- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਵਿਭਾਗ ਪੰਜਾਬ ਵੱਲੋਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਕਬੱਡੀ ਸਰਕਲ ਅਤੇ ਪਾਵਰ ਲਿਫਟਿੰਗ ਦੇ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮਹੱਤਵਪੂਰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਖਿਡਾਰੀਆਂ ਦੀ ਇਸ ਉੱਪਲਬਧੀ ਕਾਰਨ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਿੰਡ ਵਾਸੀਆਂ ਵੱਲੋਂ ਵੀ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸਕੂਲ ਖੇਡਾਂ ਦੇ ਅੰਡਰ-19 ਸਾਲ ਕਬੱਡੀ ਸਰਕਲ ਲੜਕਿਆਂ ਦੇ ਜੋਨ ਡਰੋਲੀ ਭਾਈ ਦੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ ਦੋ ਖਿਡਾਰੀਆਂ ਬੂਟਾ ਸਿੰਘ ਅਤੇ ਰਮਨਪ੍ਰੀਤ ਸਿੰਘ ਦੀ ਸਟੇਟ ਪੱਧਰੀ ਖੇਡਾਂ ਲਈ ਚੋਣ ਹੋਈ ਹੈ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਵੀ ਸਕੂਲ ਦੇ ਖਿਡਾਰੀ ਸਹਿਜਪ੍ਰੀਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਟੇਟ ਖੇਡਾਂ ਲਈ ਆਪਣੀ ਜਗ੍ਹਾ ਬਣਾਈ ਹੈ। ਅੰਡਰ-19 ਸਾਲ ਕਬੱਡੀ ਸਰਕਲ ਲੜਕੀਆਂ ਦੇ ਮੁਕਾਬਲਿਆਂ ਵਿਚ ਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਦੀ ਲੜਕੀਆਂ ਦੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ। ਟੀਮ ਦੀਆਂ ਚਾਰ ਖਿਡਾਰਨਾਂ ਕਰਿਸ਼ਮਾ, ਮਨਪ੍ਰੀਤ ਕੌਰ, ਜੋਤੀ ਅਤੇ ਮਨਪ੍ਰੀਤ ਕੌਰ ਦੀ ਸਟੇਟ ਪੱਧਰੀ ਖੇਡਾਂ ਲਈ ਚੋਣ ਕੀਤੀ ਗਈ ਹੈ। ਇਨ੍ਹਾਂ ਖਿਡਾਰਨਾਂ ਦੀ ਚੋਣ ਨੂੰ ਸਕੂਲ ਲਈ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਾਵਰ ਲਿਫਟਿੰਗ ਦੇ ਮੁਕਾਬਲਿਆਂ ਵਿਚ ਵੀ ਸਕੂਲ ਦੀ ਵਿਦਿਆਰਥਣ ਪਵਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਦੀ ਖੇਡਾਂ ਦੇ ਖੇਤਰ ਵਿਚ ਕਾਰਗੁਜ਼ਾਰੀ ਹੋਰ ਵੀ ਮਜ਼ਬੂਤ ਹੋਈ ਹੈ। ਖਿਡਾਰੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ’ਤੇ ਸਕੂਲ ਦੇ ਡੀਪੀਈ ਅਤੇ ਜੋਨ ਸਕੱਤਰ ਇਕਬਾਲ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਸਦਕਾ ਹੀ ਇਹ ਕਾਮਯਾਬੀ ਹਾਸਲ ਹੋਈ ਹੈ। ਇਕਬਾਲ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਸਟੇਟ ਖੇਡਾਂ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਸਾਰੀ ਫੀਸ ਉਨ੍ਹਾਂ ਵੱਲੋਂ ਦਿੱਤੀ ਜਾਵੇਗੀ, ਜਦਕਿ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਦੀ ਅੱਧੀ ਫੀਸ ਦੇਣ ਦੀ ਜ਼ਿੰਮੇਵਾਰੀ ਵੀ ਉਹ ਨਿਭਾਉਣਗੇ। ਇਸ ਉਪਰਾਲੇ ਦੀ ਸਕੂਲ ਸਟਾਫ਼, ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਇਸ ਮੌਕੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਡੀਪੀਈ ਇਕਬਾਲ ਸਿੰਘ ਨੂੰ ਵਧਾਈ ਦਿੱਤੀ।