ਪਟਾਕਿਆਂ ਦੇ ਵਿਵਾਦ 'ਚ ਚੱਲੀ ਗੋਲੀ ! ਮੋਗਾ 'ਚ ਅੱਧੀ ਰਾਤ ਨੂੰ 10-12 ਨੌਜਵਾਨਾਂ ਨੇ ਹੈੱਪੀ ਅਰੋੜਾ ਨੂੰ ਬਣਾਇਆ ਨਿਸ਼ਾਨਾ, 6 ਗ੍ਰਿਫ਼ਤਾਰ
ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਮੁਤਾਬਕ, ਕੁਝ ਸਮੇਂ ਬਾਅਦ ਹੈਪੀ ਅਰੋੜਾ ਆਪਣੇ ਦੋਸਤਾਂ ਨੂੰ ਘਰ ਛੱਡਣ ਜਾ ਰਿਹਾ ਸੀ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਕਰੀਬ 10 ਤੋਂ 12 ਨੌਜਵਾਨਾਂ ਨੇ ਰਸਤੇ 'ਚ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਨ ਤੋਂ ਬਾਅਦ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਹੈਪੀ ਗੰਭੀਰ ਜ਼ਖ਼ਮੀ ਹੋ ਕੇ ਸੜਕ 'ਤੇ ਡਿੱਗ ਪਿਆ।
Publish Date: Tue, 10 Nov 2026 02:04 PM (IST)
Updated Date: Tue, 10 Nov 2026 02:08 PM (IST)
ਸੰਵਾਦ ਸਹਿਯੋਗੀ, ਜਾਗਰਣ ਮੋਗਾ : ਦੀਵਾਲੀ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਵਿਵਾਦ ਖ਼ੂਨੀ ਸੰਘਰਸ਼ 'ਚ ਬਦਲ ਗਿਆ। ਮੋਗਾ ਦੇ ਸਾਹਿਬਜ਼ਾਦਾ ਅਜੀਤ ਨਗਰ 'ਚ ਸੋਮਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਕਰੀਬ 10 ਤੋਂ 12 ਨੌਜਵਾਨਾਂ ਨੇ ਹੈਪੀ ਅਰੋੜਾ ਨੂੰ ਘੇਰ ਲਿਆ। ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਹੈਪੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ 'ਚ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ, ਸੋਮਵਾਰ ਰਾਤ ਕਰੀਬ 11:30 ਤੋਂ 12 ਵਜੇ ਦੇ ਵਿਚਕਾਰ ਸਾਹਿਬਜ਼ਾਦਾ ਅਜੀਤ ਨਗਰ 'ਚ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਦੇ ਮੌਕੇ 'ਤੇ ਗੁਆਂਢ 'ਚ ਰਹਿਣ ਵਾਲੇ ਕੁਝ ਨੌਜਵਾਨ ਦੇਰ ਰਾਤ ਤੱਕ ਪਟਾਕੇ ਚਲਾ ਰਹੇ ਸਨ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਬਹਿਸਬਾਜ਼ੀ ਹੋਈ, ਜੋ ਦੇਖਦੇ ਹੀ ਦੇਖਦੇ ਗਾਲੀ-ਗਲੋਚ ਤੱਕ ਪਹੁੰਚ ਗਈ। ਹਾਲਾਂਕਿ, ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ ਸੀ, ਪਰ ਵਿਵਾਦ ਦੀ ਰੰਜਿਸ਼ ਬਾਅਦ 'ਚ ਹਿੰਸਕ ਝੜਪ 'ਚ ਬਦਲ ਗਈ।
ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਮੁਤਾਬਕ, ਕੁਝ ਸਮੇਂ ਬਾਅਦ ਹੈਪੀ ਅਰੋੜਾ ਆਪਣੇ ਦੋਸਤਾਂ ਨੂੰ ਘਰ ਛੱਡਣ ਜਾ ਰਿਹਾ ਸੀ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਕਰੀਬ 10 ਤੋਂ 12 ਨੌਜਵਾਨਾਂ ਨੇ ਰਸਤੇ 'ਚ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਨ ਤੋਂ ਬਾਅਦ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਹੈਪੀ ਗੰਭੀਰ ਜ਼ਖ਼ਮੀ ਹੋ ਕੇ ਸੜਕ 'ਤੇ ਡਿੱਗ ਪਿਆ।
ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰਾਤ ਕਰੀਬ 12 ਵਜੇ ਸਾਹਿਬਜ਼ਾਦਾ ਅਜੀਤ ਨਗਰ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਕਿ ਪਟਾਕੇ ਚਲਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਵਿਵਾਦ ਹੋਇਆ ਸੀ। ਇਸ ਤੋਂ ਬਾਅਦ ਘਰ ਪਰਤ ਰਹੇ ਨੌਜਵਾਨ ਨੂੰ ਰਸਤੇ 'ਚ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਫਾਇਰਿੰਗ ਕੀਤੀ ਗਈ।
ਡੀਐੱਸਪੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਤੋਂ ਬਾਅਦ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ 'ਚੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਕਾਰਵਾਈ ਕਰ ਰਹੀਆਂ ਹਨ।
ਪੁਲਿਸ ਵਾਰਦਾਤ 'ਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਅਤੇ ਫਾਇਰਿੰਗ 'ਚ ਵਰਤੇ ਗਏ ਹਥਿਆਰ ਬਾਰੇ ਵੀ ਜਾਂਚ ਕਰ ਰਹੀ ਹੈ। ਦੀਵਾਲੀ ਵਰਗੇ ਖ਼ੁਸ਼ੀਆਂ ਦੇ ਤਿਉਹਾਰ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਗੋਲੀਬਾਰੀ ਤੱਕ ਪਹੁੰਚਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।