- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਸੁਖਮਨੀ ਸਾਹਿਬ ਸੇਵਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਸਮੇਸ਼ ਨਗਰ ਮੋਗਾ ਦੀਆਂ ਸਿੱਖ ਸੰਗਤਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਦਰਸ਼ਨ ਕਰਕੇ ਸਰਬੱਤ ਦੇ ਭਲੇ ਅਤੇ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ, ਆਪਸੀ ਭਾਈਚਾਰੇ ਤੇ ਪ੍ਰੇਮ-ਪਿਆਰ ਬਣੇ ਰਹਿਣ ਲਈ ਅਰਦਾਸ ਕੀਤੀ ਗਈ। ਸੁਸਾਇਟੀ ਦੀਆਂ ਸੰਗਤਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਰਮਦਾਸ ਵਿਖੇ ਕਰਵਾਏ ਗਏ ਸਰਬ ਹਿੰਦ ਸਾਲਾਨਾ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੀਆਂ। ਇਸ ਮੌਕੇ ਸਮਾਗਮ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਸੰਗਤਾਂ ਦੀ ਸ਼ਰਧਾ ਅਤੇ ਭਾਵਨਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਦਰਸ਼ਨ ਕਰਵਾਏ ਗਏ। ਦਰਸ਼ਨਾਂ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਪਾਵਨ ਅਸਥਾਨ ਪ੍ਰਤੀ ਆਪਣੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨਾਲ ਸਬੰਧਤ ਪਵਿੱਤਰ ਗੁਰਧਾਮ ਦੇ ਦਰਸ਼ਨ ਕਰਨਾ ਹਰ ਸਿੱਖ ਦੀ ਦਿਲੀ ਇੱਛਾ ਹੈ। ਇਸ ਪਵਿੱਤਰ ਅਸਥਾਨ ਨਾਲ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸੰਗਤਾਂ ਨੇ ਆਪਣੀ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਸਥਾਈ ਤੌਰ ’ਤੇ ਖੁੱਲ੍ਹਾ ਰੱਖਣ ਲਈ ਦੋਵਾਂ ਦੇਸ਼ਾਂ ਵਿਚਕਾਰ ਆਪਸੀ ਸਹਿਮਤੀ ਬਣਨੀ ਚਾਹੀਦੀ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਗੁਰਧਾਮ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸੰਗਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਖੋਲ੍ਹਣ ਦੇ ਯਤਨਾਂ ਨਾਲ ਜੁੜੇ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਉਸ ਸਮੇਂ ਦੀ ਪਹਿਲ ਅਤੇ ਆਪਸੀ ਸਹਿਯੋਗ ਨੂੰ ਵੀ ਯਾਦ ਕੀਤਾ। ਸੰਗਤਾਂ ਨੇ ਇਹ ਵੀ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਦੀ ਆਵਾਜਾਈ ਵਧਣ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਆਪਸੀ ਸੱਭਿਆਚਾਰ, ਰਹਿਣ-ਸਹਿਣ ਅਤੇ ਰਵਾਇਤਾਂ ਨੂੰ ਸਮਝਣ ਦਾ ਮੌਕਾ ਮਿਲੇਗਾ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਸਮੇਸ਼ ਨਗਰ ਮੋਗਾ ਦੀਆਂ ਸੰਗਤਾਂ ਨੇ ਕਿਹਾ ਕਿ ਸਿੱਖ ਧਰਮ ਸਮੁੱਚੀ ਮਨੁੱਖਤਾ ਨੂੰ ਪਿਆਰ, ਸੇਵਾ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਗੁਰੂ ਸਾਹਿਬ ਦੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਦੇ ਨਾਲ-ਨਾਲ ਦੁਨੀਆ ਭਰ ਵਿਚ ਅਮਨ-ਸ਼ਾਂਤੀ ਅਤੇ ਆਪਸੀ ਸਾਂਝ ਬਣੀ ਰਹਿਣੀ ਵੀ ਬਹੁਤ ਜ਼ਰੂਰੀ ਹੈ। ਸੰਗਤਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਬੰਧ ਸੁਖਾਵੇਂ ਬਣੇ ਰਹਿਣ, ਦੋਵਾਂ ਦੇਸ਼ਾਂ ਦੇ ਲੋਕਾਂ ਵਿਚ ਪ੍ਰੇਮ-ਪਿਆਰ ਵਧੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੌਰੀਡੋਰ ਸਥਾਈ ਤੌਰ ’ਤੇ ਖੁੱਲ੍ਹਣ ਦਾ ਰਾਹ ਪੱਧਰਾ ਹੋਵੇ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਸਮੇਸ਼ ਨਗਰ ਮੋਗਾ ਦੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਜਗਜੀਤ ਸਿੰਘ ਜੱਗਾ, ਪ੍ਰੇਮ ਸਿੰਘ, ਗੁਰਪ੍ਰੀਤਮ ਸਿੰਘ ਚੀਮਾਂ, ਗੁਰਦਰਸ਼ਨ ਸਿੰਘ ਖਾਲਸਾ, ਸੁਖਮਿੰਦਰ ਸਿੰਘ ਸੁਹਾਰਨ, ਅਮਰੀਕ ਸਿੰਘ, ਪਰਮਜੀਤ ਸਿੰਘ, ਮਨਿੰਦਰ ਸਿੰਘ, ਮਹਿੰਦਰ ਸਿੰਘ, ਗੁਰਮੁਖ ਸਿੰਘ, ਗੁਰਨਾਮ ਸਿੰਘ, ਸੰਨੀ, ਗੁਰਜੰਟ ਸਿੰਘ ਸਾਹੋਕੇ, ਲਾਡੀ ਮੋਗਾ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸੰਗਤਾਂ ਅਤੇ ਬੀਬੀਆਂ ਵੀ ਸ਼ਾਮਲ ਸਨ। ਸੰਗਤਾਂ ਨੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ, ਦੋਵਾਂ ਦੇਸ਼ਾਂ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।