- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ

ਮਨਪ੍ਰੀਤ ਸਿੰਘ ਮੱਲੇਆਣਾਂ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਭਾਰਤੀ ਹਵਾਈ ਸੈਨਾ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਭਾਰਤੀ ਹਵਾਈ ਸੈਨਾ ਦੇ ਇਤਿਹਾਸ, ਬਹਾਦਰੀ, ਉਪਲਬਧੀਆਂ ਅਤੇ ਦੇਸ਼ ਦੀ ਸੁਰੱਖਿਆ ਵਿਚ ਇਸ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵੱਲੋਂ ਭਾਰਤੀ ਹਵਾਈ ਸੈਨਾ ਨਾਲ ਸਬੰਧਤ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਜਾਣਕਾਰੀ ਭਰਪੂਰ ਲੇਖ ਪੇਸ਼ ਕਰਦਿਆਂ ਹਵਾਈ ਸੈਨਾ ਦੇ ਗਠਨ, ਇਤਿਹਾਸ, ਜੰਗਾਂ ਦੌਰਾਨ ਇਸ ਦੀ ਭੂਮਿਕਾ ਅਤੇ ਆਧੁਨਿਕ ਤਕਨਾਲੌਜੀ ਨਾਲ ਲੈਸ ਹਵਾਈ ਰੱਖਿਆ ਪ੍ਰਣਾਲੀ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਦਿਆਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਨੇ ਦੇਸ਼ ਦੀ ਸੁਰੱਖਿਆ ਲਈ ਕਈ ਮਹੱਤਵਪੂਰਨ ਮੌਕਿਆਂ ’ਤੇ ਆਪਣੀ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਮਈ 2025 ਵਿਚ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਪਾਕਿਸਤਾਨ ਵੱਲੋਂ ਭਾਰਤ ਦੇ ਸਰਹੱਦੀ ਅਤੇ ਸੈਨਿਕ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਲਈ ਡਰੋਨਾਂ ਅਤੇ ਮਿਜ਼ਾਈਲਾਂ ਦੀ ਵਰਤੋਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਰਤੀ ਰੱਖਿਆ ਪ੍ਰਣਾਲੀ ਨੇ ਸਰਹੱਦ ਪਾਰੋਂ ਆਉਣ ਵਾਲੇ ਕਈ ਡਰੋਨਾਂ ਅਤੇ ਹੋਰ ਹਵਾਈ ਖਤਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਮ ਬਣਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਦੇਸ਼ ਦੀਆਂ ਧੀਆਂ ਵੀ ਭਾਰਤੀ ਹਵਾਈ ਸੈਨਾ ਵਿਚ ਸ਼ਾਮਲ ਹੋ ਕੇ ਰਾਸ਼ਟਰ ਦੀ ਸੇਵਾ ਕਰ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ, ਮਿਹਨਤ ਅਤੇ ਅਨੁਸ਼ਾਸਨ ਨੂੰ ਜੀਵਨ ਦਾ ਹਿੱਸਾ ਬਣਾਉਣ ਅਤੇ ਭਵਿੱਖ ਵਿਚ ਭਾਰਤੀ ਹਵਾਈ ਸੈਨਾ ਸਮੇਤ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।