- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਡੀ ਗਰਲਜ਼ ਸਕੂਲ ਵਿਖੇ ਸ਼੍ਰੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਸਡੀ ਗਰਲਜ਼ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਨ੍ਹਾ ਉਤਸਵ ਨੂੰ ਯਾਦਗਾਰ ਬਣਾਇਆ। ਸਕੂਲ ਵਿਚ ਛੋਟੇ-ਛੋਟੇ ਬੱਚੇ ਭਗਵਾਨ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਸਜ-ਧਜ ਕੇ ਪਹੁੰਚੇ। ਬੱਚਿਆਂ ਦੀਆਂ ਮਨਮੋਹਕ ਪੌਸ਼ਾਕਾਂ, ਮਾਸੂਮ ਅਦਾਵਾਂ ਅਤੇ ਸੁੰਦਰ ਰੂਪ ਨੇ ਅਧਿਆਪਕਾਂ ਅਤੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਜਨਮ ਅਸ਼ਟਮੀ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਬਾਲ ਲੀਲਾਵਾਂ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਬੱਚਿਆਂ ਨੇ ਨਾਚ ਅਤੇ ਨਾਟਕ ਰਾਹੀਂ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਜੁੜੇ ਪ੍ਰਸੰਗਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਨੰਨ੍ਹੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਖ਼ਾਸ ਰੰਗ ਭਰ ਦਿੱਤਾ ਅਤੇ ਸਾਰਿਆਂ ਵੱਲੋਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਹਰਸ਼ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਅਤੇ ਧਾਰਮਿਕ ਸਮਾਗਮ ਬੱਚਿਆਂ ਨੂੰ ਆਪਣੀ ਭਾਰਤੀ ਸੰਸਕ੍ਰਿਤੀ, ਸੱਭਿਅਤਾ ਅਤੇ ਪਰੰਪਰਾਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਸਿੱਖਿਆ ਦਾ ਮਕਸਦ ਨਹੀਂ, ਸਗੋਂ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਆਪਣੀ ਬੁੱਧੀ, ਹਿੰਮਤ ਅਤੇ ਸੂਝ-ਬੂਝ ਨਾਲ ਬੁਰਾਈ ’ਤੇ ਜਿੱਤ ਹਾਸਲ ਕਰਨ ਦਾ ਸੰਦੇਸ਼ ਦਿੱਤਾ। ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੋਂ ਸਚਾਈ, ਹਿੰਮਤ, ਨੇਕੀ ਅਤੇ ਬੁਰਾਈ ਵਿਰੁੱਧ ਖੜ੍ਹੇ ਹੋਣ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਕੂਲ ਵਿਚ ਸਿੱਖਿਆ ਅਤੇ ਗਿਆਨ ਪ੍ਰਾਪਤ ਕਰਨ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਆਪਣੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਦੇ ਹਨ। ਅਜਿਹੇ ਪ੍ਰੋਗਰਾਮ ਬੱਚਿਆਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ ਉਨ੍ਹਾਂ ਦੀ ਕਲਾ, ਪ੍ਰਤਿਭਾ ਅਤੇ ਰਚਨਾਤਮਕ ਸੋਚ ਨੂੰ ਵੀ ਉਭਾਰਦੇ ਹਨ। ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਦੀਆਂ ਪੇਸ਼ਕਾਰੀਆਂ ਲਈ ਵਿਸ਼ੇਸ਼ ਤਿਆਰੀ ਕਰਵਾਈ ਗਈ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਪ੍ਰੋਗਰਾਮ ’ਚ ਹਿੱਸਾ ਲੈਂਦਿਆਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸਮਾਗਮ ਦੇ ਅੰਤ ’ਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।