ਮੋਗਾਂ ’ਚ ਸਫਾਈ ਕਾਮਿਆਂ ਦਾ ਰੋਹ ਪ੍ਰਚੰਡ ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਐਕਸ਼ਨ
Publish Date: Mon, 13 Jul 2026 05:24 PM (IST)
Updated Date: Mon, 13 Jul 2026 05:27 PM (IST)
ਮੰਗਾਂ ਨੂੰ ਲੈ ਕੇ ਸ਼ਾਮ ਲਾਲ ਚੌਕ ਚ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਨਗਰ ਨਿਗਮ ਮੋਗਾ ਦੇ ਸਮੂਹ ਮਿਊਂਸੀਪਲ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਕੰਮ-ਛੱਡ ਹੜਤਾਲ ਛੇਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਹੜਤਾਲ ਦੇ ਛੇਵੇਂ ਦਿਨ ਵੱਡੀ ਗਿਣਤੀ ਵਿਚ ਸਫਾਈ ਕਰਮਚਾਰੀ ਅਤੇ ਹੋਰ ਮਿਊਂਸੀਪਲ ਮੁਲਾਜ਼ਮ ਮੋਗਾ ਦੇ ਸ਼ਾਮ ਲਾਲ ਚੌਂਕ ਵਿਚ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਚੌਂਕ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਚੌਂਕ ਵਿਚ ਇਕੱਠੇ ਹੋਏ ਮੁਲਾਜ਼ਮਾਂ ਨੇ ਹੱਥਾਂ ਵਿਚ ਬੈਨਰ ਅਤੇ ਝੰਡੇ ਫੜ ਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਕਈ ਮੀਟਿੰਗਾਂ ਦੌਰਾਨ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਮਲੀ ਪੱਧਰ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਲਿਖਤੀ ਰੂਪ ਵਿੱਚ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਮਿਊਂਸੀਪਲ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲੰਮੇ ਸਮੇਂ ਤੋਂ ਸਰਕਾਰ ਕੋਲ ਲਟਕ ਰਹੀਆਂ ਹਨ, ਪਰ ਉਨ੍ਹਾਂ ਦੇ ਹੱਲ ਲਈ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਦੀ ਆਵਾਜ਼ ਨਾ ਸੁਣੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੰਗਾਂ ਨੂੰ ਮਨਜ਼ੂਰੀ ਨਾ ਦਿੱਤੀ ਤਾਂ ਸੂਬਾ ਪੱਧਰ ਤੇ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਊਂਸੀਪਲ ਮੁਲਾਜ਼ਮ ਆਪਣੇ ਹੱਕਾਂ ਲਈ ਹਰ ਲੋਕਤੰਤਰੀ ਸੰਘਰਸ਼ ਕਰਨ ਲਈ ਤਿਆਰ ਹਨ ਅਤੇ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ। ਪ੍ਰਦਰਸ਼ਨ ਦੇ ਅੰਤ ਵਿਚ ਯੂਨੀਅਨ ਆਗੂਆਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਰੋਸ ਪ੍ਰਦਰਸ਼ਨਾਂ ਦਾ ਘੇਰਾ ਹੋਰ ਵਧਾਇਆ ਜਾਵੇਗਾ, ਜਿਸ ਨਾਲ ਸੂਬੇ ਭਰ ਵਿਚ ਮਿਊਂਸੀਪਲ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਲਈ ਪੂਰੀ ਤਰ੍ਹਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ। ਧਰਨੇ ਅਤੇ ਰੋਸ ਪ੍ਰਦਰਸ਼ਨ ਦੌਰਾਨ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਵਿੱਕੀ ਬੋਹਤ, ਚੇਅਰਮੈਨ ਸਿਕੰਦਰ ਗੁੱਲੂ, ਚੀਫ਼ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਕੈਸ਼ੀਅਰ ਅਜੇ ਪੰਤਮੋਲੀ, ਚੀਫ਼ ਸਕੱਤਰ ਰਵੀ ਸਰਵਾਨ, ਸੀਨੀਅਰ ਆਗੂ ਮਦਨ ਲਾਲ ਬੋਹਤ, ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕ੍ਰਿਸ਼ਨ ਬੋਹਤ, ਹਰਬੰਸ ਸਾਗਰ, ਸੰਯੁਕਤ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਚਾਵਰੀਆ, ਬੇਲਦਾਰ ਯੂਨੀਅਨ ਤੋਂ ਜਸਮੇਲ ਸਿੰਘ ਅਤੇ ਪ੍ਰਵੀਨ ਕੁਮਾਰ, ਸੀਵਰੇਜ ਯੂਨੀਅਨ ਤੋਂ ਸਤੀਸ਼ ਕੁਮਾਰ, ਜਸਪਾਲ, ਰਾਜ ਕੁਮਾਰ ਚੰਡਾਲੀਆ, ਅਸ਼ੋਕ ਪੰਤਮੋਲੀ, ਰਘੂਵੀਰ ਅਨਾਰੀਆ, ਅਜੇ ਚਾਵਰੀਆ, ਕੁਲਵੰਤ ਰਾਏ, ਸੁਰੇਸ਼ ਕਰੋਤੀਆ, ਸੁਰੇਸ਼ ਰਾਜਪੂਤ, ਅਭੀਜੀਤ ਰਾਜਪੂਤ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਯੂਨੀਅਨ ਆਗੂ ਹਾਜ਼ਰ ਸਨ।