- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਟਾਇਰਡ ਰੈਵੀ ਨਿਊ ਕਾਨੂੰਨਗੋ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਰਜਿਸਟਰਡ ਮੋਗਾ ਨੇ ਸੇਵਾਮੁਕਤ ਕਾਨੂੰਨਗੋਆਂ ਅਤੇ ਪਟਵਾਰੀਆਂ ਦੀ ਰਿਵਾਈਜ਼ਡ ਪੈਨਸ਼ਨ ਦੇ ਬਕਾਏ ਅਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਵਿਚ ਹੋ ਰਹੀ ਦੇਰੀ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਸਬੰਧਤ ਤਹਿਸੀਲਦਾਰਾਂ ਅਤੇ ਬਿੱਲ ਕਲਰਕਾਂ ਵੱਲੋਂ ਬਕਾਏ ਦੇ ਬਿੱਲ ਸਮੇਂ ਸਿਰ ਤਿਆਰ ਨਹੀਂ ਕੀਤੇ ਜਾ ਰਹੇ। ਇਸ ਕਾਰਨ ਸੇਵਾਮੁਕਤ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਦਫ਼ਤਰਾਂ ਦੇ ਚੱਕਰ ਲਾਉਣੇ ਪੈ ਰਹੇ ਹਨ। ਐਸੋਸੀਏਸ਼ਨ ਨੇ ਕਿਹਾ ਕਿ ਜੇਕਰ ਇਸ ਮਾਮਲੇ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਅਦਾਲਤ ਦਾ ਸਹਾਰਾ ਲੈਣ ਲਈ ਕਾਨੂੰਨੀ ਕਾਰਵਾਈ ਕਰਨ ਬਾਰੇ ਵਿਚਾਰ ਕਰੇਗੀ। ਐਸੋਸੀਏਸ਼ਨ ਦੇ ਅਨੁਸਾਰ 1 ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਦੀ ਰਿਵਾਈਜ਼ਡ ਪੈਨਸ਼ਨ ਨਾਲ ਸਬੰਧਤ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਪੇ-ਸਕੇਲ ਦੇ ਬਕਾਏ ਦੀ ਅਦਾਇਗੀ ਲਈ ਸਰਕਾਰ ਵੱਲੋਂ 18 ਫਰਵਰੀ 2025 ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਨ੍ਹਾਂ ਹਦਾਇਤਾਂ ਅਨੁਸਾਰ ਬਕਾਏ ਦੀ ਗਣਨਾ ਕਰਕੇ 1 ਅਪ੍ਰੈਲ 2026 ਤੋਂ ਪੈਨਸ਼ਨ ਦੇ ਨਾਲ ਬਰਾਬਰ ਕਿਸ਼ਤਾਂ ਵਿੱਚ ਰਕਮ ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਣੀ ਸੀ। ਐਸੋਸੀਏਸ਼ਨ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਅਪ੍ਰੈਲ ਤੋਂ ਸਤੰਬਰ ਤੱਕ ਦੇ ਛੇ ਮਹੀਨਿਆਂ ਦੇ ਬਕਾਏ ਦੇ ਬਿੱਲ ਪੂਰੀ ਤਰ੍ਹਾਂ ਤਿਆਰ ਨਹੀਂ ਕੀਤੇ ਗਏ। ਆਗੂਆਂ ਨੇ ਕਿਹਾ ਕਿ ਸੇਵਾਮੁਕਤ ਮੁਲਾਜ਼ਮਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸਰਕਾਰੀ ਸੇਵਾ ਵਿਚ ਬਿਤਾਇਆ ਹੈ। ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਅਤੇ ਹੋਰ ਬਣਦੇ ਲਾਭ ਉਨ੍ਹਾਂ ਦੀਆਂ ਆਰਥਿਕ ਲੋੜਾਂ ਪੂਰੀਆਂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ, ਜਨਰਲ ਸਕੱਤਰ ਗੁਰਮੇਲ ਸਿੰਘ ਗੌਂਦਾਰਾ, ਸਹਾਇਕ ਸਕੱਤਰ ਲਖਵੀਰ ਸਿੰਘ, ਸਹਾਇਕ ਖ਼ਜ਼ਾਨਚੀ ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਦੋਰ ਸਿੰਘ, ਜਸਵੰਤ ਸਿੰਘ, ਮੀਤ ਪ੍ਰਧਾਨ ਮੱਘਰ ਸਿੰਘ ਚਹਿਲ, ਕਾਨੂੰਨੀ ਸਕੱਤਰ ਗੁਰਤੇਜ ਸਿੰਘ ਗਿੱਲ, ਸੰਗਠਨ ਸਕੱਤਰ ਚਮਕੌਰ ਸਿੰਘ ਅਤੇ ਪ੍ਰੈੱਸ ਸਕੱਤਰ ਕੇਵਲ ਸਿੰਘ ਆਦਿ ਹਾਜ਼ਰ ਸਨ।