
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵੱਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ 30ਵੇਂ ਵਿਸ਼ਾਲ ਭਗਵਤੀ ਜਾਗਰਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਾਗਰਣ ਦੇ ਸੱਦੇ ਨੂੰ ਲੈ ਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਭੇਟ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਐਸੋਸੀਏਸ਼ਨ ਵੱਲੋਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡਾ. ਰਾਕੇਸ਼ ਅਰੋੜਾ, ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਅਤੇ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਨੂੰ ਜਾਗਰਣ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਹੋਣ ਵਾਲੇ ਇਸ ਵਿਸ਼ਾਲ ਜਾਗਰਣ ’ਚ ਪ੍ਰਸਿੱਧ ਗਾਇਕ ਮਨੀ ਲਾਡਲਾ ਅਤੇ ਅੰਜਲੀ ਦਿਵੇਦੀ ਮਾਂ ਭਗਵਤੀ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਭਗਤੀ ਰਸ ਨਾਲ ਸਰਾਬੋਰ ਕਰਨਗੇ। ਜਾਗਰਣ ਨੂੰ ਲੈ ਕੇ ਸੰਸਥਾ ਵੱਲੋਂ ਵੱਖ-ਵੱਖ ਤਿਆਰੀਆਂ ਅਤੇ ਪ੍ਰਬੰਧਾਂ ਦੀਆਂ ਜ਼ਿੰਮੇਵਾਰੀਆਂ ਮੈਂਬਰਾਂ ਨੂੰ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਤੋਂ ਮਾਂ ਭਗਵਤੀ ਦੀ ਪਾਵਨ ਜੋਤ ਜਾਗਰਣ ਤੋਂ ਸੱਤ ਦਿਨ ਪਹਿਲਾਂ ਅਮਿਤ ਮਿੱਤਲ ਦੇ ਨਿਵਾਸ ਸਥਾਨ ’ਤੇ ਲਿਆਂਦੀ ਜਾਵੇਗੀ, ਜਿੱਥੇ ਵਿਧੀਵਤ ਝੰਡਾ ਪੂਜਨ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਜਾਗਰਣ ’ਚ ਪਹੁੰਚ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ’ਚ ਸਹਿਯੋਗ ਦੇਣ।