- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਨਸ਼ਿਆਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਪੱਤੋ ਹੀਰਾ ਸਿੰਘ ਦੀ ਸੱਥ ਵਿਖੇ ਐੱਸਡੀਐੱਮ ਨਿਹਾਲ ਸਿੰਘ ਵਾਲਾ ਗਗਨਦੀਪ ਸਿੰਘ ਵੱਲੋਂ ਆਮ ਲੋਕਾਂ ਨਾਲ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਐੱਸਡੀਐੱਮ ਗਗਨਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪ੍ਰਸ਼ਾਸਨ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਦੇ ਲੋਕਾਂ, ਪੰਚਾਇਤਾਂ, ਨੌਜਵਾਨਾਂ ਅਤੇ ਸਮਾਜਿਕ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਬਾਰੇ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਸੂਚਨਾ ਦਿੱਤੀ ਜਾਵੇ, ਤਾਂ ਜੋ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨਸ਼ਾ ਛੁਡਾਊ ਇਲਾਜ, ਜਾਗਰੂਕਤਾ ਗਤੀਵਿਧੀਆਂ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।