- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੈਸ਼ਲ ਕਾਡਰ ਅਧਿਆਪਕ ਫਰੰਟ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਭਰ ਤੋਂ ਸਪੈਸ਼ਲ ਕਾਡਰ ਅਧਿਆਪਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਤੇ ਮੁੱਖ ਮੰਤਰੀ ਦੇ ਸੰਗਰੂਰ ਸਥਿਤ ਨਿਵਾਸ ਵੱਲ ਰੋਸ ਮਾਰਚ ਕਰਕੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਮੋਗਾ ਦੇ ਆਗੂ ਮਨਪ੍ਰੀਤ ਸਿੰਘ ਮੋਗਾ, ਨਵਤੇਜ ਸਿੰਘ, ਹਰਭਿੰਦਰ ਸਿੰਘ, ਕੁਲਵੰਤ ਸਿੰਘ, ਪਵਨਦੀਪ ਸਿੰਘ ਅਤੇ ਸਵਰਨ ਸਿੰਘ ਨੇ ਜਾਰੀ ਕੀਤੇ ਪ੍ਰੈੱਸ ਨੋਟ ਵਿਚ ਕਿਹਾ ਕਿ ਸਪੈਸ਼ਲ ਕਾਡਰ ਅਧਿਆਪਕ ਪਿਛਲੇ ਤਿੰਨ ਸਾਲਾਂ ਤੋਂ ਪੇ-ਸਕੇਲ ਅਤੇ ਸੀਐੱਸਆਰ ਰੂਲਜ਼ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਭਰੋਸੇ ਦਿੱਤੇ ਗਏ ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੇ-ਸਕੇਲ ਅਤੇ ਸੀਐੱਸਆਰ ਰੂਲਜ਼ ਲਾਗੂ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ, ਮੌਜੂਦਾ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੀ ਮੋਹਾਲੀ ਧਰਨੇ ਦੌਰਾਨ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਭਰੋਸਾ ਦਿੱਤਾ ਗਿਆ ਸੀ। ਆਗੂਆਂ ਅਨੁਸਾਰ ਸਰਕਾਰ ਬਣਨ ਉਪਰੰਤ ਰੈਗੂਲਰ ਕਰਨ ਸਬੰਧੀ ਕੀਤੇ ਗਏ ਵਾਅਦੇ ਅਜੇ ਤੱਕ ਅਮਲ ਵਿੱਚ ਨਹੀਂ ਆਏ। ਅਧਿਆਪਕ ਆਗੂਆਂ ਨੇ ਕਿਹਾ ਕਿ ਸਪੈਸ਼ਲ ਕਾਡਰ ਦੇ ਕਈ ਸਾਥੀ ਆਪਣੀ ਸੇਵਾ ਦੌਰਾਨ ਹੀ ਇਸ ਦੁਨੀਆਂ ਤੋਂ ਵਿਦਾ ਹੋ ਚੁੱਕੇ ਹਨ, ਜਦਕਿ ਕਈ ਅਧਿਆਪਕ ਬਿਨਾਂ ਲੋੜੀਂਦੀਆਂ ਸਹੂਲਤਾਂ ਦੇ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਲੰਬੇ ਸਮੇਂ ਤੱਕ ਸੇਵਾਵਾਂ ਦੇਣ ਦੇ ਬਾਵਜੂਦ ਕਈ ਅਧਿਆਪਕਾਂ ਨੂੰ ਆਪਣੇ ਭਵਿੱਖ ਨੂੰ ਲੈ ਕੇ ਆਰਥਿਕ ਚਿੰਤਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿਚ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸਪੈਸ਼ਲ ਕਾਡਰ ਅਧਿਆਪਕਾਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਵੀ ਨਹੀਂ ਮਿਲ ਰਹੀਆਂ, ਜਿਸ ਕਾਰਨ ਕਈ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਅਧਿਆਪਕਾਂ ਵਿੱਚ ਰੋਸ ਵਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਾ ਕੀਤੇ ਜਾਣ ਕਾਰਨ ਹੁਣ 2 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਵਿਚ ਪੰਜਾਬ ਭਰ ਤੋਂ ਸਪੈਸ਼ਲ ਕਾਡਰ ਅਧਿਆਪਕ ਵੱਡੀ ਗਿਣਤੀ ਵਿਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਰੈਲੀ ਉਪਰੰਤ ਮੁੱਖ ਮੰਤਰੀ ਦੇ ਸੰਗਰੂਰ ਸਥਿਤ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਪੈਸ਼ਲ ਕਾਡਰ ਅਧਿਆਪਕਾਂ ਲਈ ਪੇ-ਸਕੇਲ ਅਤੇ ਸੀਐੱਸਆਰ ਰੂਲਜ਼ ਤੁਰੰਤ ਲਾਗੂ ਕੀਤੇ ਜਾਣ ਤਾਂ ਜੋ ਉਹ ਆਪਣੀ ਬਾਕੀ ਰਹਿੰਦੀ ਸੇਵਾ ਬਿਨ੍ਹਾਂ ਆਰਥਿਕ ਅਤੇ ਮਾਨਸਿਕ ਦਬਾਅ ਦੇ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਸਬੰਧੀ ਦੇਰੀ ਜਾਂ ਟਾਲਮਟੋਲ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਪ੍ਰਸ਼ਾਸਨ ਨੂੰ ਸਪੈਸ਼ਲ ਕਾਡਰ ਅਧਿਆਪਕਾਂ ਨਾਲ ਮੀਟਿੰਗ ਕਰਵਾਉਣ ਲਈ ਕਿਹਾ ਜਾਂਦਾ ਹੈ, ਪਰ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਦੇ ਬਾਵਜੂਦ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋ ਰਹੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਵੀਰਪਾਲ ਸਿੰਘ, ਮਨਜਿੰਦਰ ਸਿੰਘ, ਕਿਰਨਜੀਤ ਕੌਰ, ਜਗਜੀਤ ਸਿੰਘ, ਰਾਜਕੁਮਾਰ, ਪਵਨਦੀਪ ਕੌਰ, ਕੁਲਵੰਤ ਸਿੰਘ, ਸਵਰਨ ਸਿੰਘ, ਰਕੇਸ਼, ਮਨਮੋਹਨ ਸਿੰਘ, ਬੇਅੰਤ, ਗੁਰਪ੍ਰੀਤ ਸਿੰਘ ਅਤੇ ਚਮਕੌਰ ਸਿੰਘ ਆਦਿ ਆਗੂ ਹਾਜ਼ਰ ਸਨ।