ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਰਾਂ ਨੇ ਜਿੱਤੇ 2 ਗੋਲਡ ਮੈਡਲ ਮੋਗਾ ਸ਼ਹਿਰ ਦੀ ਨਾਮਵਰ
Publish Date: Mon, 09 Nov 2026 03:57 PM (IST)
Updated Date: Mon, 09 Nov 2026 03:59 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਲਗਾਤਾਰ ਸਿੱਖਿਆ, ਖੇਡਾਂ, ਸੱਭਿਆਚਾਰ ਅਤੇ ਹੋਰ ਗਤੀਵਿਧੀਆਂ ’ਚ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ। ਇਸੇ ਲੜੀ ਦੇ ਤਹਿਤ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ 2 ਗੋਲਡ ਮੈਡਲ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ 27 ਅਕਤੂਬਰ ਤੋਂ 2 ਨਵੰਬਰ ਤੱਕ ਰੋਪੜ ਵਿਖੇ ਆਯੋਜਿਤ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਦੌਰਾਨ ਬਲੂਮਿੰਗ ਬਡਜ਼ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਨੇ ਓਪਨ ਸਾਈਟ ਰਾਈਫਲ ਸ਼ੂਟਿੰਗ ਦੇ ਅੰਡਰ-19 ਵਰਗ ਵਿੱਚ ਟੀਮ ਪੱਧਰ ਤੇ ਪਹਿਲਾ ਸਥਾਨ ਹਾਸਲ ਕਰਕੇ 2 ਸੋਨ ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਮੁਕਾਬਲਿਆਂ ਵਿੱਚ ਕਰਨਵੀਰ ਸਿੰਘ ਸਹੋਤਾ ਅਤੇ ਮਨਵੀਰ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਅਤੇ ਨਿਸ਼ਾਨੇਬਾਜ਼ੀ ਦੇ ਜੌਹਰ ਦਿਖਾਉਂਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 900 ਖਿਡਾਰੀਆਂ ਨੇ ਭਾਗ ਲਿਆ, ਜਿੰਨ੍ਹਾਂ ’ਚੋਂ ਸਕੂਲ ਦੇ ਦੋਵੇਂ ਸ਼ੂਟਰਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਖੁਸ਼ੀ ਵਿਚ ਸਕੂਲ ਦੀ ਸਵੇਰ ਦੀ ਵਿਸ਼ੇਸ਼ ਅਸੈਂਬਲੀ ਦੌਰਾਨ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਈਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵੱਲੋਂ ਜੇਤੂ ਖਿਡਾਰੀਆਂ ਨੂੰ ਸਟੇਜ ਤੇ ਬੁਲਾ ਕੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਪਰਸਨ ਕਮਲ ਸੈਣੀ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚ ਵੱਲੋਂ ਦਿੱਤੀ ਗਈ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਅੰਤਰਰਾਸ਼ਟਰੀ ਪੱਧਰ ਦੀ ਆਧੁਨਿਕ ਅਤੇ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸ਼ੂਟਿੰਗ ਰੇਂਜ ਸਥਾਪਿਤ ਕੀਤੀ ਗਈ ਹੈ। ਇਸ ਰੇਂਜ ਦੀ ਵਿਸ਼ੇਸ਼ਤਾ ਇਹ ਹੈ ਕਿ ਨਿਸ਼ਾਨਾ ਲਗਾਉਣ ਤੋਂ ਤੁਰੰਤ ਬਾਅਦ ਉਸ ਦਾ ਨਤੀਜਾ ਲੈਪਟਾਪ ਦੀ ਸਕਰੀਨ ਤੇ ਦੇਖਿਆ ਜਾ ਸਕਦਾ ਹੈ, ਜਿਸ ਨਾਲ ਖਿਡਾਰੀਆਂ ਨੂੰ ਆਪਣੀਆਂ ਕਮੀਆਂ ਨੂੰ ਸਮਝਣ ਅਤੇ ਪ੍ਰਦਰਸ਼ਨ ਵਿਚ ਸੁਧਾਰ ਕਰਨ ਵਿਚ ਮਦਦ ਮਿਲਦੀ ਹੈ। ਸਕੂਲ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਡ ਸਹੂਲਤਾਂ, ਮਾਹਿਰ ਕੋਚਾਂ ਦੀ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਸੰਭਵ ਹੋ ਰਹੀਆਂ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।