ਗੁਰੂ ਨਾਨਕ ਪਬਲਿਕ ਸਕੂਲ ਬਿਲਾਸਪੁਰ ’ਚ ਬੂਟੇ ਵੰਡੇ ਵਾਤਾਵਰਣ ਦੀ ਸੁਰੱਖਿਆ ਅਤੇ ਹਰਿਆਲੀ
Publish Date: Mon, 13 Jul 2026 04:32 PM (IST)
Updated Date: Mon, 13 Jul 2026 04:33 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਵਾਤਾਵਰਣ ਦੀ ਸੁਰੱਖਿਆ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੇਂਦਰ ਸਰਕਾਰ ਦੀ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਵਿਸ਼ੇਸ਼ ਪੌਦਾ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਚੇਅਰਮੈਨ ਭੁਪਿੰਦਰ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਸੁਖਪਾਲ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ ਅਤੇ ਔਸ਼ਧੀ ਪੌਦੇ ਵੰਡੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਾਂ ਦੇ ਨਾਮ ਤੇ ਇਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਜਗਦੇਵ ਸਿੰਘ ਨੇ ਸੰਬੋਧਨ ਵਿਚ ਕਿਹਾ ਕਿ ਰੁੱਖ ਧਰਤੀ ਦਾ ਸ਼ਿੰਗਾਰ ਅਤੇ ਮਨੁੱਖੀ ਜੀਵਨ ਦਾ ਆਧਾਰ ਹਨ। ਵਧਦਾ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਵਾਤਾਵਰਣ ਸੰਕਟ ਸਾਡੇ ਲਈ ਗੰਭੀਰ ਚੁਣੌਤੀਆਂ ਹਨ, ਜਿਨ੍ਹਾਂ ਦਾ ਹੱਲ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਸ ਨੂੰ ਇਕ ਰੁੱਖ ਬਣਨ ਤੱਕ ਸੰਭਾਲਣਾ ਹਰ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ ਹੈ। ਸਕੂਲ ਚੇਅਰਮੈਨ ਭੁਪਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ‘ਇਕ ਪੇੜ ਮਾਂ ਦੇ ਨਾਮ’ ਮੁਹਿੰਮ ਸਿਰਫ਼ ਰੁੱਖ ਲਗਾਉਣ ਤੱਕ ਸੀਮਿਤ ਨਹੀਂ, ਸਗੋਂ ਮਾਂ ਪ੍ਰਤੀ ਸਤਿਕਾਰ ਅਤੇ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ। ਡਾਇਰੈਕਟਰ ਸੁਖਪਾਲ ਕੌਰ ਨੇ ਕਿਹਾ ਕਿ ਅੱਜ ਦਾ ਵਿਦਿਆਰਥੀ ਹੀ ਕੱਲ੍ਹ ਦਾ ਜ਼ਿੰਮੇਵਾਰ ਨਾਗਰਿਕ ਹੈ। ਜੇਕਰ ਬੱਚਿਆਂ ਵਿਚ ਬਚਪਨ ਤੋਂ ਹੀ ਵਾਤਾਵਰਣ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ ਜਾਵੇ ਤਾਂ ਭਵਿੱਖ ਵਿਚ ਇਕ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਸਮਾਜ ਸਿਰਜਿਆ ਜਾ ਸਕਦਾ ਹੈ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਹਰ ਵਿਦਿਆਰਥੀ ਤੋਂ ਪੌਦੇ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਕਲਪ ਕਰਵਾਇਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਪੌਦੇ ਪ੍ਰਾਪਤ ਕੀਤੇ ਅਤੇ ਉਨ੍ਹਾਂ ਨੂੰ ਆਪਣੇ ਘਰ ਜਾਂ ਆਲੇ-ਦੁਆਲੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਵਚਨ ਦਿੱਤਾ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੀਆਂ ਵਾਤਾਵਰਣ ਪੱਖੀ ਮੁਹਿੰਮਾਂ ਨਾ ਸਿਰਫ਼ ਧਰਤੀ ਨੂੰ ਹਰਿਆ-ਭਰਿਆ ਬਣਾਉਣ ਵਿਚ ਸਹਾਈ ਸਾਬਤ ਹੋਣਗੀਆਂ, ਸਗੋਂ ਨੌਜਵਾਨ ਪੀੜ੍ਹੀ ਵਿਚ ਕੁਦਰਤ ਪ੍ਰਤੀ ਪਿਆਰ, ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਨਗੀਆਂ। ਇਹ ਸਮਾਗਮ ਵਾਤਾਵਰਣ ਸੰਭਾਲ ਵੱਲ ਇਕ ਪ੍ਰੇਰਣਾਦਾਇਕ ਅਤੇ ਯਾਦਗਾਰੀ ਉਪਰਾਲਾ ਸਾਬਤ ਹੋਇਆ।