- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੱਛ ਅਭਿਆਨ ਪੰਜਾਬ’ ਤਹਿਤ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਗਏ। ਡੀਸੀ ਮੋਗਾ ਸਾਗਰ ਸੇਤੀਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੂੜਾ ਚੁਕਾਈ, ਸਫ਼ਾਈ ਅਤੇ ਲੋੜ ਅਨੁਸਾਰ ਫਾਗਿੰਗ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਲੋਕਾਂ ਨੂੰ ਸਿਹਤਮੰਦ ਵਾਤਾਵਰਣ ਅਤੇ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਇਲਾਕਿਆਂ ਵਿਚ ਸਫ਼ਾਈ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਵੱਡੇ ਕੂੜਾ ਡੰਪਾਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ ’ਤੇ ਇਕੱਠੇ ਹੋਏ ਕੂੜੇ ਨੂੰ ਹਟਾ ਕੇ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ, ਸਰਕਾਰੀ ਦਫ਼ਤਰਾਂ ਦੇ ਆਲੇ-ਦੁਆਲੇ ਅਤੇ ਹੋਰ ਜਨਤਕ ਸਥਾਨਾਂ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸਫ਼ਾਈ ਸਬੰਧੀ ਲੋੜ ਮਹਿਸੂਸ ਹੁੰਦੀ ਹੈ, ਉੱਥੇ ਤੁਰੰਤ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਲੋੜ ਅਨੁਸਾਰ ਫਾਗਿੰਗ ਸਪਰੇਅ ਕਰਵਾਉਣ ਦੇ ਕਾਰਜ ਵੀ ਕੀਤੇ ਜਾ ਰਹੇ ਹਨ, ਤਾਂ ਜੋ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ। ਡੀਸੀ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਖੁੱਲ੍ਹੇ ਵਿਚ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ। ਉਨ੍ਹਾਂ ਕਿਹਾ ਕਿ ਕੂੜਾ ਸਿਰਫ਼ ਨਿਰਧਾਰਤ ਥਾਵਾਂ ’ਤੇ ਹੀ ਪਾਇਆ ਜਾਵੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ਼ ਮੋਗਾ ਸਿਹਤਮੰਦ ਮੋਗਾ’ ਦਾ ਟੀਚਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਸਰਕਾਰਾਂ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਮੁਹਿੰਮ ਦੇ ਨੋਡਲ ਅਫ਼ਸਰ ਹਰਸ਼ਿਤਾ ਸ਼ਰਮਾ ਨੇ ਦੱਸਿਆ ਕਿ ‘ਸਵੱਛ ਅਭਿਆਨ ਪੰਜਾਬ’ ਤਹਿਤ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਸਫ਼ਾਈ ਕਾਰਜ ਕਰਵਾਏ ਜਾਣਗੇ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।