- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨ ਾਲਾ ਵਿਖੇ ਸਫਾ ਈ

ਮਾਮਲੇ ’ਚ ਸ਼ਾਮਲ ਡੀਐੱਸਪੀ ਤੇ ਐੱਸਐੱਚਓ ਨੂੰ ਬਰਖ਼ਾਸਤ ਕਰਨ ਦੀ ਮੰਗ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ: ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ, ਮੁਲਾਜ਼ਮ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਵੱਲੋਂ ਸ਼ਹਿਰ ਵਿਚ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸਫਾਈ ਸੇਵਕਾਂ, ਨਗਰ ਨਿਗਮ ਮੁਲਾਜ਼ਮਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੜਕਾਂ ਤੋਂ ਹੁੰਦਾ ਹੋਇਆ ਵੱਖ-ਵੱਖ ਥਾਵਾਂ 'ਤੇ ਪਹੁੰਚਿਆ, ਜਿੱਥੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਦਾ ਸੰਵਿਧਾਨਕ ਅਧਿਕਾਰ ਹੈ ਪਰ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਰੋਸ਼ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ, ਉਸ ਨੇ ਪੂਰੇ ਪੰਜਾਬ ਦੇ ਮੁਲਾਜ਼ਮ ਵਰਗ ਅਤੇ ਸਮਾਜਿਕ ਜਥੇਬੰਦੀਆਂ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਬਰਨਾਲਾ ਦੇ ਡੀਐੱਸਪੀ ਅਤੇ ਐੱਸਐੱਚਓ ਨੇ ਪੁਲਿਸ ਫੋਰਸ ਨਾਲ ਮਿਲ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਉੱਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਬਜ਼ੁਰਗਾਂ, ਨੌਜਵਾਨਾਂ, ਮਹਿਲਾਵਾਂ ਅਤੇ ਕਈ ਸਫਾਈ ਕਾਮਿਆਂ ਨੂੰ ਗੰਭੀਰ ਸੱਟਾਂ ਲੱਗੀਆਂ। ਆਗੂਆਂ ਦਾ ਕਹਿਣਾ ਸੀ ਕਿ ਮਾਵਾਂ-ਭੈਣਾਂ ਨਾਲ ਵੀ ਕੋਈ ਰਹਿਮ ਨਹੀਂ ਕੀਤਾ ਗਿਆ ਅਤੇ ਬੇਕਸੂਰ ਲੋਕਾਂ ਦਾ ਖੂਨ ਵਹਾਇਆ ਗਿਆ, ਜਿਸ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਸਫਾਈ ਕਾਮਿਆਂ 'ਤੇ ਹਮਲਾ ਨਹੀਂ, ਸਗੋਂ ਲੋਕਤੰਤਰਕ ਹੱਕਾਂ ਅਤੇ ਸੰਵਿਧਾਨਕ ਅਜ਼ਾਦੀ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਇਸ ਘਟਨਾ ਦਾ ਡਟ ਕੇ ਵਿਰੋਧ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਕਿਸੇ ਵੀ ਸੰਘਰਸ਼ਸ਼ੀਲ ਜਥੇਬੰਦੀ ਨਾਲ ਅਜਿਹਾ ਵਿਵਹਾਰ ਕੀਤਾ ਜਾ ਸਕਦਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਰਨਾਲਾ ਦੇ ਡੀਐੱਸਪੀ ਅਤੇ ਐੱਸਐੱਚਓ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਅਤੇ ਇਰਾਦਾ-ਏ-ਕਤਲ ਸਮੇਤ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਨੂੰ ਪੂਰਾ ਸਮਰਥਨ ਦੇ ਕੇ ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਮਜ਼ਬੂਤ ਕਰਨ।