ਮੋਗਾ ਦੇ 20 ਨਸ਼ਾ ਪ੍ਰਭਾਵਿਤ ਖੇਤਰਾਂ ਦੀ ਕਾਇਆ-ਕਲਪ ਲਈ 60 ਦਿਨਾ ਵਿਸ਼ੇਸ਼ ਮੁਹਿੰਮ ਦੀ ਸਮੀਖਿਆ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ
Publish Date: Tue, 20 Oct 2026 03:51 PM (IST)
Updated Date: Wed, 21 Oct 2026 04:00 AM (IST)
ਡੀਸੀ ਵੱਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਨੂੰ ਠੋਸ ਕਾਰਵਾਈ ਦੇ ਨਿਰਦੇਸ਼ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ, ਜਦਕਿ ਨਸ਼ਾ ਛੱਡਣ ਦੇ ਚਾਹਵਾਨਾਂ ਨੂੰ ਇਲਾਜ, ਕਾਊਂਸਲਿੰਗ ਤੇ ਮੁੜ ਵਸੇਬੇ ਲਈ ਮਿਲੇਗੀ ਹਰ ਸੰਭਵ ਸਹਾਇਤਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਪ੍ਰਭਾਵਿਤ ਖੇਤਰਾਂ ਦੇ ਸਮੁੱਚੇ ਸੁਧਾਰ ਲਈ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਚੁਣੇ ਗਏ 20 ਨਸ਼ਾ ਪ੍ਰਭਾਵਿਤ ਖੇਤਰਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਕਾਨੂੰਨ ਵਿਵਸਥਾ, ਜਾਗਰੂਕਤਾ ਮੁਹਿੰਮ, ਸਫ਼ਾਈ ਅਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਇਨ੍ਹਾਂ ਖੇਤਰਾਂ ਦਾ ਮਾਹੌਲ ਸੁਧਾਰਿਆ ਜਾਵੇਗਾ। ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡੀਸੀ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਅਤੇ ਅਗਲੇਰੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਐੱਸਐੱਸਪੀ ਸਰਤਾਜ ਸਿੰਘ ਚਾਹਲ, ਏਡੀਸੀ ਕੁਲਪ੍ਰੀਤ ਸਿੰਘ, ਸਮੂਹ ਐੱਸਡੀਐੱਮਜ਼, ਐੱਸਪੀਜ਼, ਡੀਐੱਸਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡੀਸੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਨਸ਼ਾ ਤਸਕਰਾਂ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਵਿਅਕਤੀਆਂ ਵਿਚਕਾਰ ਸਪੱਸ਼ਟ ਫ਼ਰਕ ਰੱਖਣਾ ਜ਼ਰੂਰੀ ਹੈ। ਨਸ਼ਾ ਵੇਚਣ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦਕਿ ਨਸ਼ੇ ਦੀ ਲਤ ਵਿਚ ਫਸੇ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਮੋਗਾ ਦੀ ਸਿਰਜਣਾ ਲਈ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਵਿਚ ਨਵੀਂ ਉਮੀਦ ਜਗਾਉਣਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਵੱਲ ਵਾਪਸ ਲਿਆਉਣਾ ਵੀ ਬੇਹੱਦ ਮਹੱਤਵਪੂਰਨ ਹੈ। ਇਸ ਲਈ ਲੋਕਾਂ ਨੂੰ ਵੀ ਮੁਹਿੰਮ ਨਾਲ ਜੋੜਿਆ ਜਾਵੇ, ਤਾਂ ਜੋ ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਡੀਸੀ ਸੇਤੀਆ ਨੇ ਸਬੰਧਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਸਟਰੀਟ ਲਾਈਟਾਂ ਚਾਲੂ ਰੱਖਣ, ਲੋੜ ਅਨੁਸਾਰ ਸੀਸੀਟੀਵੀ ਕੈਮਰੇ ਲਗਾਉਣ ਅਤੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਹਰ ਹਫ਼ਤੇ ਇੱਕ ਦਿਨ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ, ਤਾਂ ਜੋ ਗੰਦਗੀ ਅਤੇ ਅਣਗਹਿਲੀ ਵਾਲੀਆਂ ਥਾਵਾਂ ਨੂੰ ਸੁਧਾਰ ਕੇ ਸੁਰੱਖਿਅਤ ਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ। ਡੀਸੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਹੁਣ ਤੱਕ ਕੀਤੇ ਉਪਰਾਲਿਆਂ, ਮੌਜੂਦਾ ਸਥਿਤੀ ਤੇ ਅੱਗੇ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਵਿਸਥਾਰਤ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀ ਨਿਭਾਉਣ, ਤਾਂ ਜੋ 60 ਦਿਨਾਂ ਦੀ ਇਸ ਮੁਹਿੰਮ ਦੇ ਠੋਸ ਅਤੇ ਸਾਰਥਕ ਨਤੀਜੇ ਸਾਹਮਣੇ ਆ ਸਕਣ। ਡੀਸੀ ਨੇ ਪ੍ਰਭਾਵਿਤ ਖੇਤਰਾਂ ਵਿਚ ਖੇਡ ਟੂਰਨਾਮੈਂਟ ਕਰਵਾਉਣ ਦੇ ਵੀ ਹੁਕਮ ਦਿੱਤੇ, ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਇਆ ਜਾ ਸਕੇ।