- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ

ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਮੋਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੇ ਗੇਟ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਐਸੋਸੀਏਸ਼ਨ ਦੇ ਆਗੂਆਂ ਅਤੇ ਮੈਂਬਰਾਂ ਨੇ ਪੈਨਸ਼ਨ ਦੇ ਬਕਾਏ ਦੀ ਅਦਾਇਗੀ ਵਿਚ ਹੋ ਰਹੀ ਦੇਰੀ, ਮੈਡੀਕਲ ਬਿੱਲਾਂ ਦੇ ਭੁਗਤਾਨ ਵਿਚ ਲਾਪਰਵਾਹੀ ਅਤੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸੇਵਾਮੁਕਤ ਮੁਲਾਜ਼ਮਾਂ ਦੇ ਲੰਬਿਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਐਸੋਸੀਏਸ਼ਨ ਅਨੁਸਾਰ 1 ਅਪ੍ਰੈਲ 2026 ਤੋਂ ਇਹ ਰਕਮ ਬਰਾਬਰ ਕਿਸ਼ਤਾਂ ਵਿਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੋਣੀ ਸੀ ਪਰ ਸਬੰਧਤ ਦਫ਼ਤਰਾਂ ਵੱਲੋਂ ਬਕਾਏ ਦੇ ਬਿੱਲ ਤਿਆਰ ਨਾ ਕੀਤੇ ਜਾਣ ਕਾਰਨ ਅਦਾਇਗੀ ਦੀ ਪ੍ਰਕਿਰਿਆ ਅੱਗੇ ਨਹੀਂ ਵਧ ਸਕੀ। ਆਗੂਆਂ ਨੇ ਕਿਹਾ ਕਿ ਅਪ੍ਰੈਲ ਤੋਂ ਅਗਸਤ ਤੱਕ ਬਕਾਏ ਦੇ ਬਿੱਲ ਤਿਆਰ ਕਰਨ ਲਈ ਸਬੰਧਤ ਤਹਿਸੀਲਦਾਰਾਂ ਅਤੇ ਬਿੱਲ ਕਲਰਕਾਂ ਨੂੰ ਵਾਰ-ਵਾਰ ਕਿਹਾ ਗਿਆ। ਇਸ ਸਬੰਧੀ 17 ਅਗਸਤ, 7 ਸਤੰਬਰ ਅਤੇ 21 ਸਤੰਬਰ ਨੂੰ ਲਿਖਤੀ ਤੌਰ ’ਤੇ ਵੀ ਮਾਮਲਾ ਉਠਾਇਆ ਗਿਆ। ਐਸੋਸੀਏਸ਼ਨ ਵੱਲੋਂ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ 28 ਸਤੰਬਰ ਤੱਕ ਬਕਾਏ ਦੇ ਬਿੱਲ ਤਿਆਰ ਕਰਕੇ ਭੁਗਤਾਨ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੀ ਗਈ ਤਾਂ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਅਨੁਸਾਰ ਮੰਗ ਪੂਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਧਰਨੇ ਦਾ ਰਾਹ ਅਖ਼ਤਿਆਰ ਕਰਨਾ ਪਿਆ। ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਪਾਸ ਹੋਏ ਮੈਡੀਕਲ ਬਿੱਲਾਂ ਦੀ ਅਦਾਇਗੀ ਵੀ ਲੰਬੇ ਸਮੇਂ ਤੋਂ ਲਟਕ ਰਹੀ ਹੈ। ਉਨ੍ਹਾਂ ਅਨੁਸਾਰ 3 ਅਗਸਤ ਤੋਂ ਬਾਅਦ ਦੇ ਮਾਮਲਿਆਂ ਵਿਚ ਵੀ ਭੁਗਤਾਨ ਨਾ ਹੋਣ ਕਾਰਨ ਸੇਵਾਮੁਕਤ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਪੈਨਸ਼ਨਰਾਂ ਲਈ ਪੈਨਸ਼ਨ ਅਤੇ ਮੈਡੀਕਲ ਖ਼ਰਚਿਆਂ ਦੀ ਅਦਾਇਗੀ ਸਮੇਂ ਸਿਰ ਹੋਣਾ ਬਹੁਤ ਜ਼ਰੂਰੀ ਹੈ। ਜੇਕਰ ਸਰਕਾਰੀ ਹਦਾਇਤਾਂ ਦੇ ਬਾਵਜੂਦ ਬਿੱਲਾਂ ਦਾ ਨਿਪਟਾਰਾ ਨਹੀਂ ਹੁੰਦਾ ਤਾਂ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਹਨ। ਧਰਨੇ ਦੌਰਾਨ ਐਸੋਸੀਏਸ਼ਨ ਦੇ ਆਗੂਆਂ ਨੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਦੇ ਢੰਗ ਅਤੇ ਆਮ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਗੰਭੀਰ ਦੋਸ਼ ਲਗਾਏ। ਇਸ ਮੌਕੇ ਕੁੱਝ ਅਧਿਕਾਰੀਆਂ ਦੇ ਕੰਮਕਾਜ ਅਤੇ ਮੁਲਾਜ਼ਮਾਂ ਨਾਲ ਵਿਹਾਰ ਨੂੰ ਲੈ ਕੇ ਵੀ ਇਤਰਾਜ਼ ਜਤਾਏ ਗਏ।
--
ਸਰਕਾਰੀ ਦਫਤਰਾਂ ’ਚ ਖੱਜਲ ਖੁਆਰੀ ਰੋਕਣ ਦੀ ਮੰਗ
ਧਰਨੇ ਵਿਚ ਸ਼ਾਮਲ ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੈਨਸ਼ਨ ਦੇ ਬਕਾਏ ਦੇ ਬਿੱਲ ਤੁਰੰਤ ਤਿਆਰ ਕਰਵਾਏ ਜਾਣ, ਮੈਡੀਕਲ ਬਿੱਲਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਥਿਤ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਹੁੰਦਾ, ਉਹ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਰਹਿਣਗੇ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਇਲਾਵਾ ਡੀਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਮੋਗਾ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਔਲਖ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਲਖਵੀਰ ਸਿੰਘ ਸੰਧੂ, ਹਰਨੇਕ ਸਿੰਘ, ਹਰਜੀਤ ਸਿੰਘ ਮਨਾਵਾਂ, ਗੁਰਮੀਤ ਸਿੰਘ ਸੰਧੂ, ਮਲਕੀਤ ਸਿੰਘ ਸਾਬਕਾ ਸਰਪੰਚ ਸੰਧੂਆਂ ਵਾਲਾ, ਗੁਰਨਾਮ ਸਿੰਘ ਜੈਤੋ, ਅਜੀਤ ਸਿੰਘ ਪੰਚਾਇਤ ਸਕੱਤਰ ਧਰਮਕੋਟ, ਗੁਰਮੇਲ ਸਿੰਘ ਗੌਂਦਾਰਾ, ਗੁਰਮੇਲ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਰਤਨ ਸਿੰਘ ਗਿੱਲ, ਗੁਰਦੋਰ ਸਿੰਘ, ਮੱਘਰ ਸਿੰਘ, ਕਮਲੇਸ਼ ਕੁਮਾਰ, ਜਗਰਾਜ ਸਿੰਘ, ਜਸਵੰਤ ਸਿੰਘ, ਗੁਰਤੇਜ ਸਿੰਘ, ਮੱਖਣਜੀਤ, ਚਮਕੌਰ ਸਿੰਘ, ਰਸ਼ਪਾਲ ਸਿੰਘ, ਮਲਕੀਤ ਸਿੰਘ, ਮੰਗਲ ਪ੍ਰਕਾਸ਼, ਕੇਵਲ ਸਿੰਘ, ਸ਼ੀਤਲ ਕੁਮਾਰ, ਜਸਵੰਤ ਸਿੰਘ ਸੂਬੇਦਾਰ, ਰਾਮ ਰੱਖਾ ਸਿੰਘ ਅਤੇ ਗੁਰਚਰਨ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।