- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਐੱਸਆਈਆਰ ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਅਤੇ ਸਕੱਤਰ, ਸਹਿਕਾਰਤਾ ਵਿਭਾਗ, ਪੰਜਾਬ, ਸ੍ਰੀਮਤੀ ਰਿਤੂ ਅਗਰਵਾਲ ਆਈਏਐੱਸ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੂਜਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਸ਼ੇਸ਼ ਕਾਰਜ ਅਫ਼ਸਰ ਸ਼ਹਿਰੀ ਵਿਕਾਸ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕੁਲਪ੍ਰੀਤ ਸਿੰਘ, ਸਮਹੂ ਐੱਸਡੀਐੱਮਜ਼, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ। ਦੌਰੇ ਦੌਰਾਨ ਰੋਲ ਆਬਜ਼ਰਵਰ ਵੱਲੋਂ ਹੋਰ ਚੋਣ ਕਾਰਜਾਂ ਦੀ ਸਮੀਖਿਆ ਦੇ ਨਾਲ-ਨਾਲ ਫਾਰਮ ਨੰਬਰ 6, 7 ਅਤੇ 8 ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ। ਇਨ੍ਹਾਂ ਫਾਰਮਾਂ ਰਾਹੀਂ ਕ੍ਰਮਵਾਰ ਨਵੀਂ ਵੋਟ ਬਣਾਉਣ, ਵੋਟਰ ਸੂਚੀ ’ਚੋਂ ਨਾਮ ਹਟਾਉਣ ਅਤੇ ਵੋਟਰ ਦੇ ਵੇਰਵਿਆਂ ਵਿਚ ਸੋਧ ਕਰਨ ਸਬੰਧੀ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਅਰਜ਼ੀਆਂ ਦੀ ਪ੍ਰਕਿਰਿਆ, ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਦੀ ਪੜਤਾਲ ਅਤੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਰਿਤੂ ਅਗਰਵਾਲ ਨੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਹਦਾਇਤ ਕੀਤੀ ਕਿ ਐੱਸਆਈਆਰ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਤਾਂ ਜੋ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਕਿਹਾ ਕਿ ਐੱਸਆਈਆਰ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਵਧੇਰੇ ਸਹੀ, ਭਰੋਸੇਯੋਗ ਅਤੇ ਅਪਡੇਟ ਬਣਾਉਣਾ ਹੈ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਵੇ ਅਤੇ ਮ੍ਰਿਤਕ, ਸਥਾਨ ਬਦਲ ਚੁੱਕੇ ਜਾਂ ਨਿਯਮਾਂ ਅਨੁਸਾਰ ਅਯੋਗ ਵੋਟਰਾਂ ਨਾਲ ਸਬੰਧਤ ਇੰਦਰਾਜ਼ਾਂ ਨੂੰ ਨਿਰਧਾਰਤ ਪ੍ਰਕਿਰਿਆ ਮੁਤਾਬਕ ਦਰੁਸਤ ਕੀਤਾ ਜਾਵੇ। ਰੋਲ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀਆਂ ਨਾਲ ਸਬੰਧਤ ਅਰਜ਼ੀਆਂ ਦੀ ਜਾਂਚ ਸਮੇਂ ਦਸਤਾਵੇਜ਼ਾਂ ਦੀ ਪੜਤਾਲ ਪੂਰੀ ਸਾਵਧਾਨੀ ਨਾਲ ਕੀਤੀ ਜਾਵੇ ਅਤੇ ਯੋਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨੇ ਐੱਸਆਈਆਰ ਨਾਲ ਸਬੰਧਤ ਸਾਰੇ ਕਾਰਜ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਨ ’ਤੇ ਵੀ ਜ਼ੋਰ ਦਿੱਤਾ।