ ਖਸਤਾ ਹੋਣ ਕਾਰਨ ਇੱਥੋਂ ਲੰਘਣ ਵਾਲੇ ਰਾਹਗੀਰਾਂ, ਕਿਸਾਨਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖ਼ਾਸ ਕਰਕੇ ਬਰਸਾਤ ਦੇ ਦਿਨਾਂ ’ਚ ਇੱਥੋਂ ਲੰਘਣਾ ਹੋਰ ਵੀ ਮੁਸ਼ਕਲ ਹੋ ਜਾਂਦਾ ਸੀ। ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਜਾ ਰਹੀ ਸੀ। ਪੰਚਾਇਤ ਮੈਂਬਰ ਜਸਵੀਰ ਸਿੰਘ ਵੱਲੋਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੁਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜੋ ਹੁਣ ਮੁਕੰਮਲ ਹੋ ਗਿਆ ਹੈ। ਪੁਲੀ ਬਣਨ ਨਾਲ ਇਲਾਕੇ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਗ੍ਰਾਂਮ ਪੰਚਾਇਤ ਅਜੀਤਵਾਲ ਅਤੇ ਪੰਚਾਇਤ ਮੈਂਬਰ ਜਸਵੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਲਟਕ ਰਹੀ ਇਸ ਸਮੱਸਿਆ ਦਾ ਹੱਲ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਹੋਰ ਬੁਨਿਆਦੀ ਸਮੱਸਿਆਵਾਂ ਵੱਲ ਵੀ ਪੰਚਾਇਤ ਵੱਲੋਂ ਇਸੇ ਤਰ੍ਹਾਂ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਪੰਚਾਇਤ ਮੈਂਬਰ ਜਸਵੀਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਅਤੇ ਸਮੱਸਿਆਵਾਂ ਦਾ ਹੱਲ ਕਰਵਾਉਣਾ ਪੰਚਾਇਤ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਲੋੜ ਅਨੁਸਾਰ ਕੰਮ ਕਰਵਾਉਣ ਲਈ ਯਤਨ ਜਾਰੀ ਰਹਿਣਗੇ।