ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ
Publish Date: Thu, 08 Oct 2026 03:30 PM (IST)
Updated Date: Thu, 08 Oct 2026 03:32 PM (IST)
1500 ਤੋਂ ਵੱਧ ਨੌਜਵਾਨਾਂ ਨੇ ਦਿੱਤਾ ਬਰਾਬਰੀ ਤੇ ਨਸ਼ਾ ਮੁਕਤੀ ਦਾ ਸੰਦੇਸ਼ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ‘ਰਨ ਫਾਰ ਇਕੁਇਲਟੀ’ ਮੈਰਾਥਨ ਕਰਵਾਈ ਗਈ। 5 ਕਿਲੋਮੀਟਰ ਦੀ ਇਸ ਮੈਰਾਥਨ ਵਿੱਚ 1500 ਤੋਂ ਵੱਧ ਨੌਜਵਾਨਾਂ, ਖਿਡਾਰੀਆਂ ਅਤੇ ਮੋਗਾ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਬਰਾਬਰੀ, ਭਾਈਚਾਰੇ, ਤੰਦਰੁਸਤੀ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਇਸ ਮੈਰਾਥਨ ਨੂੰ ਸਵੇਰੇ 6:30 ਵਜੇ ਸਰਕਾਰੀ ਆਈ.ਟੀ.ਆਈ. ਮੋਗਾ ਤੋਂ ਰਵਾਨਾ ਕੀਤਾ ਗਿਆ। ਇਹ ਮੈਰਾਥਨ ਕੈਂਪ ਹਾਊਸ, ਜੋਗਿੰਦਰ ਸਿੰਘ ਚੌਂਕ, ਮੇਨ ਬਾਜ਼ਾਰ, ਗੁਰੂ ਨਾਨਕ ਕਾਲਜ ਅਤੇ ਕਲਾਕ ਟਾਵਰ ਤੋਂ ਹੁੰਦੀ ਹੋਈ ਮੁੜ ਸਰਕਾਰੀ ਆਈਟੀਆਈ ਵਿਖੇ ਸੰਪੰਨ ਹੋਈ। ਮੈਰਾਥਨ ਦੀ ਅਗਵਾਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ। ਇਸ ਮੌਕੇ ਏਡੀਸੀ ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰੱ ਮਿਸ ਹਰਸ਼ਿਤਾ ਸ਼ਰਮਾ, ਐਸਡੀਐੱਮ ਮੋਗਾ ਸਤਵਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਨਵਦੀਪ ਜਿੰਦਲ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ। ਮੈਰਾਥਨ ਦੀ ਸਮਾਪਤੀ ਉਪਰੰਤ ਸਰਕਾਰੀ ਆਈਟੀਆਈ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਹਾਜ਼ਰੀਨ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ, ਖੇਡਾਂ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਅਤੇ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ ਦਾ ਪ੍ਰਣ ਲਿਆ। ਮੈਰਾਥਨ ਵਿੱਚ ਸਭ ਤੋਂ ਪਹਿਲਾਂ ਪਹੁੰਚਣ ਵਾਲੇ 10 ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ, ਸਨਮਾਨ ਚਿੰਨ੍ਹ ਅਤੇ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਏਸ਼ੀਅਨ ਗੇਮਜ਼-2026, ਜਪਾਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਕੇ ਪਰਤੇ ਮੋਗਾ ਜ਼ਿਲ੍ਹੇ ਦੇ ਹੋਣਹਾਰ ਰੋਇੰਗ ਖਿਡਾਰੀ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਅਤੇ ਬਾਘਾਪੁਰਾਣਾ ਦੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਅਤੇ ਜਾਗਰੂਕਤਾ ਪ੍ਰੋਗਰਾਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਲਈ ਮਹੱਤਵਪੂਰਨ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 3100 ਤੋਂ ਵੱਧ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਲਈ ਬਜਟ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ ਅਤੇ 2020-21 ਵਿੱਚ 50 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ ਖੇਡਾਂ ਦਾ ਬਜਟ ਵਧਾ ਕੇ 1791 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ।