ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਾਸ਼ੀ ਭੇਟ ਕੀਤੀ ਹਲਕਾ ਧਰਮਕੋਟ ਦੀਆਂ ਆਂਗਣਵਾੜੀ
Publish Date: Sat, 14 Nov 2026 03:21 PM (IST)
Updated Date: Sat, 14 Nov 2026 03:24 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ: ਹਲਕਾ ਧਰਮਕੋਟ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਸਮਾਜ ਦੀ ਭਲਾਈ ਅਤੇ ਬੱਚਿਆਂ ਤੇ ਮਾਵਾਂ ਦੀ ਦੇਖਭਾਲ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦਾ ਸਮਰਪਣ ਅਤੇ ਯੋਗਦਾਨ ਸਾਡੇ ਸਮਾਜ ਦੀ ਮਜ਼ਬੂਤ ਨੀਂਹ ਹੈ। ਉਹ ਜ਼ਮੀਨੀ ਪੱਧਰ ਤੇ ਮਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਬਿਹਤਰ ਭਵਿੱਖ ਲਈ ਮਹੱਤਵਪੂਰਨ ਸੇਵਾਵਾਂ ਨਿਭਾਅ ਰਹੀਆਂ ਹਨ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਲਕਾ ਧਰਮਕੋਟ ਦੀਆਂ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਵਿਧਾਇਕ ਲਾਡੀ ਢੋਸ ਨੇ ਸਮੂਹ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਕੰਮਕਾਜ ’ਤੇ ਸਮਾਜ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਅਤੇ ਲੋਕਾਂ ਵਿਚਕਾਰ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਬੱਚਿਆਂ ਦੇ ਪੋਸ਼ਣ, ਮੁੱਢਲੀ ਦੇਖਭਾਲ ਅਤੇ ਮਾਵਾਂ ਦੀ ਭਲਾਈ ਲਈ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਸਮਾਜ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਂਦੀਆਂ ਹਨ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਮਾਵਾਂ ਅਤੇ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦੇਣਾ ਬੇਹੱਦ ਜ਼ਰੂਰੀ ਹੈ। ਆਂਗਣਵਾੜੀ ਵਰਕਰਾਂ ਦਾ ਸਮਰਪਣ, ਮਿਹਨਤ ਅਤੇ ਸੇਵਾ ਭਾਵਨਾ ਕਾਬਿਲੇ ਤਾਰੀਫ਼ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਬਨਦੀਪ ਸਿੰਘ ਅਤੇ ਆਂਗਣਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ।