ਐੱਸਡੀ ਗਰਲਜ਼ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਦੇ ਪ੍ਰਸਿੱਧ ਐੱਸਡੀ ਗਰਲਜ਼
Publish Date: Thu, 02 Apr 2026 04:24 PM (IST)
Updated Date: Fri, 03 Apr 2026 04:05 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੇ ਪ੍ਰਸਿੱਧ ਐੱਸਡੀ ਗਰਲਜ਼ ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਇਸ ਵਾਰ ਸ਼ਤ-ਪ੍ਰਤੀਸ਼ਤ ਰਹਿ ਕੇ ਸਕੂਲ ਲਈ ਮਾਣ ਅਤੇ ਖੁਸ਼ੀ ਦਾ ਕਾਰਨ ਬਣਿਆ ਹੈ। ਨਤੀਜੇ ਵਿਚ ਸਾਰੇ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਮਹਿਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਨੇ ਇਕ ਵਾਰ ਫਿਰ ਸਿੱਖਿਆ ਦੇ ਖੇਤਰ ਵਿਚ ਆਪਣੀ ਮਜ਼ਬੂਤ ਪਛਾਣ ਕਾਇਮ ਕੀਤੀ ਹੈ। ਇਸ ਪ੍ਰੀਖਿਆ ਵਿਚ ਇਸ਼ਿਕਾ ਨੇ 499 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਰੌਸ਼ਨੀ ਨੇ 495 ਵਿਚੋਂ 500 ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਵੰਸ਼ਿਕਾ ਨੇ 490 ਵਿਚੋਂ 500 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ਹੋਰਾਂ ਲਈ ਪ੍ਰੇਰਣਾ ਦਾ ਸਰੋਤ ਬਣੀ ਹੈ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਇਸ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਉੱਚ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟ੍ਰਾਫੀਆਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਇਹ ਨਤੀਜਾ ਸਿਰਫ਼ ਵਿਦਿਆਰਥੀਆਂ ਦੀ ਮਹਿਨਤ ਦਾ ਹੀ ਨਹੀਂ, ਸਗੋਂ ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਵੀ ਪ੍ਰਤੀਕ ਹੈ। ਸਕੂਲ ਦੀ ਪ੍ਰਿੰਸੀਪਲ ਸੋਨੀਆ ਹਰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲ ਹਮੇਸ਼ਾ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮਕ ਹੀ ਨਹੀਂ, ਸਗੋਂ ਨੈਤਿਕ ਮੁੱਲਾਂ ਨਾਲ ਵੀ ਜੋੜਨ ’ਤੇ ਖ਼ਾਸ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਸਕੂਲ ਦੇ ਸਾਰੇ ਅਧਿਆਪਕਾਂ ਦੀ ਕੜੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਲਗਨ ਅਤੇ ਸਮਰਪਣ ਦੇ ਬਗੈਰ ਇਸ ਤਰ੍ਹਾਂ ਦੇ ਨਤੀਜੇ ਸੰਭਵ ਨਹੀਂ। ਇਸ ਮੌਕੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਇਕ ਦੂਜੇ ਨੂੰ ਵਧਾਈ ਦਿੱਤੀ।