- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਪੂਰਬਕ ਮਨਾਇਆ ਗਿਆ। ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਕਰਵਾਏ ਇਸ ਸਮਾਗਮ ਦਾ ਆਗਾਜ਼ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਕੇ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਵਰਗ ਦੇ ਦਿਲਾਂ ਦੀ ਧੜਕਣ ਹਨ। ਉਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਨੌਜਵਾਨ ਵਰਗ ਨੂੰ ਲਾਮਬੰਦ ਕਰਕੇ ਬਰਤਾਨਵੀ ਸਾਮਰਾਜ ਦੀਆਂ ਜੜਾਂ ਹਿਲਾ ਦਿੱਤੀਆਂ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਣਾ ਲੈ ਕੇ ਨੌਜਵਾਨਾਂ ਨੂੰ ਉਸਾਰੂ ਸਾਹਿਤ ਨਾਲ ਜੁੜਣਾ ਚਾਹੀਦਾ ਹੈ ਜਿਸ ਤੋਂ ਸੇਧ ਲੈ ਕੇ ਉਹ ਸਮਾਜਿਕ ਅਨਿਆਂ, ਵਿਤਕਰੇ ਅਤੇ ਜਬਰ ਜ਼ੁਲਮ ਵਿਰੁੱਧ ਡਟਣ ਦੇ ਸਮਰੱਥ ਬਣ ਸਕਣ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਅਸਲ ਨਾਇਕ ਹਨ, ਜਿੰਨ੍ਹਾਂ ਨੇ ਸਾਨੂੰ ਆਪਣੇ ਹੱਕਾਂ ਅਤੇ ਫਰਜ਼ਾਂ ਪ੍ਰਤੀ ਸੁਚੇਤ ਕਰਕੇ ਅਣਖ ਤੇ ਗ਼ੈਰਤ ਨਾਲ ਜਿਉਣ ਦੀ ਜਾਚ ਸਿਖਾਈ ਹੈ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੁਨੇਹੇ ਵਿਚ ਵਲੰਟੀਅਰਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਜਾਣੂੰ ਹੋਣ ਬਾਰੇ ਕਿਹਾ ਤਾਂ ਕਿ ਸ਼ਹੀਦਾਂ ਦੇ ਦਰਸਾਏ ਮਾਰਗ ਦੇ ਪਾਂਧੀ ਬਣ ਕੇ ਉਨ੍ਹਾਂ ਦੇ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ। ਇਸ ਮੌਕੇ ਵਲੰਟੀਅਰਾਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਦੇ ਮਾਧਿਅਮ ਰਾਹੀਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਰੌਸ਼ਨੀ ਪਾਈ।