ਗੰਦੇ ਪਾਣੀ ਨੂੰ ਲੈ ਕੇ ਭੜਕੇ ਅਹਾਤਾ ਬਦਨ ਸਿੰਘ ਵਾਸੀ
ਇਕ ਪਾਸੇ ਨਗਰ ਨਿਗਮ
Publish Date: Tue, 27 Jan 2026 06:05 PM (IST)
Updated Date: Wed, 28 Jan 2026 04:07 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਇਕ ਪਾਸੇ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਮੇਂ-ਸਮੇਂ ’ਤੇ ਦਾਅਵੇ ਕੀਤੇ ਜਾਂਦੇ ਹਨ ਪਰ ਦੂਜੇ ਪਾਸੇ ਵਾਰਡ ਨੰਬਰ 20 ਦੇ ਅਹਾਤਾ ਬਦਨ ਸਿੰਘ ਇਲਾਕੇ ਵਿਚ ਪੀਣ ਵਾਲੇ ਪਾਣੀ ਵਿਚ ਗੰਦਾ ਪਾਣੀ ਮਿਲ ਕੇ ਆਉਣ ਕਾਰਨ ਲੋਕ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਸਮੱਸਿਆ ਨੂੰ ਲੈ ਕੇ ਇਲਾਕੇ ਦੇ ਵਸਨੀਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪਰਮਿੰਦਰ ਕੌਰ, ਮਨਦੀਪ ਕੌਰ, ਅਜੀਤ ਕੌਰ, ਸੰਦੀਪ ਕੌਰ, ਵਾਸੁਦੇਵ, ਸਾਗਰ ਅਰੋੜਾ, ਮੋਹਿਤ ਅਰੋੜਾ ਸਮੇਤ ਹੋਰ ਮੁਹੱਲਾਵਾਸੀਆਂ ਨੇ ਦੱਸਿਆ ਕਿ ਉਹ ਪਿਛਲੇ ਲਗਭਗ ਇਕ ਮਹੀਨੇ ਤੋਂ ਇਸ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਘਰਾਂ ਵਿਚ ਆਉਣ ਵਾਲਾ ਪਾਣੀ ਗੰਦਲਾ ਅਤੇ ਬਦਬੂਦਾਰ ਹੁੰਦਾ ਹੈ ਜਿਸ ਕਾਰਨ ਉਹ ਇਸਨੂੰ ਪੀਣ ਯੋਗ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਮਜ਼ਬੂਰੀ ਵੱਸ ਉਨ੍ਹਾਂ ਨੂੰ ਬੋਤਲਬੰਦ ਪਾਣੀ ਖਰੀਦ ਕੇ ਵਰਤਣਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਇਸ ਮੌਕੇ ਮੁਹੱਲਾਵਾਸੀਆਂ ਨੇ ਦੱਸਿਆ ਕਿ ਉਹ ਕਈ ਵਾਰ ਵਾਰਡ ਨੰਬਰ 20 ਦੇ ਕੌਂਸਲਰ ਕੋਲ ਸ਼ਿਕਾਇਤਾਂ ਕਰ ਚੁੱਕੇ ਹਨ ਅਤੇ ਨਗਰ ਨਿਗਮ ਦਫ਼ਤਰ ਵਿਚ ਵੀ ਅਰਜ਼ੀਆਂ ਦਿੱਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਅਜੇ ਤੱਕ ਸਮੱਸਿਆ ਦਾ ਕੋਈ ਢੁੱਕਵਾਂ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਘਰੇਲੂ ਸਹੂਲਤਾਂ ਦੇਣ ਬਾਰੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਅਸਲ ਦੇ ਵੇਲੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿਣਾ ਪੈਂਦਾ ਹੈ। ਇਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਧਰਮ ਰੱਖਿਆ ਸੇਵਾ ਮੰਚ ਨਾਲ ਸੰਪਰਕ ਕੀਤਾ। ਮੰਚ ਦੇ ਜ਼ਿਲ੍ਹਾ ਪ੍ਰਧਾਨ ਸੋਨੂ ਅਰੋੜਾ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਸੋਨੂ ਅਰੋੜਾ ਨੇ ਮੁਹੱਲਾਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਤੋਂ ਜਲਦੀ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਠੀਕ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਦੀ ਲਾਪਰਵਾਹੀ ਦਾ ਖ਼ਮਿਆਜ਼ਾ ਮੁਹੱਲਾ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਅਹਾਤਾ ਬਦਨ ਸਿੰਘ ਦੇ ਵਸਨੀਕ ਪੀਣ ਵਾਲੇ ਪਾਣੀ ਵਰਗੀ ਬੁਨਿਆਦੀ ਸਹੂਲਤ ਤੋਂ ਵਾਝੇ ਹਨ ਅਤੇ ਗੰਦਾ ਪਾਣੀ ਪੀਣ ਕਾਰਨ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਵਾਰਡ ਨੰਬਰ 20 ਵਿਚ ਪੁਰਾਣੀਆਂ ਇੰਟਰਲਾਕਿੰਗ ਟਾਈਲਾਂ ਉਤਾਰ ਕੇ ਨਵੀਆਂ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਉੱਥੇ ਦੂਜੇ ਪਾਸੇ ਸੀਵਰੇਜ ਲਾਈਨਾਂ ਬੁਰੀ ਤਰ੍ਹਾਂ ਖ਼ਰਾਬ ਪਈਆਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਪਹਿਲ ਦੇ ਆਧਾਰ ’ਤੇ ਕਰਵਾਉਣੀ ਬਣਦੀ ਸੀ। ਸੋਨੂ ਅਰੋੜਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਮੁਹੱਲਾ ਵਾਸੀ ਮਜ਼ਬੂਰਨ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਤਿੱਖਾ ਪ੍ਰਦਰਸ਼ਨ ਕਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਨਗਰ ਨਿਗਮ ਦੇ ਅਧਿਕਾਰੀਆਂ ਦੀ ਹੋਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਦ ਤੱਕ ਨਗਰ ਨਿਗਮ ਵੱਲੋਂ ਇਸ ਮੁਹੱਲੇ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੂਰਾ ਹੱਲ ਨਹੀਂ ਕੀਤਾ ਜਾਂਦਾ ਤਦ ਤੱਕ ਧਰਮ ਰੱਖਿਆ ਸੇਵਾ ਮੰਚ ਵੱਲੋਂ ਵਾਰਡ ਨੰਬਰ 20 ਦੇ ਲੋਕਾਂ ਲਈ ਪਾਣੀ ਦੇ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦੀ ਵਿਵਸਥਾ ਕਰਵਾਈ ਜਾਵੇਗੀ। ਇਸ ਮੌਕੇ ਮੁਹੱਲਾਵਾਸੀਆਂ ਨੇ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜਤਾਇਆ ਅਤੇ ਤੁਰੰਤ ਸਮੱਸਿਆ ਦੇ ਹੱਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਪ੍ਰਸ਼ਾਸਨ ਨੇ ਗੰਭੀਰਤਾ ਨਾ ਦਿਖਾਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।