ਦਾਣਾ ਮੰਡੀ ’ਚ ਕੂੜੇ ਨੂੰ ਲਾਈ ਅੱਗ ਦੇ ਧੂੰਏਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ,
Publish Date: Wed, 02 Sep 2026 05:48 PM (IST)
Updated Date: Wed, 02 Sep 2026 05:49 PM (IST)
ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਚੱਲ ਰਹੇ ਸਫਾਈ ਕਾਰਜਾਂ ’ਤੇ ਉਠੇ ਸਵਾਲ ਵਕੀਲ ਮਹਿਰੋ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ 10 ਦਿਨਾਂ ਦੀ ਸੂਬਾ ਪੱਧਰੀ ‘ਮਿਸ਼ਨ ਕਲੀਨ ਪੰਜਾਬ’ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਵੱਲੋਂ ਇਸ ਮੁਹਿੰਮ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿਚ ਖੁੱਲ੍ਹੇ ਵਿਚ ਪਏ ਕੂੜੇ ਦੇ ਢੇਰਾਂ ਨੂੰ ਹਟਾਉਣ, ਜਨਤਕ ਥਾਵਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਮੋਗਾ ਸ਼ਹਿਰ ਵਿੱਚ ਵੀ ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਫ਼ਾਈ ਕਰਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ ਗਿਆ ਸੀ। ਪਰ ਇਸ ਸਭ ਦੇ ਉਲਟ ਮੋਗਾ ਦੀ ਦਾਣਾ ਮੰਡੀ ਦੇ ਬਾਹਰ ਅਤੇ ਆਲੇ-ਦੁਆਲੇ ਪਏ ਕੂੜੇ ਦੇ ਢੇਰ ਸਫ਼ਾਈ ਮੁਹਿੰਮ ਦੇ ਦਾਅਵਿਆਂ ਦੀ ਜ਼ਮੀਨੀ ਹਕੀਕਤ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਦਾਣਾ ਮੰਡੀ ਵਰਗੀ ਮਹੱਤਵਪੂਰਨ ਜਨਤਕ ਥਾਂ ਦੇ ਬਾਹਰ ਥਾਂ-ਥਾਂ ਕੂੜਾ ਇਕੱਠਾ ਹੋਇਆ ਪਿਆ ਹੈ। ਹਾਲਾਤ ਇਹ ਹਨ ਕਿ ਕੂੜੇ ਦੇ ਇਨ੍ਹਾਂ ਢੇਰਾਂ ਨੂੰ ਅਕਸਰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਾਰਨ ਦਿਨ ਭਰ ਧੂੰਆਂ ਉੱਠਦਾ ਰਹਿੰਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਕੂੜੇ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲਾ ਧੂੰਆਂ ਆਲੇ-ਦੁਆਲੇ ਦੀਆਂ ਰਿਹਾਇਸ਼ੀ ਬਸਤੀਆਂ ਤੱਕ ਪਹੁੰਚਦਾ ਹੈ। ਸਵੇਰ ਤੋਂ ਸ਼ਾਮ ਤੱਕ ਹਵਾ ਵਿੱਚ ਧੂੰਆਂ ਫੈਲਿਆ ਰਹਿਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅੰਦਰ ਅਤੇ ਬਾਹਰ ਨਿਕਲਣ ਸਮੇਂ ਵੀ ਇਸ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਅਨੁਸਾਰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸਿਹਤ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੂੜੇ ਦੇ ਨਿਪਟਾਰੇ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਫ਼ਾਈ ਮੁਹਿੰਮ ਦੌਰਾਨ ਕੂੜਾ ਚੁੱਕਣ ਦੀ ਬਜਾਏ ਉਸ ਨੂੰ ਅੱਗ ਲਗਾ ਕੇ ਖ਼ਤਮ ਕੀਤਾ ਜਾਵੇਗਾ ਤਾਂ ਇਸ ਨਾਲ ਸਫ਼ਾਈ ਦੀ ਸਮੱਸਿਆ ਹੱਲ ਹੋਣ ਦੀ ਬਜਾਏ ਪ੍ਰਦੂਸ਼ਣ ਦੀ ਸਮੱਸਿਆ ਹੋਰ ਗੰਭੀਰ ਹੋਵੇਗੀ। ਮੋਗਾ ਦੀ ਦਾਣਾ ਮੰਡੀ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਚੋਂ ਇਕ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਕਿਸਾਨ, ਆੜ੍ਹਤੀ, ਮਜ਼ਦੂਰ, ਵਪਾਰੀ ਅਤੇ ਆਮ ਲੋਕ ਆਉਂਦੇ-ਜਾਂਦੇ ਹਨ। ਅਜਿਹੀ ਮਹੱਤਵਪੂਰਨ ਥਾਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਸਫ਼ਾਈ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਕੂੜਾ ਲੰਮੇ ਸਮੇਂ ਤੱਕ ਪਿਆ ਰਹਿਣ ਕਾਰਨ ਬਦਬੂ ਫੈਲਦੀ ਹੈ ਅਤੇ ਕੂੜੇ ਦੇ ਆਲੇ-ਦੁਆਲੇ ਆਵਾਰਾ ਪਸ਼ੂ ਵੀ ਇਕੱਠੇ ਹੋ ਜਾਂਦੇ ਹਨ। ਇਸ ਕਾਰਨ ਰਾਹਗੀਰਾਂ ਨੂੰ ਗੰਦਗੀ ਵਿਚੋਂ ਲੰਘਣਾ ਪੈਂਦਾ ਹੈ। ਕਈ ਵਾਰ ਕੂੜਾ ਸੜਕ ਦੇ ਕਿਨਾਰਿਆਂ ਤੱਕ ਫੈਲ ਜਾਣ ਕਾਰਨ ਆਵਾਜਾਈ ਵਿੱਚ ਵੀ ਮੁਸ਼ਕਲ ਪੈਦਾ ਹੁੰਦੀ ਹੈ। ਮੀਂਹ ਪੈਣ ਦੀ ਸਥਿਤੀ ਵਿਚ ਕੂੜੇ ਦੇ ਨਾਲ ਪਾਣੀ ਮਿਲਣ ਕਾਰਨ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਫ਼ਾਈ ਮੁਹਿੰਮ ਦੀ ਸਫ਼ਲਤਾ ਸਿਰਫ਼ ਉਦਘਾਟਨ ਸਮਾਗਮਾਂ, ਇਸ਼ਤਿਹਾਰਾਂ ਜਾਂ ਸਰਕਾਰੀ ਦਾਅਵਿਆਂ ਨਾਲ ਨਹੀਂ ਹੋ ਸਕਦੀ। ਇਸ ਲਈ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਮੰਡੀਆਂ ਅਤੇ ਹੋਰ ਜਨਤਕ ਥਾਵਾਂ ’ਤੇ ਨਿਰੰਤਰ ਸਫ਼ਾਈ ਵਿਵਸਥਾ ਬਣਾਈ ਰੱਖਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੂੜਾ ਇਕੱਠਾ ਹੁੰਦਾ ਹੈ, ਉੱਥੇ ਤੁਰੰਤ ਕੂੜਾ ਚੁਕਵਾਉਣ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਸ ਥਾਂ ’ਤੇ ਮੁੜ ਕੂੜਾ ਨਾ ਸੁੱਟਿਆ ਜਾਵੇ। ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਸੁੱਟਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਇਲਾਕਾ ਵਾਸੀਆਂ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਾਣਾ ਮੰਡੀ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਇੱਥੇ ਨਿਯਮਤ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਕੂੜਾ ਸਾੜਨ ਵਾਲਿਆਂ ’ਤੇ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਿਤ ਧੂੰਏਂ ਤੋਂ ਰਾਹਤ ਮਿਲ ਸਕੇ। ਲੋਕਾਂ ਦਾ ਕਹਿਣਾ ਹੈ ਕਿ ‘ਮਿਸ਼ਨ ਕਲੀਨ ਪੰਜਾਬ’ ਦੀ ਅਸਲ ਸਫ਼ਲਤਾ ਕਾਗਜ਼ਾਂ, ਇਸ਼ਤਿਹਾਰਾਂ ਜਾਂ ਦਾਅਵਿਆਂ ਵਿਚ ਨਹੀਂ, ਸਗੋਂ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਮੰਡੀਆਂ ਅਤੇ ਜਨਤਕ ਥਾਵਾਂ ’ਤੇ ਸਾਫ਼-ਸੁਥਰਾ ਵਾਤਾਵਰਨ ਦਿਖਾਈ ਦੇਣ ਨਾਲ ਸਾਬਤ ਹੋਵੇਗੀ। ਜੇਕਰ ਦਾਣਾ ਮੰਡੀ ਦੇ ਬਾਹਰ ਇਸੇ ਤਰ੍ਹਾਂ ਕੂੜੇ ਦੇ ਢੇਰ ਲੱਗੇ ਰਹੇ ਅਤੇ ਉਨ੍ਹਾਂ ਨੂੰ ਅੱਗ ਲਗਾ ਕੇ ਧੂੰਆਂ ਫੈਲਦਾ ਰਿਹਾ ਤਾਂ ਸਫ਼ਾਈ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਦੇ ਰਹਿਣਗੇ।