ਭਾਜਪਾ ਦੀ ਰੈਲੀ ਨੂੰ ਲੈ ਕੇ ਸੰਧੂ ਵੱਲੋਂ ਸੁਨੀਲ ਜਾਖੜ ਨਾਲ ਮੁਲਾਕਾਤ
ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰੀ
Publish Date: Mon, 02 Mar 2026 03:50 PM (IST)
Updated Date: Tue, 03 Mar 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਮਾਰਚ ਨੂੰ ਮੋਗਾ ਵਿਚ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਵੱਲੋਂ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਪ੍ਰਾਂਤੀ ਮਹਾਂਮੰਤਰੀ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਸੰਯੋਜਕ ਮੁਖਤਿਆਰ ਸਿੰਘ ਸੰਧੂ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਰੈਲੀ ਦੇ ਪ੍ਰਬੰਧਾਂ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਸੁਨੀਲ ਕੁਮਾਰ ਜਾਖੜ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦਾ ਜਨ ਅਧਾਰ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿਚ ਬੈਠਕਾਂ ਕਰਕੇ ਕਾਰਕੁਨਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਅਤੇ ਪਿੰਡ ਪੱਧਰ ਤੱਕ ਸੰਪਰਕ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਮੋਗਾ ਦੀ ਰੈਲੀ ਸਿਰਫ਼ ਇਕ ਰਾਜਨੀਤਿਕ ਇਕੱਠ ਨਹੀਂ ਸਗੋਂ ਸੂਬੇ ਦੇ ਭਵਿੱਖ ਨਾਲ ਜੁੜਿਆ ਮਹੱਤਵਪੂਰਨ ਸਮਾਗਮ ਹੈ। ਇਸ ਰੈਲੀ ਰਾਹੀਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕਹਿਤ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ ਅਤੇ ਲੋਕਾਂ ਵਿਚ ਉਨ੍ਹਾਂ ਦੀਆਂ ਨੀਤੀਆਂ ਪ੍ਰਤੀ ਭਰੋਸਾ ਵਧਿਆ ਹੈ। ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਸੂਬੇ ਵਿਚ ਮੌਜੂਦਾ ਹਾਲਾਤਾਂ ਕਾਰਨ ਲੋਕ ਬਦਲਾਵ ਦੀ ਇੱਛਾ ਰੱਖਦੇ ਹਨ ਅਤੇ 14 ਮਾਰਚ ਦੀ ਰੈਲੀ ਇਸ ਬਦਲਦੇ ਮਾਹੌਲ ਦਾ ਸਪਸ਼ਟ ਸੰਕੇਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿਚ ਨੌਜਵਾਨ, ਕਿਸਾਨ ਅਤੇ ਮਹਿਲਾਵਾਂ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ ਜਿਸ ਨਾਲ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਅਖੀਰ ਵਿਚ ਕਿਹਾ ਕਿ ਮੋਗਾ ਦੀ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਇਸ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ। ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ।