- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱ ਫ਼ਸੀ ਗਰੁੱਪ ਆਫ਼

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਸਐੱਫ਼ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਜਲਾਲਾਬਾਦ ਵੱਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਖ਼ਸੀਅਤ ਉਸਾਰੀ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਐੱਸਐੱਫ਼ਸੀ ਕਾਲਜ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਜੀਵਨ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਕਾਰਾਤਮਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨਾ, ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਹੀ ਸੇਧ ਦੇਣਾ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਲਹਿਰ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੁੱਖ ਬੁਲਾਰੇ ਭਾਈ ਸਤਨਾਮ ਸਿੰਘ ਸਲ੍ਹੋਪੁਰੀ ਅਤੇ ਭਾਈ ਇੰਦਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰੇ ਦਾ ਕੰਮ ਕਰ ਰਹੀਆਂ ਹਨ। ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਹੈ, ਜੋ ਮਨੁੱਖ ਨੂੰ ਇਕ ਚੰਗਾ ਇਨਸਾਨ ਬਣਨ ਦੀ ਪ੍ਰੇਰਨਾ ਦਿੰਦਾ ਹੈ।ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਬੁਲਾਰਿਆਂ ਦੇ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਤੋਂ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਨਾ ਪ੍ਰਾਪਤ ਕੀਤੀ। ਸਮਾਗਮ ਦੇ ਅੰਤ ਵਿਚ ਐੱਸਐੱਫ਼ਸੀ ਕਾਲਜ ਦੇ ਪ੍ਰਿੰਸੀਪਲ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਸਤਨਾਮ ਸਿੰਘ ਸਲ੍ਹੋਪੁਰੀ ਅਤੇ ਭਾਈ ਇੰਦਰਜੀਤ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਈ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।