ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਕੀਤੀ ਮੰਗ ਸੰਯੁਕਤ ਕਿਸਾਨ ਮੋਰਚਾ ਐੱਸਕੇਐੱਮ
Publish Date: Wed, 21 Oct 2026 03:58 PM (IST)
Updated Date: Wed, 21 Oct 2026 04:00 PM (IST)
ਐੱਸਆਈਆਰ ਦੇ ਮੁੱਦੇ ’ਤੇ ਭਲਕੇ ਧਰਨੇ ਦੇਵੇਗਾ ਸੰਯੁਕਤ ਕਿਸਾਨ ਮੋਰਚਾ ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸੰਯੁਕਤ ਕਿਸਾਨ ਮੋਰਚਾ ਐੱਸਕੇਐੱਮ ਮੋਗਾ ਵੱਲੋਂ 23 ਅਕਤੂਬਰ ਨੂੰ ਐੱਸਆਈਆਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਮੁੱਦੇ ’ਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਬਲੌਰ ਸਿੰਘ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਹਰਜੀਤ ਸਿੰਘ ਮਨਾਵਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਕਸ਼ਮੀਰ ਸਿੰਘ ਭੇਖਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਕੀਤੀ। ਮੀਟਿੰਗ ਦੌਰਾਨ ਐੱਸਆਈਆਰ ਦੀ ਪ੍ਰਕਿਰਿਆ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂ ’ਤੇ ਦੇਸ਼ ਭਰ ਅਤੇ ਪੰਜਾਬ ਵਿਚ ਵੋਟਾਂ ਕੱਟਣ ਅਤੇ ਆਪਣੇ ਚਹੇਤਿਆਂ ਦੀਆਂ ਵੋਟਾਂ ਬਣਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਆਗੂਆਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ ਅਤੇ ਕਿਸੇ ਵੀ ਯੋਗ ਨਾਗਰਿਕ ਨੂੰ ਇਸ ਹੱਕ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਜਾਂਦਾ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਵੋਟਰਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਸੰਘਰਸ਼ ਕਰਨਗੀਆਂ ਅਤੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇਸੇ ਲੜੀ ਤਹਿਤ 23 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਧਰਨੇ ਦੇ ਕੇ ਐੱਸਆਈਆਰ ਦੀ ਪ੍ਰਕਿਰਿਆ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਮੀਟਿੰਗ ਦੌਰਾਨ ਧਰਨਿਆਂ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਬਲਕਰਨ ਸਿੰਘ ਢਿੱਲੋਂ ਅਤੇ ਹਰਮਨਪ੍ਰੀਤ ਸਿੰਘ, ਗੁਰਮੇਲ ਸਿੰਘ ਕੁਲ ਹਿੰਦ ਕਿਸਾਨ ਸਭਾ, ਜਾਗੀਰ ਸਿੰਘ ਬੀਕੇਯੂ ਰਾਜੇਵਾਲ, ਗੁਰਸਾਜਨ ਪ੍ਰੀਤ ਸਿੰਘ ਮੀਟਿੰਗ ’ਚ ਆਨਲਾਈਨ ਸ਼ਾਮਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਕਾਲੇਕੇ ਡਕੌਂਦਾ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਕਿਰਤੀ ਕਿਸਾਨ ਯੂਨੀਅਨ, ਸੂਬਾ ਆਗੂ ਸੂਰਤ ਸਿੰਘ ਕਾਮਰੇਡ ਕੁੱਲ ਹਿੰਦ ਕਿਸਾਨ ਸਭਾ, ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।