- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਨਗਰ ਨਿਗਮ ਦੇ ਸਫਾਈ

- ਸਰਕਾਰ ਨੂੰ ਵਾਅਦੇ ਪੂਰੇ ਕਰਨ ਦੀ ਚਿਤਾਵਨੀ
- ਬਰਨਾਲਾ ਲਾਠੀਚਾਰਜ ਦੀ ਸਖ਼ਤ ਨਿਖੇਧੀ, ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ
ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਮੰਗਾਂ ਦੀ ਪੂਰਤੀ ਲਈ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਜ਼ਿਲ੍ਹੇ ਭਰ ਦੀਆਂ ਸਮਾਜਿਕ, ਕਿਸਾਨ, ਮੁਲਾਜ਼ਮ, ਵਪਾਰਕ ਅਤੇ ਹੋਰ ਜਨਤਕ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਨਗਰ ਨਿਗਮ ਦੇ ਹਾਲ ਵਿੱਚ ਹੋਈ ਵਿਸ਼ੇਸ਼ ਮੀਟਿੰਗ ਦੌਰਾਨ 50 ਤੋਂ ਵੱਧ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਇੱਕਜੁਟ ਹੋਣ ਦਾ ਐਲਾਨ ਕੀਤਾ ਅਤੇ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਅਪੀਲ ਕੀਤੀ।
ਜਾਣਕਾਰੀ ਅਨੁਸਾਰ ਸਫ਼ਾਈ ਕਰਮਚਾਰੀਆਂ ਵੱਲੋਂ ਜ਼ਿਲ੍ਹੇ ਦੀਆਂ 60 ਤੋਂ ਵੱਧ ਵੱਖ-ਵੱਖ ਜਥੇਬੰਦੀਆਂ ਨੂੰ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਨੂੰ ਸਵੀਕਾਰ ਕਰਦਿਆਂ 50 ਤੋਂ ਵੱਧ ਜਥੇਬੰਦੀਆਂ ਦੇ ਪ੍ਰਧਾਨ ਇਸ ਮੀਟਿੰਗ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਜਾਇਜ਼ ਕਰਾਰ ਦਿੰਦਿਆਂ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਬਰਸਾਤ, ਗਰਮੀ ਜਾਂ ਸਰਦੀ ਹਰ ਮੌਸਮ ਵਿਚ ਆਪਣੀ ਡਿਊਟੀ ਨਿਭਾਉਣ ਵਾਲੇ ਇਨ੍ਹਾਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਨਾਲ ਕੋਈ ਵਾਅਦੇ ਕੀਤੇ ਹਨ ਤਾਂ ਉਨ੍ਹਾਂ ਨੂੰ ਇਮਾਨਦਾਰੀ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਫ਼ਾਈ ਯੂਨੀਅਨ ਦੇ ਜਨਰਲ ਸੈਕਟਰੀ ਨਰੋਤਮ ਬੋਹਤ ਨੇ ਕਿਹਾ ਕਿ ਸੰਘਰਸ਼ ਦੌਰਾਨ ਮਿਲ ਰਿਹਾ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦਾ ਸਹਿਯੋਗ ਸਫ਼ਾਈ ਕਰਮਚਾਰੀਆਂ ਦਾ ਹੌਸਲਾ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸ਼ਾਮਲ ਹਰ ਜਥੇਬੰਦੀ ਨੇ ਸਫ਼ਾਈ ਕਰਮਚਾਰੀਆਂ ਦੇ ਹਰ ਪੱਖ ਨੂੰ ਸਮਝਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇਕ ਵਰਗ ਦੀ ਨਹੀਂ, ਸਗੋਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਹੈ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਅੰਦੋਲਨ ਚਲਾਇਆ ਜਾਵੇਗਾ।
ਦੂਜੇ ਪਾਸੇ ਨਗਰ ਨਿਗਮ ਕੰਪਲੈਕਸ ਵਿਚ ਸਫ਼ਾਈ ਕਰਮਚਾਰੀਆਂ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ਵਿਚ ਕਰਮਚਾਰੀ ਆਗੂਆਂ ਨੇ ਸਰਕਾਰ ਦੀ ਨੀਤੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਸਫ਼ਾਈ ਕਰਮਚਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ। ਇਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਲਾਠੀਆਂ ਵਰ੍ਹਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਕਰਮਚਾਰੀਆਂ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ ਗਈ, ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਕਰਮਚਾਰੀ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਡਰ ਅਤੇ ਦਬਾਅ ਦੀ ਨੀਤੀ ਅਪਣਾ ਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ ਤਾਂ ਇਹ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਦੇ ਰਹਿਣਗੇ ਅਤੇ ਜ਼ਰੂਰਤ ਪੈਣ 'ਤੇ ਇਸ ਅੰਦੋਲਨ ਨੂੰ ਪੰਜਾਬ ਪੱਧਰ ਤੱਕ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਦੇ ਅਖੀਰ ਵਿਚ ਸਾਰੀਆਂ ਜਥੇਬੰਦੀਆਂ ਨੇ ਇਕ ਸੁਰ ਵਿਚ ਐਲਾਨ ਕੀਤਾ ਕਿ ਉਹ ਸਫ਼ਾਈ ਕਰਮਚਾਰੀਆਂ ਦੀ ਲੜਾਈ ਵਿਚ ਹਰ ਪੜਾਅ 'ਤੇ ਉਨ੍ਹਾਂ ਦੇ ਨਾਲ ਖੜ੍ਹੀਆਂ ਰਹਿਣਗੀਆਂ। ਨਾਲ ਹੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।