ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸੰਘਰਸ਼ ਦਾ ਕੀਤਾ ਐਲਾਨ ਸਪੈਸ਼ਲ ਕਾਡਰ ਅਧਿਆਪਕ
Publish Date: Fri, 06 Nov 2026 05:12 PM (IST)
Updated Date: Fri, 06 Nov 2026 05:14 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵੱਲੋਂ ਪੰਜਾਬ ਸਰਕਾਰ ਦੀਆਂ ਵਾਅਦਾਖ਼ਿਲਾਫ਼ੀ ਵਾਲੀਆਂ ਨੀਤੀਆਂ ਅਤੇ ਲਗਾਤਾਰ ਲਾਰੇ-ਲੱਪੇ ਤੋਂ ਤੰਗ ਆ ਕੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਡਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਵੱਖ-ਵੱਖ ਐਕਸ਼ਨ ਉਲੀਕੇ ਗਏ ਹਨ। ਫਰੰਟ ਵੱਲੋਂ ਉਲੀਕੇ ਗਏ ਸੰਘਰਸ਼ੀ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 5 ਨਵੰਬਰ 2026 ਤੋਂ ਸੂਬੇ ਦੇ 12,710 ਸਪੈਸ਼ਲ ਕਾਡਰ ਅਧਿਆਪਕਾਂ ਵੱਲੋਂ ਬੱਚਿਆਂ ਦੀ ਪੜ੍ਹਾਈ ਦੇ ਕੰਮ ਨੂੰ ਜਾਰੀ ਰੱਖਦਿਆਂ ਸਾਰੇ ਆਨਲਾਈਨ ਕੰਮਾਂ ਅਤੇ ਸਰਕਾਰੀ ਪ੍ਰੋਜੈਕਟਾਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਇਹ ਬਾਈਕਾਟ ਮੰਗਾਂ ਦੀ ਪੂਰਤੀ ਹੋਣ ਤੱਕ ਲਗਾਤਾਰ ਜਾਰੀ ਰਹੇਗਾ। ਇਸ ਸਬੰਧੀ ਡੀਪੀਆਈ ਐਲੀਮੈਂਟਰੀ ਸਿੱਖਿਆ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਦਫ਼ਤਰਾਂ ਨੂੰ ਵੀ ਸੂਚਿਤ ਕੀਤਾ ਜਾਵੇਗਾ। ਇਸੇ ਤਰ੍ਹਾਂ 6 ਨਵੰਬਰ ਨੂੰ ਦੁਪਹਿਰ 2 ਵਜੇ ਸੂਬੇ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ 10 ਨਵੰਬਰ ਨੂੰ 12,710 ਸਪੈਸ਼ਲ ਕਾਡਰ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਵਿਖੇ ਇਕੱਠੇ ਹੋਣਗੇ, ਜਿੱਥੇ ਵਿਸ਼ਾਲ ਰੋਸ ਰੈਲੀ ਕਰਨ ਦੇ ਨਾਲ-ਨਾਲ ਸੰਘਰਸ਼ ਦੇ ਅਗਲੇ ਪੜਾਅ ਤਹਿਤ ਗੁਪਤ ਐਕਸ਼ਨ ਵੀ ਕੀਤੇ ਜਾਣਗੇ। ਆਗੂਆਂ ਨੇ ਪੰਜਾਬ ਸਰਕਾਰ ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਕ ਕਾਨਫਰੰਸ ਦੌਰਾਨ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤੇ (ਡੀ.ਏ.) ਦਾ ਵਾਧਾ ਦੇ ਕੇ ਦੀਵਾਲੀ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ, ਪਰ ਸਪੈਸ਼ਲ ਕਾਡਰ ਅਧਿਆਪਕਾਂ ਨੂੰ ਇਕ ਵਾਰ ਫਿਰ ਇਸ ਤੋਹਫ਼ੇ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰ ਨੂੰ ਹਰ ਪੱਧਰ ਤੇ ਘੇਰਿਆ ਜਾਵੇਗਾ। ਇਸੇ ਸੰਘਰਸ਼ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮਨਪ੍ਰੀਤ ਸਿੰਘ, ਵੀਰਪਾਲ ਸਿੰਘ, ਮਨਿੰਦਰ ਸਿੰਘ, ਹਰਪਿੰਦਰ ਸਿੰਘ, ਕੁਲਵਿੰਦਰ ਸਿੰਘ, ਪਵਨਦੀਪ ਸਿੰਘ, ਪਵਨ ਕੁਮਾਰ ਧਰਮਕੋਟ, ਸੁਖਵਿੰਦਰ ਕੌਰ ਬੁੱਕਣ ਵਾਲਾ, ਦਿਲਜੀਤ ਕੌਰ ਧਰਮਕੋਟ ਸਮੇਤ ਹੋਰ ਅਧਿਆਪਕ ਆਗੂ ਅਤੇ ਮੈਂਬਰ ਹਾਜ਼ਰ ਸਨ।